ਰਾਂਚੀ : ਝਾਰਖੰਡ ਵਿੱਚ ਵੱਖ-ਵੱਖ ਸਰਕਾਰੀ ਭਰਤੀ ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਗੜਬੜੀਆਂ ਅਤੇ ਧਾਂਦਲੀਆਂ ਖ਼ਿਲਾਫ਼ ਪਿਛਲੇ ਦੋ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵੱਲੋਂ ਸੋਮਵਾਰ ਨੂੰ ਉਲੀਕੇ ਗਏ ‘ਵਿਧਾਨ ਸਭਾ ਮਾਰਚ’ ਦੇ ਮੱਦੇਨਜ਼ਰ ਰਾਂਚੀ ਪੁਲੀਸ ਨੇ ਵਿਧਾਨ ਸਭਾ ਪਰਿਸਰ ਦੇ ਆਸ-ਪਾਸ ਧਾਰਾ 144 ਲਾਗੂ ਕਰ ਦਿੱਤੀ ਹੈ ਅਤੇ ਪੂਰੇ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਸੁਰੱਖਿਆ ਪ੍ਰਬੰਧ ਕੀਤੇ ਹਨ। ਦੂਜੇ ਪਾਸੇ, ਭਾਜਪਾ ਦੇ ਸੀਨੀਅਰ ਨੇਤਾ ਅਮਰ ਬਾਊਰੀ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਆਦਿੱਤਿਆ ਸਾਹੂ ਨੂੰ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਭਾਜਪਾ ਦੇ ਸੂਬਾ ਜਨਰਲ ਸਕੱਤਰ ਅਮਰ ਬਾਊਰੀ ਨੇ ਸਰਕਾਰ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਦਿੱਤਿਆ ਸਾਹੂ ਦੀ ਰਿਹਾਇਸ਼ ਬਾਹਰ ਭਾਰੀ ਪੁਲੀਸ ਬਲ ਤਾਇਨਾਤ ਕਰਕੇ ਸਰਕਾਰ ਅੰਦੋਲਨ ਨੂੰ ਦਬਾਉਣ ਵਿੱਚ ਸਫ਼ਲ ਨਹੀਂ ਹੋਵੇਗੀ। ਇਸ ਦੌਰਾਨ, ਪ੍ਰਸ਼ਾਸਨ ਨੇ ਦੱਸਿਆ ਕਿ ਸੂਬਾ ਵਿਧਾਨ ਸਭਾ ਦੇ ਘਿਰਾਓ ਦੇ ਪ੍ਰਸਤਾਵਿਤ ਪ੍ਰੋਗਰਾਮ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੇ ਸਾਰੇ ਪ੍ਰਮੁੱਖ ਚੌਕਾਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ। ਏ.ਡੀ.ਜੀ. (ਹੈੱਡਕੁਆਰਟਰ) ਮਨੋਜ ਕੌਸ਼ਿਕ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੁਲੀਸ ਪ੍ਰਸ਼ਾਸਨ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਏ.ਡੀ.ਜੀ. ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਦੋ ਹਫ਼ਤਿਆਂ ਵਾਂਗ ਆਪਣਾ ਮਾਰਚ ਅਨੁਸ਼ਾਸਨਬੱਧ ਅਤੇ ਸ਼ਾਂਤਮਈ ਢੰਗ ਨਾਲ ਕੱਢਣ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਸ਼ਰਾਰਤੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਇਸ ਮਾਰਚ ਵਿੱਚ ਸ਼ਾਮਲ ਹੋਣ ਤੋਂ ਰੋਕਣ। ਰਾਂਚੀ ਦੇ ਐੱਸ.ਐੱਸ.ਪੀ. ਰਾਕੇਸ਼ ਰੰਜਨ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ, ਤਾਂ ਜੋ ਪ੍ਰਦਰਸ਼ਨ ਦੌਰਾਨ ਕਿਸੇ ਵੀ ਵਿਦਿਆਰਥੀ ਦੇ ਕਰੀਅਰ ’ਤੇ ਕੋਈ ਮਾੜਾ ਅਸਰ ਨਾ ਪਵੇ।
ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਵਿਧਾਨ ਸਭਾ ਭਵਨ ਦੇ 750 ਮੀਟਰ ਦੇ ਘੇਰੇ ਵਿੱਚ 6 ਅਗਸਤ ਤੋਂ 12 ਅਗਸਤ ਤੱਕ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਧਾਰਾ 144 ਲਾਗੂ ਰਹਿਣਗੇ। ਇਸ ਤੋਂ ਇਲਾਵਾ ਰਾਂਚੀ ਮਾਰਚ ਦੇ ਅਸਰ ਨੂੰ ਦੇਖਦਿਆਂ ਐਤਵਾਰ ਅੱਧੀ ਰਾਤ ਤੋਂ ਜਮਸ਼ੇਦਪੁਰ ਵਿੱਚ ਵੀ ਅਜਿਹੇ ਬੰਦਿਸ਼ੀ ਹੁਕਮ ਲਾਗੂ ਕਰ ਦਿੱਤੇ ਗਏ ਹਨ। ਰਾਂਚੀ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਹਿੰਸਕ ਜਾਂ ਗੈਰ-ਕਾਨੂੰਨੀ ਪ੍ਰਦਰਸ਼ਨ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
ਦੂਜੇ ਪਾਸੇ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਦੋਸ਼ ਲਾਇਆ ਹੈ ਕਿ ਝਾਰਖੰਡ ਦੇ ਵੱਖ-ਵੱਖ ਹਿੱਸਿਆਂ ਤੋਂ ਰਾਜਧਾਨੀ ਰਾਂਚੀ ਆ ਰਹੇ ਸੈਂਕੜੇ ਵਿਦਿਆਰਥੀਆਂ ਨੂੰ ਪੁਲੀਸ ਵੱਲੋਂ ਜ਼ਬਰਦਸਤੀ ਰੋਕਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪ੍ਰੀਖਿਆਵਾਂ ਵਿੱਚ ਧਾਂਦਲੀਆਂ ਖ਼ਿਲਾਫ਼ ਵਿਦਿਆਰਥੀਆਂ ਦਾ ਇਹ ਅੰਦੋਲਨ ਐਤਵਾਰ ਨੂੰ 16ਵੇਂ ਦਿਨ ਵਿੱਚ ਦਾਖਲ ਹੋ ਗਿਆ, ਜਦਕਿ 6 ਵਿਦਿਆਰਥੀ ਪਿਛਲੇ ਕੁਝ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਹੋਏ ਹਨ।

