Bhagwant Mann ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦੂਰਦਰਸ਼ਨ ਦੀ ਐਂਕਰ ਨੂੰ ਭੇਜਿਆ ਕਾਨੂੰਨੀ ਨੋਟਿਸ, ਮੰਗੀ ਬਿਨਾਂ ਸ਼ਰਤ ਮੁਆਫ਼ੀ

Bhagwant Mann ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦੂਰਦਰਸ਼ਨ ਦੀ ਐਂਕਰ ਨੂੰ ਭੇਜਿਆ ਕਾਨੂੰਨੀ ਨੋਟਿਸ, ਮੰਗੀ ਬਿਨਾਂ ਸ਼ਰਤ ਮੁਆਫ਼ੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦੂਰਦਰਸ਼ਨ ਨਿਊਜ਼ ਦੀ ਐਂਕਰ ਭਾਵਨਾ ਨਾਇਰ (Bhawna Nair,) ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਰਾਹੀਂ ਉਨ੍ਹਾਂ ਖ਼ਿਲਾਫ਼ ਲਗਾਏ ਗਏ ‘ਝੂਠੇ ਅਤੇ ਬਦਨਾਮ ਕਰਨ ਵਾਲੇ’ ਦੋਸ਼ਾਂ ਲਈ 24 ਘੰਟਿਆਂ ਦੇ ਅੰਦਰ-ਅੰਦਰ ਲਿਖਤੀ ਅਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ।

ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਜਦੋਂ ਸਾਬਕਾ ਜੱਜ ਵੱਲੋਂ ਕੀਤੀ ਗਈ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਹ ਦੋਸ਼ ਲਗਾਇਆ ਗਿਆ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਕਥਿਤ ਤੌਰ ’ਤੇ ਪੈਸਿਆਂ ਦੇ ਲੈਣ-ਦੇਣ ਬਦਲੇ ਜਬਰ-ਜਨਾਹ ਦੇ ਇੱਕ ਮੁਲਜ਼ਮ ਨੂੰ ਛੱਡਾਉਣ ਵਿੱਚ ਭੂਮਿਕਾ ਨਿਭਾਈ ਸੀ, ਜਿਸ ਖ਼ਬਰ ਨੂੰ ਡੀ.ਡੀ. ਨਿਊਜ਼ ’ਤੇ ਪ੍ਰਸਾਰਿਤ ਕੀਤਾ ਗਿਆ ਸੀ। ਐਡਵੋਕੇਟ ਅਨੀਸ਼ਾ ਰਾਹੀਂ ਭੇਜੇ ਗਏ ਇਸ ਨੋਟਿਸ ਵਿੱਚ ਦੂਰਦਰਸ਼ਨ ਨੂੰ ਸਾਰੀ ਵਿਵਾਦਤ ਸਮੱਗਰੀ ਤੁਰੰਤ ਹਟਾਉਣ ਅਤੇ ਸਾਬਕਾ ਜੱਜ ਨੂੰ ਮੁਆਫ਼ੀਨਾਮਾ ਪ੍ਰਕਾਸ਼ਿਤ ਕਰਨ ਲਈ ਕਿਹਾ ਗਿਆ ਹੈ। ਦੂਜੇ ਪਾਸੇ, ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕਰਦਿਆਂ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਨੇ ਨੋਟਿਸ ਦਾ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਅਦਾਲਤ ਵਿੱਚ ਹੀ ਲੜਨਗੇ ਅਤੇ ਸਾਰੇ ਤੱਥਾਂ ਦਾ ਖੁਲਾਸਾ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਨਾ ਸਿਰਫ਼ ਸਬੰਧਤ ਵਿਅਕਤੀ ਬਲਕਿ ਕਈ ਹੋਰ ਲੋਕ ਵੀ ਨੰਗੇ ਹੋਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਕੋਲ ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਸੀ, ਹਾਲਾਂਕਿ NHRC ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਇਨ੍ਹਾਂ ਦੋਸ਼ਾਂ ਦੀ ਜਾਂਚ ਕਰਕੇ ਦੋ ਹਫ਼ਤਿਆਂ ਵਿੱਚ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ (PHRO) ਦੇ ਸੀਨੀਅਰ ਐਡਵੋਕੇਟ ਆਰ.ਐੱਸ. ਬੈਂਸ ਨੇ ਸਾਬਕਾ ਜੱਜ ਦਾ ਪੱਖ ਪੂਰਦਿਆਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਵੱਲੋਂ ਲਗਾਏ ਗਏ ਸਾਰੇ ਦੋਸ਼ ਅਦਾਲਤੀ ਕਾਰਵਾਈ ਅਤੇ ਸਰਕਾਰੀ ਦਸਤਾਵੇਜ਼ਾਂ ’ਤੇ ਆਧਾਰਿਤ ਹਨ।

Share: