ਨਵੀਂ ਦਿੱਲੀ: ਸੋਨੀਆ ਗਾਂਧੀ ਨੇ ਆਪਣੇ ਲੇਖ ਰਾਹੀਂ ਮੋਦੀ ਸਰਕਾਰ ਦੀ ਸਿੱਖਿਆ ਨੀਤੀ ਅਤੇ ਵਿਦਿਆਰਥੀਆਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਦਿਆਰਥੀ ਆਪਣੀ ਪੜ੍ਹਾਈ ਅਤੇ ਭਵਿੱਖ ਨੂੰ ਲੈ ਕੇ ਚਿੰਤਤ ਹਨ ਅਤੇ ਉਹ ਸਰਕਾਰ ਤੋਂ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਪੇਪਰ ਲੀਕ ਵਰਗੀਆਂ ਘਟਨਾਵਾਂ ਲਈ ਜਵਾਬਦੇਹੀ ਦੀ ਮੰਗ ਕਰ ਰਹੇ ਹਨ। ਪਰ ਮੋਦੀ ਸਰਕਾਰ ਨੇ ਇਨ੍ਹਾਂ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਨੂੰ “ਦੇਸ਼ ਦੇ ਦੁਸ਼ਮਣ” ਵਜੋਂ ਪੇਸ਼ ਕੀਤਾ ਹੈ ਅਤੇ ਉਨ੍ਹਾਂ ਦੇ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਸਰਕਾਰੀ ਤਾਕਤ ਦੀ ਬੇਰਹਿਮੀ ਨਾਲ ਵਰਤੋਂ ਕੀਤੀ ਹੈ। ਸੋਨੀਆ ਗਾਂਧੀ ਨੇ 20 ਜੁਲਾਈ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਦਿੱਲੀ ਵਿੱਚ ਵਿਦਿਆਰਥੀਆਂ ਉੱਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ, ਜਿਸ ਨਾਲ ਕਈ ਨੌਜਵਾਨ ਜ਼ਖਮੀ ਹੋਏ। ਸਰਕਾਰ ਵੱਲੋਂ ਅਸੰਤੁਸ਼ਟੀ ਨੂੰ ਕੁਚਲਣ ਦੀ ਇਹ ਨੀਤੀ ਪਹਿਲਾਂ ਵੀ ਕਿਸਾਨਾਂ ਅਤੇ ਕਾਰਕੁਨਾਂ ਵਿਰੁੱਧ ਅਪਣਾਈ ਜਾਂਦੀ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਸਿੱਖਿਆ ਪ੍ਰਣਾਲੀ ਦਾ ਵੱਡੇ ਪੱਧਰ ‘ਤੇ ਪਤਨ ਹੋਇਆ ਹੈ। ਸਰਕਾਰ ਨੇ ਸਕੂਲੀ ਸਿੱਖਿਆ ਅਤੇ ਉੱਚ ਸਿੱਖਿਆ ਦੇ ਬਜਟ ਵਿੱਚ ਕਾਫ਼ੀ ਕਟੌਤੀ ਕੀਤੀ ਹੈ, ਜਿਸ ਕਾਰਨ ਜਨਤਕ ਸਿੱਖਿਆ ਦਾ ਮਿਆਰ ਹੇਠਾਂ ਡਿੱਗਿਆ ਹੈ ਅਤੇ ਸਿੱਖਿਆ ਦਾ ਨਿੱਜੀਕਰਨ ਤੇ ਵਪਾਰੀਕਰਨ ਤੇਜ਼ੀ ਨਾਲ ਵਧਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ (NTA) ਵਰਗੀਆਂ ਸੰਸਥਾਵਾਂ ਸਟਾਫ਼ ਦੀ ਘਾਟ ਅਤੇ ਕੁਝ ਖਾਸ ਹਿੱਤਾਂ ਕਾਰਨ ਪੂਰੀ ਤਰ੍ਹਾਂ ਫਲਾਪ ਸਾਬਤ ਹੋਈਆਂ ਹਨ, ਜਿਸ ਕਾਰਨ ਪਿਛਲੇ 12 ਸਾਲਾਂ ਵਿੱਚ ਦੇਸ਼ ਭਰ ਵਿੱਚ 152 ਪੇਪਰ ਲੀਕ ਹੋ ਚੁੱਕੇ ਹਨ। ਨੌਜਵਾਨਾਂ ਨੂੰ ਗ੍ਰੈਜੂਏਸ਼ਨ ਤੋਂ ਬਾਅਦ ਰੁਜ਼ਗਾਰ ਨਹੀਂ ਮਿਲ ਰਿਹਾ, ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਨਿਰਾਸ਼ਾ ਹੈ। ਅੰਤ ਵਿੱਚ ਉਨ੍ਹਾਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਸਮੇਤ ਪੂਰੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਵੱਡੀਆਂ ਅਸਫਲਤਾਵਾਂ ਦੇ ਬਾਵਜੂਦ ਅਹੁਦਿਆਂ ਤੋਂ ਅਸਤੀਫਾ ਨਾ ਦੇਣਾ ਅਤੇ ਜਵਾਬਦੇਹੀ ਤੋਂ ਭੱਜਣਾ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।
Posted inNew Delhi
ਜਵਾਬਦੇਹੀ ਮੰਗ ਰਹੇ ਵਿਦਿਆਰਥੀਆਂ ਨੂੰ ‘ਦੇਸ਼ ਦੇ ਦੁਸ਼ਮਣ’ ਵਜੋਂ ਪੇਸ਼ ਕਰ ਰਹੀ ਹੈ ਮੋਦੀ ਸਰਕਾਰ: ਸੋਨੀਆ ਗਾਂਧੀ

