ਅੰਬਾਲਾ : ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਪਾਤਸ਼ਾਹੀ ਅੱਠਵੀਂ ਵਿਚ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਆਪਣੇ ਆਪ ਨੂੰ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰੋਰਿਸਟ ਫਰੰਟ ਦਾ ਪ੍ਰਧਾਨ ਦੱਸਣ ਵਾਲੇ ਲੁਧਿਆਣਾ ਦੇ ਆਗੂ ਗੁਰਸਿਮਰਨ ਸਿੰਘ ਮੰਡ ਦਾ ਵਾਹਨ ਗੁਰਦੁਆਰੇ ਅੰਦਰ ਸੰਗਤ ਨਾਲ ਖਹਿ ਗਿਆ ਤੇ ਇਸ ਦੌਰਾਨ ਕਈ ਸ਼ਰਧਾਲੂ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਜਾਣਕਾਰੀ ਅਨੁਸਾਰ ਗੁਰਸਿਮਰਨ ਸਿੰਘ ਮੰਡ ਦੇ ਕਾਫ਼ਲੇ ਦਾ ਇੱਕ ਵਾਹਨ ਸੰਗਤ ਵਿੱਚੋਂ ਲੰਘਣ ਲੱਗਾ ਤਾਂ ਇਹ ਸ਼ਰਧਾਲੂਆਂ ਵਿਚ ਜਾ ਵੱਜਿਆ ਜਿਸ ਦੌਰਾਨ ਕੁਝ ਸ਼ਰਧਾਲੂ ਜ਼ਖ਼ਮੀ ਹੋ ਗਏ। ਸ਼ਰਧਾਲੂਆਂ ਨੇ ਵਾਹਨ ਨੂੰ ਲਾਪ੍ਰਵਾਹੀ ਨਾਲ ਚਲਾਉਣ ਦਾ ਦੋਸ਼ ਲਾਇਆ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸੰਗਤ ਨੇ ਗੁਰਸਿਮਰਨ ਸਿੰਘ ਮੰਡ ਦੀ ਕੁੁੱਟਮਾਰ ਕੀਤੀ। ਇਸ ਤੋਂ ਬਾਅਦ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਬਣਿਆ ਰਿਹਾ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲੀਸ ਮੌਕੇ ‘ਤੇ ਪੁੱਜੀ ਅਤੇ ਹਾਲਾਤ ਨੂੰ ਕਾਬੂ ਵਿੱਚ ਲਿਆ। ਪੁਲੀਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਘਟਨਾ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਇਸ ਦੌਰਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਤੇਜ ਸਿੰਘ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਪੂਰੇ ਘਟਨਾਕ੍ਰਮ, ਸਬੂਤਾਂ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸੰਗਤ ਨੂੰ ਗੁਰੂ ਘਰ ਦੀ ਮਰਿਆਦਾ, ਸ਼ਾਂਤੀ ਅਤੇ ਆਪਸੀ ਸਦਭਾਵਨਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ।
Posted inHaryana
ਪੰਜੋਖਰਾ ਸਾਹਿਬ ਵਿਖੇ ਐਂਟੀ ਖਾਲਿਸਤਾਨੀ ਟੈਰੋਰਿਸਟ ਫਰੰਟ ਦੇ ਪ੍ਰਧਾਨ ਦੀ ਕੁੱਟਮਾਰ

