ਪੰਥਕ ਮੁਹਾਜ਼: ਸਿੰਘ ਸਾਹਿਬਾਨ ਦੇ ਤਿੱਖੇ ਸਵਾਲਾਂ ਅੱਗੇ ‘ਆਪ’ ਵਿਧਾਇਕਾਂ ਦੀ ਬੌਧਿਕ ਸੂਝ ਫ਼ੇਲ੍ਹ

ਪੰਥਕ ਮੁਹਾਜ਼: ਸਿੰਘ ਸਾਹਿਬਾਨ ਦੇ ਤਿੱਖੇ ਸਵਾਲਾਂ ਅੱਗੇ ‘ਆਪ’ ਵਿਧਾਇਕਾਂ ਦੀ ਬੌਧਿਕ ਸੂਝ ਫ਼ੇਲ੍ਹ

ਚੰਡੀਗਡ਼੍ਹ : ਅਕਾਲ ਤਖ਼ਤ ਸਕੱਤਰੇਤ ’ਤੇ ਅੱਜ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ ‘ਆਪ’ ਵਿਧਾਇਕ ਅਤੇ ਵਜ਼ੀਰ ਬੌਧਿਕ ਸੂਝ ਦੀ ਪ੍ਰੀਖਿਆ ’ਚ ਫ਼ੇਲ੍ਹ ਹੋ ਗਏ। ਸਿਆਸੀ ਤੌਰ ਉੱਤੇ ‘ਆਪ’ ਵਿਧਾਇਕ ਤੇ ਵਜ਼ੀਰ ਅਕਾਲ ਤਖ਼ਤ ਅੱਗੇ ਨਤਮਸਤਕ ਹੋ ਕੇ ਸਰਕਾਰ ਖ਼ਿਲਾਫ਼ ਬਣ ਰਹੇ ਜਨਤਕ ਬਿਰਤਾਂਤ ਨੂੰ ਮੋੜਾ ਦੇਣ ’ਚ ਜ਼ਰੂਰ ਸਫ਼ਲ ਹੋਏ ਹਨ ਪ੍ਰੰਤੂ ਇਕੱਤਰਤਾ ’ਚ ਬੌਧਿਕ ਮੁਹਾਜ਼ ’ਤੇ ਖ਼ਤਾ ਖਾ ਗਏ। ਵਿਰੋਧੀ ਧਿਰ ਦੇ ਆਗੂਆਂ ਨੇ ਪੰਜਾਬ ਵਿਧਾਨ ਸਭਾ ’ਚ ਬੋਲੇ ਜਾਣ ਦਾ ਸਮਾਂ ਨਾ ਦਿੱਤੇ ਜਾਣ ਦੀ ਗੱਲ ਅੱਜ ਧਾਰਮਿਕ ਮੰਚ ਤੋਂ ਆਖੀ।

ਪੰਜਾਬ ਵਿਧਾਨ ਸਭਾ ’ਚ ਕਿਵੇਂ ਬਿਨਾਂ ਬਹਿਸ ਤੋਂ ਜਲਦਬਾਜ਼ੀ ’ਚ ਕਾਨੂੰਨ ਪਾਸ ਹੁੰਦੇ ਹਨ, ਇਸ ਦਾ ਝਲਕਾਰਾ ਅੱਜ ਸਿੰਘ ਸਾਹਿਬਾਨਾਂ ਦੇ ਅੱਗੇ ਬੈਠੇ ਵਿਧਾਇਕਾਂ ਦੇ ਜਵਾਬਾਂ ਤੋਂ ਦੇਖਣ ਨੂੰ ਮਿਲਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੱਖ ਰੱਖਿਆ ਕਿ ਉਨ੍ਹਾਂ ਵੱਲੋਂ 13 ਅਪਰੈਲ ਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ ਪੇਸ਼ ਹੋਣ ਸਮੇਂ ਇਹ ਮਸ਼ਵਰਾ ਦਿੱਤਾ ਗਿਆ ਸੀ ਕਿ ਬਹਿਸ ਨੂੰ ਇੱਕ ਦਿਨ ਹੋਰ ਵਧਾ ਲਿਆ ਜਾਵੇ ਅਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਸੰਸਥਾਵਾਂ ਨਾਲ ਜ਼ਰੂਰ ਵਿਚਾਰ-ਵਟਾਂਦਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੇਅਦਬੀ ਖ਼ਿਲਾਫ਼ ਕਾਨੂੰਨ ਦਾ ਮਸੌਦਾ ਪਹਿਲਾਂ ਨਹੀਂ ਦਿੱਤਾ ਗਿਆ।

12 ਅਪਰੈਲ ਦੀ ਅੱਧੀ ਰਾਤ ਨੂੰ ਮਸੌਦਾ ਜਨਤਕ ਕੀਤਾ ਗਿਆ: ਕਾਂਗਰਸੀ ਵਿਧਾਇਕ

ਵਿਧਾਇਕ ਪਰਗਟ ਸਿੰਘ ਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ 12 ਅਪਰੈਲ ਦੀ ਅੱਧੀ ਰਾਤ ਨੂੰ ਮਸੌਦਾ ਜਨਤਕ ਕੀਤਾ ਗਿਆ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਜਗਰੂਪ ਸਿੰਘ ਗਿੱਲ ਨੇ ਜਥੇਦਾਰ ਵੱਲੋਂ ਪੁੱਛੇ ਸਵਾਲ ਦੇ ਜੁਆਬ ’ਚ ਕਿਹਾ ਕਿ ਉਨ੍ਹਾਂ ਨੇ ਤਾਂ ਬਿੱਲ ਪੜ੍ਹਿਆ ਹੀ ਨਹੀਂ, ਪ੍ਰਵਾਨਗੀ ਦੇ ਦਿੱਤੀ ਸੀ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਹ ਸਵਾਲ ਕਈ ਵਿਧਾਇਕਾਂ ਨੂੰ ਕੀਤਾ ਕਿ ਕੀ ਸੋਧ ਕਾਨੂੰਨ ’ਚ ‘ਕਸਟੋਡੀਅਨ’ ਸ਼ਬਦ ਹੈ, ਸਭ ਵਿਧਾਇਕ ਲਾਜਵਾਬ ਹੋ ਗਏ। ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਵੀ ਕਬੂਲ ਕੀਤਾ ਕਿ ਉਨ੍ਹਾਂ ਨੇ ਕਾਨੂੰਨ ਪੜ੍ਹਿਆ ਹੀ ਨਹੀਂ।

‘ਕਸਟੋਡੀਅਨ’ ਸ਼ਬਦ ਦਾ ਵਿਖਿਆਨ ਵੀ ਕਈ ਵਿਧਾਇਕ ਮੌਕੇ ’ਤੇ ਨਾ ਕਰ ਸਕੇ ਜਿਸ ਕਰਕੇ ਇੱਕ ‘ਆਪ’ ਵਿਧਾਇਕ ’ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਤਨਜ਼ ਵੀ ਕੀਤਾ। ਦੇਖਿਆ ਜਾਵੇ ਤਾਂ ਵਿਧਾਨਕਾਰ ਦਾ ਮੁੱਢਲਾ ਕੰਮ ਕਾਨੂੰਨ ਬਣਾਉਣਾ ਹੁੰਦਾ ਹੈ ਤੇ ਵਿਧਾਇਕ ਹੀ ਅਸਲੀ ਕਾਰਗੁਜ਼ਾਰੀ ਵਿਧਾਨ ਸਭਾ ਵਿਚਲੇ ਕੰਮ ਤੋਂ ਹੀ ਮਾਪੀ ਜਾਂਦੀ ਹੈ। ਇੰਨੇ ਸੰਵੇਦਨ ਅਤੇ ਗੰਭੀਰ ਕਾਨੂੰਨ ਨੂੰ ਬਣਾਏ ਜਾਣ ਤੋਂ ਬਾਵਜੂਦ ‘ਆਪ’ ਵਿਧਾਇਕ ਇਸ ਦੀਆਂ ਮੱਦਾਂ ਤੋਂ ਅਨਜਾਣ ਸਨ।

ਸਿੱਧਾ ਪ੍ਰਸਾਰਨ ਅਚਾਨਕ ਗ਼ਾਇਬ..

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੇ ਲਾਈਵ ਪ੍ਰਸਾਰਨ ’ਚ ਪਏ ਵਿਘਨ ਸਬੰਧੀ ਵੀ ਸਰਕਾਰ ’ਤੇ ਉਂਗਲ ਉੱਠੀ। ਅੱਜ ਸਮੁੱਚੀ ਕਾਰਵਾਈ ਦਾ ਚੈਨਲਾਂ ’ਤੇ ਲਾਈਵ ਪ੍ਰਸਾਰਨ ਚੱਲ ਰਿਹਾ ਸੀ। ਜਦੋਂ ‘ਆਪ’ ਵਿਧਾਇਕ ਕਈ ਸਵਾਲਾਂ ’ਤੇ ਘਿਰਨ ਲੱਗੇ ਤਾਂ ਅਚਾਨਕ ਹੀ ਚੈਨਲਾਂ ਤੋਂ ਲਾਈਵ ਪ੍ਰਸਾਰਨ ਗ਼ਾਇਬ ਹੋ ਗਿਆ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਸ ’ਤੇ ਇਤਰਾਜ਼ ਵੀ ਕੀਤਾ। ਇਸ ਤੋਂ ਪਹਿਲਾਂ ‘ਆਪ’ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਮੁੱਦਾ ਸੰਵੇਦਨਸ਼ੀਲ ਹੈ, ਜਿਸ ਦਾ ਲਾਈਵ ਪ੍ਰਸਾਰਨ ਨਾ ਕੀਤਾ ਜਾਵੇ।

Share: