ਬਹਿਬਲ ਕਲਾਂ ਮਾਮਲਾ: ਵਿਜੈ ਸਾਂਪਲਾ ਤੋਂ ਤਿੰਨ ਘੰਟੇ ਪੁੱਛ-ਪੜਤਾਲ

ਬਹਿਬਲ ਕਲਾਂ ਮਾਮਲਾ: ਵਿਜੈ ਸਾਂਪਲਾ ਤੋਂ ਤਿੰਨ ਘੰਟੇ ਪੁੱਛ-ਪੜਤਾਲ

ਚੰਡੀਗਡ਼੍ਹ : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਅੱਜ ਇਥੇ ਸੈਕਟਰ 32 ਵਿਖੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਕਾਇਮ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਸਾਹਮਣੇ ਪੇਸ਼ ਹੋਏ। ਸਿਟ ਵੱਲੋਂ ਵਿਜੈ ਸਾਂਪਲਾ ਤੋਂ ਤਿੰਨ ਘੰਟੇ ਤੋਂ ਵੱਧ ਸਮਾਂ ਪੁੱਛ ਪੜਤਾਲ ਕੀਤੀ ਗਈ।

ਇਸ ਦੌਰਾਨ ਸਿਟ ਨੇ ਸ੍ਰੀ ਸਾਂਪਲਾ ਨੂੰ 12 ਜਨਵਰੀ 2018 ਨੂੰ ਪੰਜਾਬ ਦੇ ਰਾਜਪਾਲ ਨੂੰ ਦਿੱਤੇ ਮੰਗ ਪੱਤਰ ਦੀ ਕਾਪੀ ਦਿਖਾ ਕੇ ਪੁੱਛ-ਪੜਤਾਲ ਕੀਤੀ। ਸਾਂਪਲਾ ਨੇ ਮੰਗ ਪੱਤਰ ਦੀ ਪ੍ਰਮਾਣਿਤ ਕਾਪੀ ਦੇਣ ਦੀ ਮੰਗ ਕੀਤੀ ਤਾਂ ਜੋ ਉਹ ਢੁੱਕਵਾਂ ਜਵਾਬ ਦੇ ਸਕਣ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਚੰਡੀਗੜ੍ਹ ਦੇ ਸੈਕਟਰ 32 ਵਿਖੇ ਬਹਿਬਲ ਕਲਾਂ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਮੂਹਰੇ ਦੁਪਹਿਰੇ 12 ਵਜੇ ਦੇ ਕਰੀਬ ਆਪਣੇ ਵਕੀਲਾਂ ਨਾਲ ਪੇਸ਼ ਹੋਏ ਜਿਨ੍ਹਾਂ ਤੋਂ ਸਿਟ ਨੇ ਬਾਅਦ ਦੁਪਹਿਰ 3 ਤੋਂ 3.30 ਵਜੇ ਤੱਕ ਪੁੱਛ-ਪੜਤਾਲ ਕੀਤੀ। ਸ੍ਰੀ ਸਾਂਪਲਾ ਨੇ ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਟ ਵੱਲੋਂ ਪਹਿਲਾਂ ਵੀ ਉਸ ਨੂੰ ਸੰਮਨ ਭੇਜ ਕੇ ਸੱਦਿਆ ਗਿਆ ਸੀ ਅਤੇ ਉਹ ਜਲੰਧਰ ਵਿਖੇ ਪੇਸ਼ ਹੋਏ ਸਨ। ਉਦੋਂ ਵੀ ਉਨ੍ਹਾਂ ਨੇ ਮੰਗ ਕੀਤੀ ਸੀ ਕਿ ਜਿਸ ਦਸਤਾਵੇਜ਼ ਬਾਰੇ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਜਾਣੀ ਹੈ, ਉਸ ਦੀ ਪ੍ਰਮਾਣਿਤ ਕਾਪੀ ਦਿੱਤੀ ਜਾਵੇ ਤਾਂ ਜੋ ਉਹ ਤੱਥਾਂ ਦੇ ਆਧਾਰ ’ਤੇ ਆਪਣਾ ਜਵਾਬ ਦੇ ਸਕਣ।

ਅੱਜ ਮੁੜ 12 ਜਨਵਰੀ 2018 ਨੂੰ ਰਾਜਪਾਲ ਨੂੰ ਦਿੱਤੇ ਮੈਮੋਰੰਡਮ ਦੀ ਕਾਪੀ ਦਿਖਾਈ ਗਈ, ਪਰ ਉਸ ਦੀ ਪ੍ਰਮਾਣਿਤ ਕਾਪੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਅੱਜ ਦੇ ਸਮੇਂ ਵਿੱਚ ਆਰਟੀਫ਼ਿਸ਼ੀਅਲ ਇੰਟੈਲੀਜੈਂਸ (ਏ ਆਈ) ਅਤੇ ਡਿਜੀਟਲ ਤਕਨਾਲੋਜੀ ਕਾਰਨ ਕਿਸੇ ਵੀ ਦਸਤਾਵੇਜ਼ ਦੀ ਪ੍ਰਮਾਣਿਕਤਾ ਮਹੱਤਵਪੂਰਨ ਹੈ। ਇਸ ਲਈ ਉਨ੍ਹਾਂ ਨੇ ਸਿਰਫ਼ ਸਰਟੀਫਾਈਡ ਕਾਪੀ ਦੀ ਮੰਗ ਕੀਤੀ ਸੀ ਪਰ ਸਿਟ ਨੇ ਮੁਹੱਈਆ ਨਹੀਂ ਕਰਵਾਈ।

ਸਿਟ ਵੱਲੋਂ ਦਿਖਾਇਆ ਗਿਆ ਪੱਤਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਗਿਆ। ਇਸ ਵਿੱਚ ਬਤੌਰ ਭਾਜਪਾ ਪ੍ਰਧਾਨ ਉਸ ਦੇ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਸਤਖਤ ਹਨ। ਇਸ ਮੰਗ ਪੱਤਰ ਵਿੱਚ ਦੋਵਾਂ ਪਾਰਟੀਆਂ ਵੱਲੋਂ ਸਾਂਝੇ ਤੌਰ ’ਤੇ ਬੇਅਦਬੀ ਦੇ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਾਉਣ ਦੀ ਮੰਗ ਕੀਤੀ ਗਈ ਹੈ। ਮੰਗ ਪੱਤਰ 8 ਸਾਲ ਪੁਰਾਣਾ ਹੋਣ ਕਰਕੇ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ। ਉਹ ਬੇਅਦਬੀ ਦੇ ਮਾਮਲੇ ਦੀ ਜਾਂਚ ਵਿੱਚ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਕਰਨ ਲਈ ਤਿਆਰ ਹਨ। ਵਿਸ਼ੇਸ਼ ਜਾਂਚ ਟੀਮ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਮਾਣਿਤ ਕਾਪੀ ਉਸ ਨੂੰ ਸੌਂਪਣ ਅਤੇ ਉਹ ਆਪਣੇ ਪੁਰਾਣੇ ਰਿਕਾਰਡ ਨੂੰ ਚੈੱਕ ਕਰਕੇ ਆਪਣਾ ਜਵਾਬ ਦੇਣਗੇ।

ਆਮ ਆਦਮੀ ਪਾਰਟੀ ਰਾਜਨੀਤੀ ਕਰਨ ਲੱਗੀ: ਸਾਂਪਲਾ

ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਸਿਟ ਮੂਹਰੇ ਪੇਸ਼ ਹੋਣ ਤੋਂ ਬਾਅਦ ‘ਆਪ’ ’ਤੇ ਬੇਅਦਬੀ ਦੀਆਂ ਘਟਨਾਵਾਂ ’ਤੇ ਰਾਜਨੀਤੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਲੋਕਾਂ ਨੂੰ ਇਨਸਾਫ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਨਸਾਫ ਦਿਵਾਉਣ ਵਿੱਚ ਪੁਰੀ ਤਰ੍ਹਾਂ ਨਾਕਾਮ ਰਹੀ ਹੈ। ਹੁਣ ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਣ ’ਤੇ ਮੁੜ ਤੋਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜੇ ਮਾਮਲੇ ਨੂੰ ਉਭਾਰ ਕੇ ਲੋਕਾਂ ਦਾ ਧਿਆਨ ਆਪਣੇ ਨਾਕਾਮੀਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਕਤ ਮਾਮਲਿਆਂ ਦੀ ਜਾਂਚ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

Share: