ਲੰਬੀ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਯੂਨੀਅਨ ਨੇ ਸੂਬਾ ਪੱਧਰ ’ਤੇ ਅੱਜ ਤੋਂ ਦੋ ਰੋਜ਼ਾ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਦਾ ਐਲਾਨ ਕੀਤਾ ਹੈ। ਹੜਤਾਲ ਕਾਰਨ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਤੋਂ ਸਬ-ਤਹਿਸੀਲਾਂ ਤੱਕ ਮਨਿਸਟੀਰੀਅਲ ਮੁਲਾਜ਼ਮਾਂ ਦਾ ਦਫ਼ਤਰੀ ਕੰਮ ਪ੍ਰਭਾਵਿਤ ਹੋਵੇਗਾ। ਯੂਨੀਅਨ ਦੀ ਸੂਬਾਈ ਲੀਡਰਸ਼ਿਪ ਮੁਤਾਬਕ 9 ਅਗਸਤ ਨੂੰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ, ਜਿਸ ਕਰਕੇ ਯੂਨੀਅਨ ਨੇ 17 ਅਤੇ 18 ਅਗਸਤ ਨੂੰ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਦਾ ਫੈਸਲਾ ਕੀਤਾ ਹੈ। ਇਹ ਸੰਘਰਸ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਹੋਈ ਮਹਾਂਰੈਲੀ ਉਪਰੰਤ ਵਿਉਂਤਬੰਦੀ ਤਹਿਤ ਮਘਿਆ ਹੈ। ਦੱਸ ਦਈਏ ਕਿ ਬੀਤੀ 7 ਅਗਸਤ ਨੂੰ ਸੈਕਟਰ-39 ਦੀ ਦਾਣਾ ਮੰਡੀ ਵਿੱਚ ਹੋਈ ਮਹਾਂਰੈਲੀ ਦੌਰਾਨ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਨੂੰ ਰੋਕਣ ਲਈ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਸਨ, ਜਿਸ ਕਰਕੇ ਕਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪੱਗਾਂ ਤੱਕ ਉੱਤਰ ਗਈਆਂ ਸਨ। ਇਸ ਮਗਰੋਂ ਯੂਨੀਅਨ ਨੇ 27 ਅਗਸਤ ਨੂੰ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ‘ਮਹਾਂ ਬੰਦ’ ਦਾ ਸੱਦਾ ਵੀ ਦਿੱਤਾ ਹੋਇਆ ਹੈ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਯੂਨੀਅਨ ਦੀਆਂ ਮੰਗਾਂ ਵਿੱਚ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ ਅਤੇ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹਨ।
ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

