ਮੰਗਾਂ ਪੂਰੀਆਂ ਨਾ ਹੋਣ ਤੋਂ ਨਾਰਾਜ਼ ਸਫ਼ਾਈ ਸੇਵਕਾਂ ਨੇ ਖੋਲ੍ਹਿਆ ਮੋਰਚਾ; ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਮੰਗਾਂ ਪੂਰੀਆਂ ਨਾ ਹੋਣ ਤੋਂ ਨਾਰਾਜ਼ ਸਫ਼ਾਈ ਸੇਵਕਾਂ ਨੇ ਖੋਲ੍ਹਿਆ ਮੋਰਚਾ; ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਤਪਾ ਮੰਡੀ : ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਇਕ ਵਾਰ ਫਿਰ ਸਫ਼ਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨੇ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਮੰਗਾਂ ਪੂਰੀਆਂ ਨਾ ਹੋਣ ਕਾਰਨ ਨਿਰਾਸ਼ ਹੋਏ ਸਫ਼ਾਈ ਸੇਵਕਾਂ ਨੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਰਫ਼ੀ ਅਤੇ ਹੋਰ ਵੱਖ-ਵੱਖ ਨੁਮਾਇੰਦਿਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਉਨ੍ਹਾਂ ਨੂੰ ਭਰੋਸੇ ਤੋਂ ਬਿਨਾਂ ਕੁਝ ਵੀ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਦੌਰਾਨ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਇੱਕ ਮਹੀਨੇ ਦੇ ਅੰਦਰ-ਅੰਦਰ ਮੰਨ ਕੇ ਲਾਗੂ ਕਰ ਦਿੱਤੀਆਂ ਜਾਣਗੀਆਂ, ਪ੍ਰੰਤੂ ਉਨ੍ਹਾਂ ਦੀਆਂ ਮੰਗਾਂ ਅਜੇ ਵੀ ਜਿਉਂ ਦੀਆਂ ਤਿਉਂ ਲਟਕ ਰਹੀਆਂ ਹਨ। ਇਸੇ ਕਾਰਨ ਉਨ੍ਹਾਂ ਨੂੰ ਦੁਬਾਰਾ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ ਹੈ।

ਸਫ਼ਾਈ ਸੇਵਕਾਂ ਦੀਆਂ ਮੰਗਾਂ

  • ਪੁਰਾਣੀ ਪੈਨਸ਼ਨ ਬਹਾਲੀ: ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕੀਤਾ ਜਾਵੇ।
  • ਵਿਸ਼ੇਸ਼ ਭੱਤਾ: ਸਫ਼ਾਈ ਕਰਮਚਾਰੀਆਂ ਦੀ ਖ਼ਤਰਨਾਕ ਡਿਊਟੀ ਨੂੰ ਦੇਖਦਿਆਂ ਉਨ੍ਹਾਂ ਨੂੰ ਪ੍ਰਤੀ ਮਹੀਨਾ ਵਿਸ਼ੇਸ਼ ਭੱਤਾ ਦਿੱਤਾ ਜਾਵੇ।
  • ਪੱਕੀ ਨੀਤੀ ’ਚ ਸੋਧ: ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਅਤੇ ਬਰਾਬਰ ਕੰਮ-ਬਰਾਬਰ ਤਨਖ਼ਾਹ ਲਾਗੂ ਹੋਵੇ। ਪੱਕੇ ਕਰਨ ਸਬੰਧੀ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕਰਕੇ ਮੁਲਾਜ਼ਮਾਂ ਨੂੰ 3 ਸਾਲਾਂ ਵਿੱਚ ਪੱਕਾ ਕੀਤਾ ਜਾਵੇ।
  • ਦੁਰਘਟਨਾ ਬੀਮਾ: ਮੁਲਾਜ਼ਮਾਂ ਲਈ ਘੱਟੋ-ਘੱਟ 10 ਲੱਖ ਰੁਪਏ ਦਾ ਦੁਰਘਟਨਾ ਬੀਮਾ ਲਾਗੂ ਕੀਤਾ ਜਾਵੇ ਤਾਂ ਜੋ ਸੇਵਾ ਦੌਰਾਨ ਹੋਣ ਵਾਲੇ ਹਾਦਸਿਆਂ ਦੀ ਸੂਰਤ ਵਿੱਚ ਪੂਰੀ ਤਨਖ਼ਾਹ ਅਤੇ ਹੋਰ ਸਹੂਲਤਾਂ ਜਾਰੀ ਰਹਿ ਸਕਣ।

ਯੂਨੀਅਨ ਆਗੂਆਂ ਨੇ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਆਊਟਸੋਰਸ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸਿਕੰਦਰ ਕੁਮਾਰ, ਰਾਜ ਕੁਮਾਰ ਰਾਜੂ, ਅਰਜਨ ਕਾਲੀ, ਅਜੇ ਕੁਮਾਰ, ਸ਼ਲਿੰਦਰ ਕੁਮਾਰ, ਸ਼ੰਮੀ ਕੁਮਾਰ, ਮੇਟ ਦੀਪਕ ਕੁਮਾਰ, ਵਿੱਕੀ ਕੁਮਾਰ, ਰਾਕੇਸ਼ ਕੁਮਾਰ, ਜਗਤ, ਸੁਨੀਲ ਕੁਮਾਰ, ਸਚਿਨ, ਰਾਜਬੀਰ, ਗੀਤਾ ਰਾਣੀ, ਸਰੋਜ ਰਾਣੀ, ਸੰਜੂ ਦੇਵੀ, ਆਸ਼ਾ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਸਫ਼ਾਈ ਸੇਵਕ ਹਾਜ਼ਰ ਸਨ।

Share: