ਫ਼ਰੀਦਕੋਟ : ਇੱਥੇ ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਫਾਰਮੇਸੀ ਅਫਸਰ ਦੇ ਪੇਪਰ ਵਿੱਚ ਅੰਤਰਰਾਜੀ ਗਰੋਹ ਵੱਲੋਂ ਕਥਿਤ ਨਕਲ ਮਰਵਾਉਣ ਸਬੰਧੀ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਪੁਲੀਸ ਵੱਲੋਂ ਗ੍ਰਿਫ਼ਤਾਰ 26 ਵਿਦਿਆਰਥੀਆਂ ਨੂੰ ਅਦਾਲਤ ਨੇ ਤੁਰੰਤ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਾਮਲਾ ਬੇਹੱਦ ਗੰਭੀਰ ਹੈ, ਇਸ ਲਈ ਮੁਲਜ਼ਮਾਂ ਨੂੰ ਜ਼ਮਾਨਤ ਨਾ ਦਿੱਤੀ ਜਾਵੇ ਪਰ ਅਦਾਲਤ ਨੇ ਕਿਹਾ ਕਿ ਸਿਰਫ਼ ਮਾਮਲੇ ਦੀ ਗੰਭੀਰਤਾ ਦੱਸ ਕੇ ਨੌਜਵਾਨਾਂ ਨੂੰ ਜੇਲ੍ਹ ਵਿੱਚ ਨਹੀਂ ਰੱਖਿਆ ਜਾ ਸਕਦਾ। ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਦੌਰਾਨ ਮੁਲਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪੁਲੀਸ ਨੇ ਵਿਦਿਆਰਥੀਆਂ ਨੂੰ ਗਰੋਹ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ, ਜੋ ਪੂਰੀ ਤਰ੍ਹਾਂ ਝੂਠਾ ਹੈ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਪੁਲੀਸ ਨੇ ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਕਰਨ ਸਮੇਂ ਕਾਨੂੰਨੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪੇਪਰ ਵਾਲੇ ਦਿਨ ਪ੍ਰੀਖਿਆ ਕੇਂਦਰਾਂ ਦੇ ਅੰਦਰ ਕੁਝ ਵਿਦਿਆਰਥੀਆਂ ਕੋਲੋਂ ਡਿਵਾਈਸ ਮਿਲੇ ਸਨ, ਜਿਨ੍ਹਾਂ ਰਾਹੀਂ ਹੀ ਬਾਹਰ ਬੈਠੇ ਕੁਝ ਵਿਅਕਤੀਆਂ ਵੱਲੋਂ ਫਾਰਮੇਸੀ ਅਫਸਰ ਦੇ ਪੇਪਰ ਵਿੱਚ ਨਕਲ ਮਰਵਾਈ ਗਈ ਸੀ। ਪੁਲੀਸ ਨੇ ਦਾਅਵਾ ਕੀਤਾ ਸੀ ਕਿ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵਿਅਕਤੀ ਕਥਿਤ ਇਹ ਨਕਲ ਮਰਵਾ ਰਹੇ ਸਨ। ਹਾਲਾਂਕਿ ਪੰਜਾਬ ਸਟੂਡੈਂਟਸ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਹੋਰ ਵਿਦਿਆਰਥੀ ਜਥੇਬੰਦੀਆਂ ਨੇ ਇਲਜ਼ਾਮ ਲਾਇਆ ਸੀ ਕਿ ਨਕਲ ਨਹੀਂ ਵੱਜੀ, ਬਲਕਿ ਪੇਪਰ ਲੀਕ ਹੋਇਆ ਹੈ। ਵਿਵਾਦ ਤੋਂ ਬਾਅਦ ਬਾਬਾ ਫ਼ਰੀਦ ਯੂਨੀਵਰਸਿਟੀ ਵਿੱਚ ਨਿਯੁਕਤੀਆਂ ਦੀ ਇੰਚਾਰਜ ਨੀਤੂ ਕੱਕੜ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਸੀ ਅਤੇ ਇਸ ਦੇ ਨਾਲ ਹੀ ਰਜਿਸਟਰਾਰ ਨੂੰ ਵੀ ਬਦਲ ਦਿੱਤਾ ਗਿਆ ਸੀ। ਵਿਵਾਦਾਂ ਵਿੱਚ ਆਉਣ ਤੋਂ ਬਾਅਦ ਬਾਬਾ ਫ਼ਰੀਦ ਯੂਨੀਵਰਸਿਟੀ ਨੇ ਹਾਲੇ ਤੱਕ ਪੇਪਰ ਦਾ ਨਤੀਜਾ ਨਹੀਂ ਐਲਾਨਿਆ।
Posted inFaridkot
Pharmacy Officer exam ਨਕਲ ਕਾਂਡ: ਸਾਰੇ ਵਿਦਿਆਰਥੀ ਜ਼ਮਾਨਤ ’ਤੇ ਰਿਹਾਅ

