ਚੰਡੀਗਡ਼੍ਹ/ਐੱਸ ਏ ਐੱਸ ਨਗਰ (ਮੁਹਾਲੀ) : ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜਾਂਦੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਪੁਲੀਸ ਨੇ ਚੰਡੀਗੜ੍ਹ-ਮੁਹਾਲੀ ਹੱਦ ’ਤੇ ਰੋਕ ਦਿੱਤਾ ਅਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ। ਇਸ ਦੌਰਾਨ ਕਈ ਜਣੇ ਜ਼ਖ਼ਮੀ ਹੋ ਗਏ ਅਤੇ ਕਈਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲੀਸ ਦੀਆਂ ਕਾਰਵਾਈਆਂ ਤੋਂ ਨਾਰਾਜ਼ ਕੌਮੀ ਇਨਸਾਫ਼ ਮੋਰਚਾ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਇਹ ਪਰਚੇ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਈਮਾਨ ਸਿੰਘ ਮਾਨ, ਗੁਰਚਰਨ ਸਿੰਘ ਸਣੇ ਹੋਰਨਾਂ ਕਈ ਆਗੂਆਂ ਵਿਰੁੱਧ ਦਰਜ ਹੋਏ ਹਨ।
ਬੀਤੇ ਦਿਨ ਕੌਮੀ ਇਨਸਾਫ਼ ਮੋਰਚਾ ਦੇ ਸੱਦੇ ਤਹਿਤ ਪ੍ਰਦਰਸ਼ਨਕਾਰੀਆਂ ਨੇ ਮੁਹਾਲੀ ਵਿੱਚ ਇਕੱਠੇ ਹੋ ਕੇ ਰਾਜਪਾਲ ਦੀ ਰਿਹਾਇਸ਼ ਵੱਲ ਕੂਚ ਕੀਤਾ ਜਿਸ ਕਾਰਨ ਪੁਲੀਸ ਨੇ ਮੁਹਾਲੀ ਤੋਂ ਚੰਡੀਗੜ੍ਹ ’ਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ। ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਕਾਫੀ ਖਿੱਚ-ਧੂਹ ਹੋਈ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਦਾਗ਼ੇ ਗਏ। ਪੁਲੀਸ ਦੀ ਕਾਰਵਾਈਆਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਡਟੇ ਰਹੇ ਤਾਂ ਪੁਲੀਸ ਨੇ ਡਰੋਨ ਦੀ ਮਦਦ ਨਾਲ 400 ਤੋਂ 500 ਮੀਟਰ ਪਿਛਲੇ ਪਾਸੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਈ ਜਣੇ ਜ਼ਖ਼ਮੀ ਹੋ ਗਏ। ਪੁਲੀਸ ਨੇ ਕੌਮੀ ਇਨਸਾਫ਼ ਮੋਰਚਾ ਦੇ ਪੱਕੇ ਮੋਰਚੇ ਵਾਲੀ ਥਾਂ ’ਤੇ ਵੀ ਅੱਥਰੂ ਗੈਸ ਦੇ ਗੋਲੇ ਸੁੱਟੇ, ਜਿਸ ਕਾਰਨ ਉੱਥੇ ਪਏ ਮੈਟ ਅਤੇ ਗੱਦੇ ਸੜ ਗਏ। ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨਾਲ ਮਿਲਣ ਲਈ 28 ਦਿਨ ਦੀ ਪੈਰੋਲ ਦਿੱਤੀ ਜਾਵੇ, ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ ਅਤੇ ਬਾਕੀ ਦੇ ਬੰਦੀ ਸਿੰਘਾਂ ਨੂੰ ਪੱਕੀ ਪੈਰੋਲ ਦਿੱਤੀ ਜਾਵੇ। ਇਸ ਤੋਂ ਇਕ ਦਿਨ ਪਹਿਲਾਂ 14 ਅਗਸਤ ਦੀ ਰਾਤ ਨੂੰ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਵਿੱਚੋਂ ਵੀਡੀਓ ਵਾਇਰਲ ਹੋਈ ਸੀ ਜਿਸ ’ਚ ਹਵਾਰਾ ਨੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।
ਮਰੀਜ਼ ਬਣ ਕੇ ਰਾਜ ਭਵਨ ਨੇੜੇ ਪੁੱਜੇ ਸਿਮਰਨਜੀਤ ਸਿੰਘ ਮਾਨ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਮਰੀਜ਼ ਬਣ ਕੇ ਸਾਥੀਆਂ ਸਣੇ ਰਾਜ ਭਵਨ ਨੇੜੇ ਪਹੁੰਚ ਗਏ ਤਾਂ ਪੁਲੀਸ ਨੇ ਉਨ੍ਹਾਂ ਨੂੰ ਤੁਰੰਤ ਹਿਰਾਸਤ ਵਿੱਚ ਲੈ ਕੇ ਚੰਡੀਗੜ੍ਹ ਦੇ ਸੈਕਟਰ 3 ਦੇ ਥਾਣੇ ਪਹੁੰਚਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸੈਕਟਰ 11 ਦੇ ਥਾਣੇ ਅਤੇ ਬਾਅਦ ਵਿੱਚ ਸਾਰੰਗਪੁਰ ਵਿੱਚ ਲਿਜਾਇਆ ਗਿਆ। ਪਾਰਟੀ ਦੇ ਬੁਲਾਰੇ ਗੋਪਾਲ ਸਿੰਘ ਸਿੱਧੂ ਨੇ ਚੰਡੀਗੜ੍ਹ ਪੁਲੀਸ ਦੀ ਕਾਰਵਾਈ ਦੀ ਨਿਖੇਧੀ ਕੀਤੀ।

