ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਬੁਲਾਰੇ ਅਹਿਬਾਬ ਗਰੇਵਾਲ ਨੇ ਕਾਂਗਰਸ ਸਰਕਾਰ ‘ਤੇ ਸੂਬੇ ਵਿੱਚ ਸ਼ਰਾਬ ਮਾਫ਼ੀਆ ਵਿਰੁੱਧ ਦਰਜ ਕੀਤੇ ਗਏ ਮਾਮਲਿਆਂ ਵਿੱਚ ਜਾਣਬੁੱਝ ਕੇ ਕੋਈ ਵੱਡੀ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਵੀਰਵਾਰ ਨੂੰ ਇਥੇ ਪਾਰਟੀ ਹੈੱਡਕੁਆਰਟਰ ‘ਚ ਕੀਤੀ ਗਈ ਪ੍ਰੈੱਸ ਕਾਨਫਰੰਸ ‘ਚ ਗਰੇਵਾਲ ਨੇ ਦੋਸ਼ ਲਗਾਇਆ ਕਿ ਚੰਨੀ ਸਰਕਾਰ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਖ਼ਿਲਾਫ਼ ਦਰਜ ਕੀਤੇ ਗਏ ਨਾਜਾਇਜ਼ ਸ਼ਰਾਬ ਦੇ ਕੇਸ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਕੀ ਦੇ ਸਾਲੇ ਹਰਜਿੰਦਰ ਸਿੰਘ ਸੰਘਾ ਦੇ ਸ਼ਰਾਬ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਹੋਣ ਦੇ ਪੁਖ਼ਤਾ ਸਬੂਤ ਹੋਣ ਦੇ ਬਾਵਜੂਦ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਹਰਜਿੰਦਰ ਸਿੰਘ ਸੰਘਾ ਦੇ ਡਰਾਈਵਰ ਨੇ ਪਿਛਲੇ ਸਾਲ 22 ਫਰਵਰੀ 2021 ਨੂੰ ਜਾਂਚ ਏਜੰਸੀ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਨੂੰ ਦਿੱਤੇ ਹਲਫ਼ਨਾਮੇ ਵਿੱਚ ਸਪੱਸ਼ਟ ਕਿਹਾ ਹੈ ਕਿ ਉਹ (ਡਰਾਈਵਰ) ਹਰਜਿੰਦਰ ਸਿੰਘ ਸੰਘਾ ਦੀ ਕਿਹੜੀ ਗੱਡੀ ਵਿੱਚ ਸ਼ਰਾਬ ਲੈ ਕੇ ਜਾਂਦਾ ਅਤੇ ਉਸਤੋਂ ਬਾਅਦ ਇਹ ਸ਼ਰਾਬ ਕਿਥੇ ਕਿਥੇ ਸਪਲਾਈ ਕਰਦਾ ਸੀ।
ਹਲਫ਼ਨਾਮੇ ਵਿੱਚ ਸ਼ਰਾਬ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨਾਲ ਸਬੰਧਤ ਬੈਂਕ ਵੇਰਵਿਆਂ ਦੀ ਵੀ ਪੂਰੀ ਜਾਣਕਾਰੀ ਦਿੱਤੀ ਗਈ ਹੈ। ਗਰੇਵਾਲ ਨੇ ਕਿਹਾ ਕਿ ਇੰਨੇ ਠੋਸ ਸਬੂਤ ਹੋਣ ਦੇ ਬਾਵਜੂਦ ਚੰਨੀ ਸਰਕਾਰ ਆਪਣੇ ਵਿਧਾਇਕ ਖ਼ਿਲਾਫ਼ ਜਾਣ ਬੁੱਝ ਕੇ ਕੋਈ ਕਾਰਵਾਈ ਨਹੀਂ ਕਰ ਰਹੀ। ਗਰੇਵਾਲ ਨੇ ਕਿਹਾ ਕਿ ਚੰਨੀ ਸਰਕਾਰ ਸ਼ਰਾਬ ਮਾਫ਼ੀਆ ‘ਤੇ ਪੂਰੀ ਤਰ੍ਹਾਂ ਨਾਲ ਮਿਹਰਬਾਨ ਹੈ। ਉਨ੍ਹਾਂ ਕਾਂਗਰਸ ਸਰਕਾਰ ’ਤੇ ਇਸ ਕਾਲੇ ਕਾਰੋਬਾਰ ’ਚ ਸ਼ਾਮਲ ਅਫ਼ਸਰਾਂ ਨੂੰ ਸ਼ਰਾਬ ਮਾਫ਼ੀਆ ਨੂੰ ਸ਼ਹਿ ਦੇਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਸ਼ਰਾਬ ਮਾਫ਼ੀਆ ’ਚ ਸ਼ਾਮਲ ਅਫਸਰਾਂ ’ਤੇ ਕਾਰਵਾਈ ਕਰਨ ਦੀ ਬਜਾਏ, ਉਨ੍ਹਾਂ ਨੂੰ ਉੱਚ ਅਹੁਦੇ ਦੇ ਕੇ ਸਨਮਾਨਿਤ ਕਰ ਰਹੀ ਹੈ।