ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ: Bikram Majithia

ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ: Bikram Majithia

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਭ੍ਰਿਸ਼ਟਾਚਾਰ ਦਾ ਰੈਕੇਟ ਚਲਾਉਣ ਦੇ ਦੋਸ਼ ਲਾਏ ਹਨ। ਉਨ੍ਹਾਂ ਸੀ ਐੱਮ ਓ ਦੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਦਾਅਵਾ ਕੀਤਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਇਸ ਸਾਲ 7 ਅਗਸਤ ਨੂੰ ਪੰਜਾਬ ਦੇ ਪੁਲੀਸ ਡਾਇਰੈਕਟਰ ਜਨਰਲ (ਡੀ ਜੀ ਪੀ) ਨੂੰ ਨਿਤਿਨ ਗੋਹਲ ਅਤੇ ਹੋਰਾਂ ਖ਼ਿਲਾਫ਼ ਐੱਫ ਆਈ ਆਰ ਦਰਜ ਕਰਨ ਲਈ ਪੱਤਰ ਲਿਖਿਆ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਆਪ (AAP) ਮੁਖੀ ਅਰਵਿੰਦ ਕੇਜਰੀਵਾਲ ਦੀ ਸਰਪ੍ਰਸਤੀ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਤੋਂ ਵੱਡਾ ਭ੍ਰਿਸ਼ਟਾਚਾਰ ਹੋ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਮੁੱਖ ਮੰਤਰੀ ਦਫ਼ਤਰ ਤੋਂ ਚੱਲ ਰਹੇ ਭ੍ਰਿਸ਼ਟਾਚਾਰ ਮਾਫ਼ੀਆ ਵਿਰੁੱਧ ਈ ਡੀ ਨੇ ਪੱਤਰ ਲਿਖਿਆ ਹੈ। ਦਸ ਦਿਨ ਬੀਤ ਜਾਣ ਦੇ ਬਾਵਜੂਦ ਜਾਂਚ ਏਜੰਸੀ ਦੇ ਪੱਤਰ ’ਤੇ ਐੱਫ ਆਈ ਆਰ ਦਰਜ ਨਾ ਕਰਨਾ ਸੁਪਰੀਮ ਕੋਰਟ ਦੇ ਹੁਕਮਾਂ ਦਾ ਉਲੰਘਣ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਦੋਸ਼ੀਆਂ ਵਿਰੁੱਧ ਤੁਰੰਤ ਐੱਫ ਆਈ ਆਰ ਦਰਜ ਕਰਨ ਲਈ ਹਾਈਕੋਰਟ ਦਾ ਰੁਖ਼ ਕਰਨਗੇ।

ਅਧਿਕਾਰੀ ਅਸਲਾ ਲਾਇਸੈਂਸ ਜਾਰੀ ਕਰਨ ਲਈ ਲੈ ਰਹੇ ਹਨ ਰਿਸ਼ਵਤ: ਬਿਕਰਮ ਮਜੀਠੀਆ

ਈ ਡੀ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਸਰਕਾਰੀ ਗੁਪਤਤਾ ਕਾਨੂੰਨ (Official Secrecy Act) ਦੀ ਉਲੰਘਣਾ ਅਤੇ ਕੁਝ ਧਿਰਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਸਰਕਾਰੀ ਨਿਯਮਾਂ ਨਾਲ ਛੇੜਛਾੜ ਕਰਨ ਦਾ ਮਾਮਲਾ ਉਠਾਇਆ ਸੀ। ਮਜੀਠੀਆ ਨੇ ਦਾਅਵਾ ਕੀਤਾ ਕਿ ਅਧਿਕਾਰੀ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਤਬਦੀਲੀਆਂ ਕਰਨ ਬਦਲੇ ਰਿਸ਼ਵਤ ਲੈ ਰਹੇ ਹਨ। ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਾਰਨ ਇਹ ਮਾਮਲਾ ਬਹੁਤ ਗੰਭੀਰ ਹੈ। ਈ ਡੀ ਦੇ ਪੱਤਰ ਵਿੱਚ ਨੀਤੀਗਤ ਬਦਲਾਅ, ਵਿਭਾਗੀ ਨਿਯਮਾਂ ਵਿੱਚ ਸੋਧ, ਪ੍ਰਸ਼ਾਸਕੀ ਪ੍ਰਵਾਨਗੀਆਂ, ਟੈਂਡਰ ਸ਼ਰਤਾਂ ਬਦਲਣ ਅਤੇ ਮਨੀ ਲਾਂਡਰਿੰਗ ਦਾ ਵੀ ਜ਼ਿਕਰ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਪਾਸਪੋਰਟ ਜ਼ਬਤ ਕੀਤੇ ਜਾਣ ਕਿਉਂਕਿ ਉਹ ਐੱਨ ਆਰ ਆਈ (NRI) ਹਨ।

ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਗੁਰਦੁਆਰੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਮਜੀਠੀਆ ਨੇ ਕਿਹਾ ਕਿ 2024 ਵਿੱਚ ਅੰਮ੍ਰਿਤਸਰ ਵਿੱਚ ਵੀ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਨਾਰਾਇਣ ਸਿੰਘ ਚੌੜਾ, ਜਿਸ ਨੂੰ ਆਈ ਐੱਸ ਆਈ (ISI) ਤੋਂ ਸਿਖਲਾਈ ਮਿਲੀ ਸੀ, ਉਸ ਨੂੰ ਮਾਨ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਜ਼ਮਾਨਤ ‘ਤੇ ਬਾਹਰ ਕੱਢ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਦੋਹਰੀਆਂ ਨੀਤੀਆਂ ਸਾਹਮਣੇ ਆ ਗਈਆਂ ਹਨ ਅਤੇ ਉਹ ਸਿਆਸੀ ਫ਼ਾਇਦੇ ਲਈ ਹਿੰਸਾ ਨੂੰ ਜਾਇਜ਼ ਠਹਿਰਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਦੋਵਾਂ ਹਮਲਿਆਂ ਦੀ ਐੱਨ ਆਈ ਏ (NIA) ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਪਤਾ ਲੱਗ ਸਕੇ ਕਿ ਕਿਹੜੀ ਪਾਰਟੀ ਇਸ ਹਿੰਸਾ ਨੂੰ ਉਤਸ਼ਾਹਿਤ ਕਰ ਰਹੀ ਹੈ।

Share: