ਡੇਰਾ ਮੁਖੀ ਖ਼ਿਲਾਫ਼ ਸੁਪਰੀਮ ਕੋਰਟ ਤੋਂ ਨਿਆਂ ਦੀ ਉਮੀਦ: ਛਤਰਪਤੀ

ਡੇਰਾ ਮੁਖੀ ਖ਼ਿਲਾਫ਼ ਸੁਪਰੀਮ ਕੋਰਟ ਤੋਂ ਨਿਆਂ ਦੀ ਉਮੀਦ: ਛਤਰਪਤੀ

ਸਿਰਸਾ : ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਨੂੰ ਕਤਲ ਕਰਨ ਦੇ ਮਾਮਲੇ ਵਿਚ ਪਰਿਵਾਰ ਨੂੰ ਸੁਪਰੀਮ ਕਰੋਟ ਤੋਂ ਨਿਆਂ ਮਿਲਣ ਦੀ ਉਮੀਦ ਹੈ। ਉਨ੍ਹਾਂ ਨੇ ਸੀ ਬੀ ਆਈ ਉੱਤੇ ਕਈ ਸੁਆਲ ਵੀ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਸੀ ਬੀ ਆਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਣਾ ਚਾਹੀਦਾ ਸੀ ਪਰ ਉਹ ਸੁਪਰੀਮ ਕੋਰਟ ਨਹੀਂ ਗਈ, ਜਿਸ ਕਰਕੇ ਉਨ੍ਹਾਂ ਨੂੰ ਸੁਪਰੀਮ ਕੋਰਟ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਪਟੀਸ਼ਨ (ਐੱਸ ਐੱਲ ਪੀ) ਪਾਉਣੀ ਪਈ। ਉਹ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਅੰਸ਼ੁਲ ਛਤਰਪਤੀ ਨੇ ਕਿਹਾ ਹੈ ਕਿ ਉਹ ਨਿਆਂ ਲਈ ਸੁਪਰੀਮ ਕੋਰਟ ’ਚ ਆਪਣੀ ਪੂਰੀ ਤਾਕਤ ਨਾਲ ਇਸ ਕੇਸ ਨੂੰ ਲੜਨਗੇ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸੁਪਰੀਮ ਕੋਰਟ ਤੋਂ ਨਿਆਂ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਡੇਰਾ ਮੁਖੀ ਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਅੰਸ਼ੁਲ ਛਤਰਪਤੀ ਨੇ ਕਿਹਾ ਕਿ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਸੀ ਬੀਆ ਈ ਦੀ ਜਾਂਚ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ ਜਿਸ ਨਾਲ ਏਜੰਸੀ ਦੀ ਭਰੋਸੇਯੋਗਤਾ ਦਾਅ ’ਤੇ ਲੱਗ ਗਈ ਸੀ। ਸੀ ਬੀ ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਮੁਖੀ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਹਲਾਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਮਾਰਚ 2026 ਨੂੰ ਡੇਰਾ ਮੁਖੀ ਨੂੰ ਬਰੀ ਕਰ ਦਿੱਤਾ, ਜਦੋਂਕਿ ਤਿੰਨ ਹੋਰ ਦੋਸ਼ੀਆਂ ਦੀਆਂ ਸਜ਼ਾਵਾਂ ਨੂੰ ਬਰਕਰਾਰ ਰੱਖਿਆ।

Share: