ਚੰਡੀਗਡ਼੍ਹ : ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫ਼ਵਾਹਾਂ ਦੇ ਹਵਾਲੇ ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ’ਤੇ ਰੋਕ ਲਾਉਣ ਦੇ ਦਾਅਵਿਆਂ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹਾਈ ਕੋਰਟ ਨੇ ਇਸ ’ਤੇ ਕੋਈ ਰੋਕ ਨਹੀਂ ਲਾਈ ਅਤੇ ਇਹ ਯੋਜਨਾ ਜਾਰੀ ਰਹੇਗੀ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਪੰਨੂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 72,56,686 ਔਰਤਾਂ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਪਹਿਲੀ ਅਗਸਤ ਨੂੰ ਲਾਭਪਾਤਰੀਆਂ ਦੇ ਖਾਤਿਆਂ ’ਚ ਰਕਮ ਪਾਈ ਜਾਵੇਗੀ। ਲੁਧਿਆਣਾ ’ਚ ਸਭ ਤੋਂ ਵੱਧ 7,86,863, ਪਟਿਆਲਾ ’ਚ 5,50,035 ਅਤੇ ਅੰਮ੍ਰਿਤਸਰ ’ਚ 5,39,285 ਔਰਤਾਂ ਦੀ ਰਜਿਸਟਰੇਸ਼ਨ ਹੋਈ ਹੈ। ਕਾਂਗਰਸ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਖੇਤੀ ਕਰਜ਼ੇ ਮੁਆਫ਼ ਕਰਨ ਅਤੇ ਨੌਕਰੀਆਂ ਦੇਣ ਦੇ ਫਾਰਮ ਇਕੱਠੇ ਕੀਤੇ ਸਨ ਪਰ ਨਾ ਤਾਂ ਫਾਰਮ ਅਤੇ ਨਾ ਹੀ ਵਾਅਦੇ ਕਦੇ ਹਕੀਕਤ ਬਣੇ। ਮੁੱਖ ਮੰਤਰੀ ਸਿਹਤ ਯੋਜਨਾ ਦੀ ਗੱਲ ਕਰਦਿਆਂ ਪੰਨੂ ਨੇ ਕਿਹਾ ਕਿ ਇਸ ਤਹਿਤ 50 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਹੋ ਚੁੱਕਾ ਹੈ ਜਦੋਂ ਕਿ ਸਰਕਾਰ ਨੇ ਕੈਸ਼ਲੈੱਸ ਸਿਹਤ ਸੰਭਾਲ ਮੁਹੱਈਆ ਕਰਵਾਉਣ ’ਤੇ 917 ਕਰੋੜ ਰੁਪਏ ਖ਼ਰਚ ਕੀਤੇ ਹਨ। ਸੂਬੇ ’ਚ 50 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਲੁਧਿਆਣਾ 5,36,504 ਕਾਰਡਾਂ ਨਾਲ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਪਟਿਆਲਾ 4,52,030 ਦੂਜੇ ਅਤੇ ਜਲੰਧਰ 3,65,366 ਕਾਰਡਾਂ ਨਾਲ ਤੀਜੇ ਨੰਬਰ ’ਤੇ ਹੈ।
Posted inChandigarh
Punjab Women Scheme: ‘ਮਾਵਾਂ ਧੀਆਂ ਸਤਿਕਾਰ ਯੋਜਨਾ ਉੱਤੇ ਕੋਈ ਰੋਕ ਨਹੀਂ ਲੱਗੀ’

