ਦੇਸ਼ ਭਰ ਵਿੱਚ ਜੈਨ ਜ਼ੀ (Gen-Z) ਦੇ ਤੇਜ਼ ਅਤੇ ਅਣਥੱਕ ਪ੍ਰਦਰਸ਼ਨਾਂ ਨੇ ਆਖਿਰਕਾਰ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੁਵਾ ਪੀੜ੍ਹੀ ਦੇ ਇਸੇ ਰੋਹ ਅੱਗੇ ਝੁਕਦਿਆਂ ਅੱਧੀ ਰਾਤ ਨੂੰ ਵਿਸ਼ੇਸ਼ ਤੌਰ ‘ਤੇ ਵੀਡੀਓ ਸੰਦੇਸ਼ ਜਾਰੀ ਕਰਨ ਲਈ ਮਜਬੂਰ ਹੋਣਾ ਪਿਆ, ਜਦੋਂ ਕਿ ਆਮ ਤੌਰ ‘ਤੇ ਸਰਕਾਰ ਵੱਲੋਂ ਰਿਕਾਰਡ ਕੀਤੇ ਗਏ ਰਸਮੀ ਵੀਡੀਓਜ਼ ਹੀ ਸਾਂਝੇ ਕੀਤੇ ਜਾਂਦੇ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਫਰੰਟ ਫੇਸ ਕੈਮਰਾ ਦੀ ਵਰਤੋਂ ਕਰਦਿਆਂ ਅੱਧੀ ਰਾਤ ਨੂੰ ਬਣਾਈ ਰੀਲ ਦੇ ਸੰਦੇਸ਼ ਵਿੱਚ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਪੇਪਰ ਲੀਕ ਰੋਕਣ ਲਈ ਸੰਸਦ ਦੇ ਚੱਲ ਰਹੇ ਮੌਨਸੂਨ ਇਜਲਾਸ ਦੌਰਾਨ ਨਵਾਂ ਅਤੇ ਬੇਹੱਦ ਸਖ਼ਤ ਕਾਨੂੰਨ ਪੇਸ਼ ਕਰਨ ਜਾ ਰਹੀ ਹੈ, ਜਿਸ ਤਹਿਤ ਅੱਜ ਸ਼ੁੱਕਰਵਾਰ ਨੂੰ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਇਸ ਪ੍ਰਸਤਾਵ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਬਿੱਲ ਦੇ ਖਰੜੇ ਵਿੱਚ ਪ੍ਰੀਖਿਆ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਲਈ ਸਖ਼ਤ ਤੋਂ ਸਖ਼ਤ ਸਜ਼ਾਵਾਂ ਅਤੇ ਮਾਮਲਿਆਂ ਦੀ ਜਲਦੀ ਸੁਣਵਾਈ ਲਈ ਫਾਸਟ-ਟਰੈਕ ਅਦਾਲਤਾਂ ਦੀ ਸਥਾਪਨਾ ਕਰਨ ਦੀ ਵਿਸ਼ੇਸ਼ ਤਜਵੀਜ਼ ਰੱਖੀ ਗਈ ਹੈ। ਪ੍ਰਧਾਨ ਮੰਤਰੀ ਨੇ ਮੰਨਿਆ ਕਿ ਪੇਪਰ ਲੀਕ ਕੋਈ ਛੋਟਾ ਮੁੱਦਾ ਨਹੀਂ ਹੈ ਸਗੋਂ ਇਹ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਾਨਸਿਕ ਪ੍ਰੇਸ਼ਾਨੀ ਦਾ ਵੱਡਾ ਕਾਰਨ ਬਣਦਾ ਹੈ।
ਉਨ੍ਹਾਂ ਕਿਹਾ, ‘‘ਨੀਟ-ਯੂਜੀ 2026 ਦੀ ਦੁਬਾਰਾ ਪ੍ਰੀਖਿਆ ਜਲਦੀ ਤੋਂ ਜਲਦੀ ਕਰਵਾਉਣਾ ਅਹਿਮ ਸੀ। ਸਰਕਾਰ ਨੇ 22 ਲੱਖ ਵਿਦਿਆਰਥੀਆਂ ਲਈ ਦੁਬਾਰਾ ਪ੍ਰੀਖਿਆ ਦਾ ਸਫਲਤਾਪੂਰਵਕ ਆਯੋਜਨ ਕੀਤਾ, ਅਤੇ ਨਤੀਜੇ 19 ਜੁਲਾਈ ਨੂੰ ਐਲਾਨੇ ਗਏ। ਅਸੀਂ ਹੁਣ ਉਨ੍ਹਾਂ ਵਿਦਿਆਰਥੀਆਂ ਦੀਆਂ ਉਤਸ਼ਾਹਜਨਕ ਕਹਾਣੀਆਂ ਸੁਣ ਰਹੇ ਹਾਂ ਜਿਨ੍ਹਾਂ ਨੇ ਸਫਲਤਾਪੂਰਵਕ ਪ੍ਰੀਖਿਆ ਪਾਸ ਕੀਤੀ ਹੈ।’’ ਹਾਲਾਂਕਿ, ਮੋਦੀ ਨੇ ਕਿਹਾ ਕਿ ਸਰਕਾਰ ਸਿਰਫ਼ ਮੁੜ ਪ੍ਰੀਖਿਆ ਕਰਵਾਉਣ ਤੋਂ ਸੰਤੁਸ਼ਟ ਨਹੀਂ ਹੈ।
ਪ੍ਰਧਾਨ ਮੰਤਰੀ ਨੇ ਕਿਹਾ, ‘‘ਮੈਂ ਸਬੰਧਤ ਵਿਭਾਗਾਂ ਨੂੰ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਦਿਨ ਭਰ ਕੰਮ ਕੀਤਾ ਅਤੇ ਮੇਰੇ ਅੱਗੇ ਖਰੜਾ ਤਜਵੀਜ਼ ਰੱਖੀ ਹੈ। ਨਵੇਂ ਸਖ਼ਤ ਕਾਨੂੰਨੀ ਪ੍ਰਬੰਧਾਂ ਵਾਲੀ ਤਜਵੀਜ਼ ’ਤੇ ਸ਼ੁੱਕਰਵਾਰ ਦੀ ਕੈਬਨਿਟ ਮੀਟਿੰਗ ਵਿੱਚ ਚਰਚਾ ਕੀਤੀ ਜਾਵੇਗੀ।’’
ਦੂਜੇ ਪਾਸੇ ਸੀ.ਜੇ.ਪੀ. ਨੇ ਕਿਹਾ ਕਿ ਉਹ “ਰਾਹਤ ਮਹਿਸੂਸ ਕਰ ਰਹੀ ਹੈ ਅਤੇ ਸ਼ੁਕਰਗੁਜ਼ਾਰ ਹੈ” ਕਿ ਕਾਰਕੁਨ ਸੋਨਮ ਵਾਂਗਚੁਕ ਨੇ ਆਪਣੀ 26 ਦਿਨਾਂ ਦੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ, ਪਰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜੰਤਰ-ਮੰਤਰ ਵਿਖੇ ਉਨ੍ਹਾਂ ਦਾ ਸ਼ਾਂਤਮਈ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫਾ ਨਹੀਂ ਦੇ ਦਿੰਦੇ।

