ਬਰਨਾਲਾ : ਕੌਮੀ ਇਨਸਾਫ਼ ਮੋਰਚੇ ਦੀ ਹਦਾਇਤ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਬੀ ਕੇ ਯੂ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਮੋਰਚਾ ਚੱਲ ਰਿਹਾ ਹੈ। ਇਸ ਸਮੇਂ ਦੌਰਾਨ ਕਈ ਵਾਰ ਮੋਰਚੇ ਨੂੰ ਸਰਕਾਰ ਵੱਲੋਂ ਭੰਗ ਕਰਨ ਦੀਆਂ ਚਾਲਾਂ ਚੱਲੀਆਂ ਗਈਆਂ। ਚੰਡੀਗੜ੍ਹ ਵਿੱਚ ਚੱਲ ਰਹੇ ਮੋਰਚੇ ਨੂੰ ਸਰਕਾਰ ਨੇ ਕਈ ਵਾਰ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਥੇਬੰਦੀ ਦੇ ਏਕੇ ਸਦਕਾ ਅੱਜ ਵੀ ਇਹ ਮੋਰਚਾ ਚੱਲ ਰਿਹਾ ਹੈ। ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਲੋਕਾਂ ਨੂੰ ਤੋੜਨ ਦੀਆਂ ਨੀਤੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਜਦੋ ਤਿੰਨ ਕਾਲੇ ਕਾਨੂੰਨ ਲੈ ਕੇ ਆਈ ਸੀ ਤਾਂ ਕਿਸਾਨਾਂ ਨੇ ਭਾਜਪਾ ਦੇ ਆਗੂਆਂ ਨੂੰ ਘਰੋ ਬਾਹਰ ਨਿਕਲਣਾ ਬੰਦ ਕਰ ਦਿੱਤਾ, ਹੁਣ ਫਿਰ ਉਹ ਸਮਾਂ ਆਉਣ ਵਾਲਾ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ ਅਤੇ ਲੈਂਡ ਪੂਲਿੰਗ ਨੀਤੀ ਨੂੰ ਬੰਦ ਕੀਤਾ ਜਾਵੇ, ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।
Posted inBarnala
Punjab Farmers Protest: ਭਾਜਪਾ ਪ੍ਰਧਾਨ ਢਿੱਲੋਂ ਦੀ ਕੋਠੀ ਅੱਗੇ ਗੂੰਜੇ ਨਾਅਰੇ

