ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਮੁਹਾਲੀ ਵਿਖੇ ਤਾਇਨਾਤ ਮਾਲ ਵਿਭਾਗ ਦੀ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਲੰਘੇ ਮੰਗਲਵਾਰ ਸ਼ਾਮ ਕਰੀਬ 4 ਵਜੇ ਅਮਲ ਵਿੱਚ ਲਿਆਂਦੀ ਗਈ। ਇਸ ਸਬੰਧੀ ਫਲਾਇੰਗ ਸਕੂਐਡ-1, ਵਿਜੀਲੈਂਸ ਬਿਊਰੋ ਥਾਣਾ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਾਮਲੇ ਸਬੰਧੀ ਸ਼ਿਕਾਇਤਕਰਤਾ ਪ੍ਰਭਜੀਤ ਸਿੰਘ, ਵਾਸੀ ਬਟਾਲਾ ਨੇ ਦੱਸਿਆ ਕਿ ਖੁੱਡਾ ਅਲੀਸ਼ੇਰ ਦੀ ਰਹਿਣ ਵਾਲੀ ਕਲਰਕ/ਸੀਨੀਅਰ ਸਹਾਇਕ ਭੁਪਿੰਦਰ ਕੌਰ ਨੇ ਸੈਕਟਰ 111-112 ਸਥਿਤ ਸਕਾਈਰਾਕ ਵੈਲਫੇਅਰ ਸੁਸਾਇਟੀ ਵਿੱਚ ਨਿਲਾਮੀ ਵਾਲੇ ਪਲਾਟ ਅਲਾਟ ਕਰਵਾਉਣ ਦਾ ਭਰੋਸਾ ਦੇ ਕੇ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਮੰਗ ਦੀ ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਲੈਂਦਿਆਂ ਵਿਜੀਲੈਂਸ ਟੀਮ ਨੇ 4 ਅਗਸਤ ਨੂੰ ਉਸ ਨੂੰ ਮੌਕੇ ’ਤੇ ਹੀ ਦਬੋਚ ਲਿਆ। ਮਿਲੀ ਜਾਣਕਾਰੀ ਅਨੁਸਾਰ ਉਕਤ ਮਹਿਲਾ ਮੁਲਾਜ਼ਮ ਨੂੰ ਹਾਲ ਹੀ ਵਿੱਚ ਵਿਸ਼ੇਸ਼ ਬੇਨਤੀ ’ਤੇ ਮਾਲ ਵਿਭਾਗ ਵਿੱਚ ਤਾਇਨਾਤ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਨੁਸਾਰ ਪਲਾਟਾਂ ਦੀ ਅਲਾਟਮੈਂਟ ਪ੍ਰਕਿਰਿਆ ਵਿੱਚ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਇਸ ਗ੍ਰਿਫ਼ਤਾਰੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਚੁੱਪ ਧਾਰੀ ਹੋਈ ਹੈ। ਪੁਲੀਸ ਮੁਲਜ਼ਮ ਨੂੰ ਬੁੱਧਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰੇਗੀ।

