ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਧੜੇ ਵੱਲੋਂ ਭਲਕੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਬੁਲਾ ਲਈ ਗਈ ਹੈ, ਜਿਸ ’ਚ ਹੁਣ ਇਹ ਤੈਅ ਕੀਤਾ ਜਾਵੇਗਾ ਕਿ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨਾਲ ਗੱਲਬਾਤ ਚਲਾਈ ਜਾਵੇ ਜਾਂ ਫਿਰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ। ਚੰਨੀ ਧੜੇ ਨੇ ਆਖ਼ਰ ਆਪਣੀ ਗੱਲ ਰੱਖਣ ਦਾ ਫ਼ੈਸਲਾ ਕੀਤਾ ਹੈ ਜਿਸ ਬਾਰੇ ਰਣਨੀਤੀ ਭਲਕੇ ਮੀਟਿੰਗ ’ਚ ਤੈਅ ਹੋਵੇਗੀ। ਸੂਤਰ ਤਾਂ ਇਹ ਵੀ ਦੱਸਦੇ ਹਨ ਕਿ 10 ਜੁਲਾਈ ਨੂੰ ਬਾਗ਼ੀ ਧੜਾ ਆਪਣੇ ਸਮਰਥਕਾਂ ਦੇ ਵੱਡੇ ਇਕੱਠ ’ਚ ਭੁਪੇਸ਼ ਬਘੇਲ ਅੱਗੇ ਆਪਣੀ ਗੱਲ ਰੱਖ ਸਕਦਾ ਹੈ।
ਬਘੇਲ ਵੱਲੋਂ ਚੰਨੀ ਧੜੇ ਦੇ ਸਾਰੇ ਨੇਤਾਵਾਂ ਨਾਲ ਵਾਰ ਵਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਸੀ ਅਤੇ ਅਖੀਰ ਬਾਗ਼ੀ ਧੜੇ ਨੇ ਗੱਲਬਾਤ ਕਰਨ ਦਾ ਰਾਹ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੇ ਨਰਮ ਤੇ ਸਖ਼ਤ ਪੈਂਤੜੇ ਮਗਰੋਂ ਵੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਬਾਗ਼ੀ ਧੜੇ ਨਾਲ ਗੱਲਬਾਤ ਦਾ ਰਾਹ ਹਾਲੇ ਤੱਕ ਖੁੱਲ੍ਹ ਨਹੀਂ ਸਕਿਆ ਸੀ ਪੰਜ ਦਿਨਾ ਦੌਰੇ ’ਤੇ ਆਏ ਬਘੇਲ ਦੇ ਤਿੰਨ ਦਿਨਾਂ ਮਗਰੋਂ ਵੀ ਬਾਗ਼ੀ ਧੜੇ ਨਾਲ ਰੂਬਰੂ ਨਹੀਂ ਹੋ ਸਕੇ ਸਨ। ਅਹਿਮ ਸੂਤਰਾਂ ਅਨੁਸਾਰ ਮੁਹਾਲੀ ਮੀਟਿੰਗ ਮਗਰੋਂ ਹੁਣ ਚੰਨੀ ਧੜੇ ਨੇ ਭਲਕੇ ਪ੍ਰਮੁੱਖ ਆਗੂਆਂ ਦੀ ਮੁੜ ਮੀਟਿੰਗ ਬੁਲਾ ਲਈ ਹੈ। ਕਈ ਦਿਨਾਂ ਦੀ ਚੁੱਪ ਮਗਰੋਂ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਲੀਡਰ ਰਾਹੁਲ ਗਾਂਧੀ ਹਨ ਤੇ ਰਾਹੁਲ ਗਾਂਧੀ ਹੀ ਰਹਿਣਗੇ। ਚੰਨੀ ਦੇ ਇਸ ਬਿਆਨ ਨੇ ਵਿਰੋਧੀਆਂ ਦੇ ਉਸ ਪੈਂਤੜੇ ਨੂੰ ਮਾਤ ਦਿੱਤੀ ਹੈ ਜਿਨ੍ਹਾਂ ਵੱਲੋਂ ਚੰਨੀ ਦੇ ਕਿਸੇ ਹੋਰ ਪਾਰਟੀ ’ਚ ਜਾਣ ਦੀ ਚਰਚਾ ਛੇੜੀ ਹੋਈ ਸੀ।
ਬਾਗ਼ੀ ਧੜੇ ਨੇ ਕਈ ਦਿਨਾਂ ਦੀ ਖ਼ਾਮੋਸ਼ੀ ਮਗਰੋਂ ਹੁਣ ਪੱਤੇ ਖੋਲ੍ਹਣੇ ਸ਼ੁਰੂ ਕੀਤੇ ਹਨ। ਆਲ ਇੰਡੀਆ ਕਾਂਗਰਸ ਕਮੇਟੀ ਲਈ ਇਹ ਵੀ ਕਿਸੇ ਚੁਣੌਤੀ ਤੋਂ ਘੱਟ ਨਹੀਂ ਸੀ ਕਿ ਬਾਗ਼ੀ ਧੜਾ ਹਾਲੇ ਤੱਕ ਬਘੇਲ ਨਾਲ ਗੱਲਬਾਤ ਕਰਨ ਲਈ ਹੀ ਤਿਆਰ ਨਹੀਂ ਸੀ। ਹੁਣ ਨਵੀਂ ਪਹਿਲਕਦਮੀ ਮਗਰੋਂ ਬਘੇਲ ਨੂੰ ਵੀ ਆਸ ਬੱਝੀ ਹੈ। ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਪੰਜਾਬ ਦੌਰੇ ਦੇ ਤੀਜੇ ਦਿਨ ਵੀ ਬਗਾਵਤੀ ਸੁਰਾਂ ਨੂੰ ਕੋਈ ਠੱਲ੍ਹ ਨਾ ਪੈਂਦੀ ਦੇਖ ਕੇ ਆਖ਼ਰ ਸਖ਼ਤ ਲਹਿਜ਼ੇ ’ਚ ਕਿਹਾ ਸੀ ਕਿ ਕਾਂਗਰਸ ਹਾਈਕਮਾਂਡ ’ਤੇ ਕੋਈ ਦਬਾਅ ਕੰਮ ਨਹੀਂ ਕਰੇਗਾ ਤੇ ਨਾ ਹੀ ਦਬਾਅ ’ਚ ਕੋਈ ਫ਼ੈਸਲਾ ਬਦਲਿਆ ਜਾਵੇਗਾ।
ਜੋ ਫ਼ੈਸਲਾ ਹੋ ਚੁੱਕਿਆ ਹੈ, ਉਹੀ ਫ਼ੈਸਲਾ ਬਰਕਰਾਰ ਰਹੇਗਾ। ਚੰਨੀ ਦੇ ਧੜੇ ਨੇ ਤੀਜੇ ਦਿਨ ਵੀ ਦੂਰੀ ਬਣਾ ਕੇ ਰੱਖੀ। ਸੂਤਰਾਂ ਅਨੁਸਾਰ ਕਾਂਗਰਸੀ ਆਗੂ ਰਾਹੁਲ ਗਾਂਧੀ ਤਰਫ਼ੋਂ ਪੰਜਾਬ ਇੰਚਾਰਜ ਬਘੇਲ ਨੂੰ ਇਸ਼ਾਰਾ ਮਿਲ ਚੁੱਕਿਆ ਹੈ, ਜਿਸ ਮਗਰੋਂ ਬਘੇਲ ਨੇ ਆਪਣੇ ਤੇਵਰ ਤਿੱਖੇ ਕਰ ਲਏ ਹਨ। ਬਘੇਲ ਬਾਗ਼ੀ ਖੇਮੇ ਨੂੰ ਲੈ ਕੇ ਨਿਮਰ ਵੀ ਦਿੱਖ ਰਹੇ ਹਨ ਅਤੇ ਨਾਲੋਂ ਨਾਲ ਤਾੜਨਾ ਵੀ ਕਰ ਰਹੇ ਹਨ।
ਅਹਿਮ ਸੂਤਰਾਂ ਅਨੁਸਾਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਭੁਪੇਸ਼ ਦੇ ਦੂਤ ਵਜੋਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਗਏ। ਇਸ ਤੋਂ ਪਹਿਲਾਂ ਰਾਜ ਕੁਮਾਰ ਵੇਰਕਾ ਵੀ ਕੋਸ਼ਿਸ਼ ਕਰ ਚੁੱਕੇ ਹਨ।
ਚੰਨੀ ਧੜਾ ਇਸ ਵੇਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੁਰਸੀ ਤੋਂ ਉਤਾਰਨ ਲਈ ਬਜ਼ਿੱਦ ਹੈ ਜਦੋਂ ਕਿ ਬਘੇਲ ਵੜਿੰਗ ਦੀ ਪਿੱਠ ’ਤੇ ਹਨ। ਬਘੇਲ ਨੇ ਅੱਜ ਇੱਥੋਂ ਤੱਕ ਆਖ ਦਿੱਤਾ ਕਿ ਪ੍ਰਧਾਨਗੀ ’ਚ ਬਦਲਾਅ ਕੋਈ ਗੁੱਡਾ ਗੁੱਡੀ ਦੀ ਖੇਡ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਵੀਆਂ ਕਮੇਟੀਆਂ ਦਾ ਗਠਨ ਹੋਵੇਗਾ ਜਿਸ ’ਚ ਹੋਰ ਆਗੂਆਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਸੰਸਦ ਮੈਂਬਰ ਚੰਨੀ ਨਾਲ ਗੱਲ ਹੋਈ ਸੀ ਪ੍ਰੰਤੂ ਉਹ ਦੋ ਦਿਨਾਂ ਲਈ ਬਾਹਰ ਹਨ। ਅੱਜ ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਨੇ ਤੀਜੇ ਦਿਨ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ। ਅੱਜ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰਾਂ ਨਾਲ ਬਘੇਲ ਤੇ ਵੜਿੰਗ ਨੇ ਮੀਟਿੰਗਾਂ ਕੀਤੀਆਂ। ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਨਾਲ ਵੀ ਮੀਟਿੰਗ ਕੀਤੀ।

