ਰਮਦਾਸ : ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਸਰਹੱਦੀ ਪਿੰਡ ਜੱਟਾਂ ਵਿਖੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਰਿਸ਼ਤੇਦਾਰ ਦੇ ਘਰ ਉਪਰ ਗ੍ਰਨੇਡ ਹਮਲਾ ਕੀਤਾ ਗਿਆ, ਜਿਸ ਵਿਚ ਦੋ ਔਰਤਾਂ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਪੌਣੇ ਨੌਂ ਵਜੇ ਦੇ ਕਰੀਬ ਪਿੰਡ ਜੱਟਾਂ ਦੇ ਵਸਨੀਕ ਸਾਬਕਾ ਫੌਜੀ ਨਿਰਮਲ ਸਿੰਘ ਜੋ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਰਿਸ਼ਤੇਦਾਰ ਹਨ, ਦੇ ਘਰ ਦੋ ਮੋਟਰਸਾਈਕਲ ਸਵਾਰਾਂ ਵਲੋਂ ਦੋ ਗ੍ਰਨੇਡਾਂ ਨਾਲ ਹਮਲਾ ਕੀਤਾ ਗਿਆ। ਹਮਲੇ ਦੌਰਾਨ ਪਹਿਲਾ ਬੰਬ ਘਰ ਵਿੱਚ ਖੜ੍ਹੀ ਸਫਿੱਟ ਕਾਰ ’ਤੇ ਵੱਜਾ, ਜਿਸ ਕਾਰਨ ਕਾਰ ਨੁਕਸਾਨੀ ਗਈ। ਇਸੇ ਦੌਰਾਨ ਦੂਜਾ ਬੰਬ ਘਰ ਦੇ ਵਿਹੜੇ ਵਿਚ ਡਿੱਗਾ ਜਿਸ ਕਾਰਨ ਨਿਰਮਲ ਸਿੰਘ ਦਾ 30 ਸਾਲਾ ਪੁੱਤਰ ਜਸਪਾਲ ਸਿੰਘ, ਜਸਪਾਲ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਅਤੇ ਨਿਰਮਲ ਸਿੰਘ ਦੀ ਧੀ ਗੰਭੀਰ ਜ਼ਖਮੀ ਹੋ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪਿੰਡ ਦੇ ਲੋਕ ਸਹਿਮ ਗਏ। ਨਿਰਮਲ ਸਿੰਘ ਨੇ ਦੱਸਿਆ ਕਿ ਹਮਲਾਵਰ ਮੋਟਰਸਾਈਕਲ ’ਤੇ ਆਏ ਸਨ ਅਤੇ ਉਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਸੀ ਸੀ ਟੀ ਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਉਧਰ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਆਪਣੇ ਰਿਸ਼ਤੇਦਾਰਾਂ ਦੇ ਘਰ ’ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਇਸ ਦੀ ਤੁਰੰਤ ਜਾਂਚ ਦੀ ਮੰਗ ਕੀਤੀ ਹੈ। ਘਟਨਾ ਸਥਾਨ ’ਤੇ ਪਹੁੰਚੇ ਔਜਲਾ ਨੇ ਕਿਹਾ ਕਿ ਇਹ ਧਮਾਕਾ ਸਰਹੱਦੀ ਇਲਾਕਿਆਂ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਗੈਂਗਸਟਰਵਾਦ ਦੀ ਗੰਭੀਰ ਸਥਿਤੀ ਨੂੰ ਦਰਸਾਉਂਦਾ ਹੈ। ਔਜਲਾ ਨੇ ਹਲਕੇ ਦੇ ਵਿਧਾਇਕ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਇਸ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ। ਉਨ੍ਹਾਂ ਮੰਗ ਕੀਤੀ ਕਿ ਹਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਪੀੜਤ ਪਰਿਵਾਰ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
Posted inAmritsar
ਔਜਲਾ ਦੇ ਰਿਸ਼ਤੇਦਾਰ ਦੇ ਘਰ ’ਤੇ ਗ੍ਰਨੇਡ ਹਮਲਾ

