ਐੱਸ ਕੇ ਐੱਮ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਮੁਜ਼ਾਹਰੇ

ਐੱਸ ਕੇ ਐੱਮ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਮੁਜ਼ਾਹਰੇ

ਚੰਡੀਗਡ਼੍ਹ : ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਨੇ ‘ਅੰਗਰੇਜ਼ੋ-ਭਾਰਤ ਛੱਡੋ’ ਦਿਵਸ ਦੀ 84ਵੀਂ ਵਰ੍ਹੇਗੰਢ ’ਤੇ ਅੱਜ ਪੰਜਾਬ ਭਰ ਵਿੱਚ ‘ਕਾਰਪੋਰੇਟੋ-ਭਾਰਤ ਛੱਡੋ’ ਦਿਨ ਮਨਾਇਆ। ਇਸ ਮੌਕੇ ਐੱਸ ਕੇ ਐੱਮ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਪੰਜਾਬ ਭਰ ਵਿੱਚ ਮੁਜ਼ਾਹਰੇ ਕੀਤੇ। ਇਸ ਨਾਲ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਅਧਿਕਾਰੀਆਂ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨਾਲ ਸਬੰਧਤ ਮੰਗ ਪੱਤਰ ਸੌਂਪੇ। ਵੱਖ-ਵੱਖ ਥਾਵਾਂ ’ਤੇ ਇਕੱਠਾਂ ਨੂੰ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜ ਗਿੱਲ, ਨਿਰਭੈ ਸਿੰਘ ਢੁੱਡੀਕੇ, ਬਲਦੇਵ ਸਿੰਘ ਨਿਹਾਲਗੜ੍ਹ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਭੀਖੀ, ਹਰਭਜਨ ਸਿੰਘ ਬੁੱਟਰ, ਡਾ. ਸਤਨਾਮ ਸਿੰਘ ਅਜਨਾਲਾ ਸਣੇ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਭਾਰਤ-ਅਮਰੀਕਾ ਵਿਚਕਾਰ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਬੰਦ ਕੀਤੀ ਜਾਵੇ, ਸਾਰੀਆਂ ਫ਼ਸਲਾਂ ਦੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ-2+ 50% ਦੇ ਹਿਸਾਬ ਨਾਲ ਐੱਮ ਐੱਸ ਪੀ ਤੈਅ ਕਰ ਕੇ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਰੱਦ ਕੀਤਾ ਜਾਵੇ, ਚਾਰ ਲੇਬਰ ਕੋਡ ਰੱਦ ਕਰ ਕੇ ਮਗਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ, ਮਜ਼ਦੂਰਾਂ ਨੂੰ ਸਾਲ ਵਿੱਚ ਘੱਟੋ-ਘੱਟ 200 ਦਿਨ ਦੀ ਦਿਹਾੜੀ ਅਤੇ ਦਿਹਾੜੀ ਦਾ ਰੇਟ ਘੱਟੋ-ਘੱਟ 700 ਰੁਪਏ ਮਿਥਿਆ ਜਾਵੇ। ਆਗੂਆਂ ਨੇ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਾਉਣ, ਦਰਿਆਵਾਂ, ਨਹਿਰਾਂ ਅਤੇ ਪਾਣੀ ਦੇ ਹੋਰ ਸਰੋਤਾਂ ਵਿੱਚ ਪੈਂਦਾ ਫੈਕਟਰੀਆਂ ਅਤੇ ਸ਼ਹਿਰਾਂ ਦਾ ਗੰਦਾ ਪਾਣੀ ਬੰਦ ਕਰ ਕੇ ਅਜਿਹਾ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਤੋਂ ਇਲਾਵਾ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਅਤੇ ਜਲ ਸੋਧ ਐਕਟ ਰੱਦ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ ਕਰਦਿਆਂ ਜਬਰੀ ਜ਼ਮੀਨ ਐਕੁਆਇਰ ਕਰਨ ਦਾ ਵਿਰੋਧ ਕੀਤਾ।

ਇਸ ਮੌਕੇ ਜੰਗਵੀਰ ਸਿੰਘ ਚੌਹਾਨ, ਨਛੱਤਰ ਸਿੰਘ ਜੈਤੋ, ਸੁਖਦੇਵ ਸਿੰਘ ਅਰਾਈਆਂ ਵਾਲਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਹਰਮੀਤ ਸਿੰਘ ਕਾਦੀਆਂ, ਫਰਮਾਨ ਸਿੰਘ ਸੰਧੂ, ਬਲਵਿੰਦਰ ਸਿੰਘ ਰਾਜੂ ਔਲਖ, ਪ੍ਰੇਮ ਸਿੰਘ ਭੰਗੂ, ਕਿਰਨਜੀਤ ਸਿੰਘ ਸੇਖੋਂ, ਰਘਵੀਰ ਸਿੰਘ ਮਿਹਰਵਾਲ, ਜਸਕਰਨ ਸਿੰਘ ਗੋਲੇ ਵਾਲਾ, ਮੇਜਰ ਸਿੰਘ ਭਿੱਖੀ ਵਿੰਡ, ਮਲੂਕ ਸਿੰਘ ਹੀਰ ਕੇ, ਬੂਟਾ ਸਿੰਘ ਸ਼ਾਦੀਪੁਰ, ਹਰਜਿੰਦਰ ਸਿੰਘ ਟਾਂਡਾ, ਵੀਰ ਸਿੰਘ ਬੜਵਾ, ਹਰਬੰਸ ਸਿੰਘ ਸੰਘਾ, ਕੰਵਲਪ੍ਰੀਤ ਸਿੰਘ ਪੰਨੂ ਅਤੇ ਦਿਲਬਾਗ ਸਿੰਘ ਡਾਲੇ ਕੇ ਆਦਿ ਨੇ ਵੀ ਸੰਬੋਧਨ ਕੀਤਾ।

ਜੇਲ੍ਹ ਭਰੋ ਅੰਦੋਲਨ ਦੌਰਾਨ ਕਿਸਾਨਾਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ

ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਅੱਜ ਇੱਥੇ ਜੇਲ੍ਹ ਭਰੋ ਅੰਦੋਲਨ ਦੌਰਾਨ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨੇ ਜ਼ਿਲ੍ਹਾ ਕਚਹਿਰੀਆਂ ਵਿੱਚ ਪੁਲੀਸ ਦੀਆਂ ਰੋਕਾਂ ਤੋੜ ਕੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦਕ ਆਗੂਆਂ ਅਤੇ ਪੁਲੀਸ ਵਿਚਕਾਰ ਧੱਕਾ-ਮੁੱਕੀ ਹੋਈ ਅਤੇ ਮਾਹੌਲ ਤਣਾਅਪੂਰਨ ਬਣ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਧਰਨੇ ਵਿੱਚ ਆ ਕੇ ਮੰਗ ਪੱਤਰ ਹਾਸਲ ਕੀਤਾ। ਇਸ ਤੋਂ ਪਹਿਲਾਂ ਇਥੇ ਮਾਲ ਗੁਦਾਮ ’ਚ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਅੱਜ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਵੇਚ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਨਵੇਂ ਰੂਪ ਵਿੱਚ ਦੇਸ਼ ਦੇ ਸਰੋਤਾਂ ਦੀ ਲੁੱਟ ਕਰਨ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਖੇਤੀ ਵਿਚੋਂ ਬਾਹਰ ਕੱਢ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਇਕੱਲਾ ਕਿਸਾਨ ਹੀ ਆਰਥਿਕ ਤੌਰ ’ਤੇ ਪ੍ਰਭਾਵਿਤ ਨਹੀਂ ਹੋਵੇਗਾ, ਸਗੋਂ ਇਸ ਨਾਲ ਜੁੜੇ ਸਾਰੇ ਵਰਗਾਂ ਨੂੰ ਇਸ ਦੀ ਮਾਰ ਝੱਲਣੀ ਪਵੇਗੀ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਕਾਰਨ ਖੇਤੀ, ਡੇਅਰੀ ਫਾਰਮਿੰਗ ਅਤੇ ਪੋਲਟਰੀ ਫਾਰਮਿੰਗ ਤਬਾਹ ਹੋ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਇਹ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮਜ਼ਦੂਰ ਵਿਰੋਧੀ ਕਾਨੂੰਨ ਵਾਪਸ ਲਏ ਜਾਣ, ਕੱਚੇ ਕਾਮਿਆਂ ਲਈ ਸਥਾਈ ਰੁਜ਼ਗਾਰ ਦਾ ਪ੍ਰਬੰਧ, ਦਿਨ-ਬ-ਦਿਨ ਵਧ ਰਹੀ ਮਹਿੰਗਾਈ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨਕ ਹੱਕਾਂ ’ਤੇ ਹੋ ਰਹੇ ਹਮਲਿਆਂ ਨੂੰ ਬੰਦ ਕੀਤਾ ਜਾਵੇ। ਇਸ ਮੌਕੇ ਕਾਮਰੇਡ ਰਾਜਵਿੰਦਰ ਰਾਣਾ, ਰਾਮ ਸਿੰਘ ਭੈਣੀਬਾਘਾ, ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ, ਐਡਵੋਕੇਟ ਕੁਲਵਿੰਦਰ ਉੱਡਤ, ਗੁਰਨਾਮ ਸਿੰਘ ਭੀਖੀ, ਨਿਰਮਲ ਸਿੰਘ ਝੰਡੂਕੇ, ਲਖਵੀਰ ਅਕਲੀਆਂ, ਰਣਜੀਤ ਕੌਰ ਬਰੇਟਾ, ਗਗਨਦੀਪ ਕੌਰ ਬਰੇਟਾ, ਅਮਰੀਕ ਸਿੰਘ ਫਫੜੇ ਭਾਈਕੇ, ਛਿੰਦਰ ਸਿੰਘ ਸਰਦੂਲਗੜ੍ਹ, ਭਜਨ ਸਿੰਘ ਘੁੰਮਣ, ਧੰਨਾ ਮੱਲ ਗੋਇਲ, ਗੁਰਸੇਵਕ ਮਾਨ ਤੇ ਜੋਤੀ ਸਿੰਗਲਾ ਨੇ ਵੀ ਸੰਬੋਧਨ ਕੀਤਾ।

Share: