Punjab Government Employees Strike: ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾਂ ਹੜਤਾਲ ਅੱਜ

Punjab Government Employees Strike: ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾਂ ਹੜਤਾਲ ਅੱਜ

ਚੰਡੀਗਡ਼੍ਹ : ਪੰਜਾਬ ਸਰਕਾਰ ’ਤੇ ਬਕਾਇਆ ਮਹਿੰਗਾਈ ਭੱਤਾ (ਡੀ ਏ) ਜਾਰੀ ਕਰਨ ਦਾ ਦਬਾਅ ਪਾਉਣ ਲਈ ਵੀਰਵਾਰ ਨੂੰ ਕਰੀਬ ਚਾਰ ਲੱਖ ਸਰਕਾਰੀ ਮੁਲਾਜ਼ਮ ਅਤੇ ਲੱਖਾਂ ਪੈਨਸ਼ਨਰ ਮਹਾਂ ਹੜਤਾਲ ’ਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਨੂੰ ਜਲੰਧਰ ਦੇ ਪੀ ਏ ਪੀ ਕੰਪਲੈਕਸ ਵਿੱਚ ਮੀਟਿੰਗ ਲਈ ਸੱਦਣ ਦੇ ਬਾਵਜੂਦ ਮੁਲਾਜ਼ਮ ਇਸ ਐਲਾਨ ’ਤੇ ਡਟੇ ਹੋਏ ਹਨ। ਇਹ ਮੀਟਿੰਗ ਪਹਿਲਾਂ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਹੋਣੀ ਸੀ ਪਰ ਮੁੱਖ ਮੰਤਰੀ ਦੇ ਰੁਝੇਵਿਆਂ ਕਾਰਨ ਇਸ ਦੀ ਥਾਂ ਬਦਲੀ ਗਈ ਹੈ।

ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਦੌਰਾਨ ਆਮ ਜਨਜੀਵਨ ਪ੍ਰਭਾਵਿਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਸੜਕਾਂ ਜਾਮ ਕੀਤੀਆਂ ਜਾਣਗੀਆਂ। ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਪੀ ਆਰ ਟੀ ਸੀ ਦੀਆਂ ਬੱਸਾਂ ਆਮ ਵਾਂਗ ਚੱਲਣਗੀਆਂ ਅਤੇ ਨਿੱਜੀ ਕਾਰੋਬਾਰਾਂ ’ਤੇ ਕੋਈ ਅਸਰ ਨਹੀਂ ਪਵੇਗਾ। ਹਾਲਾਂਕਿ ਸਾਰੇ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਹੇਗਾ। ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਸਾਰੇ ਵਿਭਾਗਾਂ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸਵੇਰੇ ਨੌਂ ਵਜੇ ਤੋਂ ਸਰਕਾਰੀ ਦਫ਼ਤਰਾਂ ਦੇ ਬਾਹਰ ਧਰਨੇ ਦੇਣਗੇ। ਚੰਡੀਗੜ੍ਹ ਵਿੱਚ ਮੁੱਖ ਸਕੱਤਰੇਤ ਅਤੇ ਸੈਕਟਰ 17 ਵਿੱਚ ਸੈਂਕੜੇ ਮੁਲਾਜ਼ਮ ਇਕੱਠੇ ਹੋ ਸਕਦੇ ਹਨ। ਅੱਜ ਸੁਸ਼ੀਲ ਕੁਮਾਰ ਫ਼ੌਜੀ ਸਮੇਤ ਹੋਰ ਮੁਲਾਜ਼ਮ ਆਗੂਆਂ ਨੇ ਸਕੱਤਰੇਤ ਵਿੱਚ ਮੁਲਾਜ਼ਮਾਂ ਨੂੰ ਹੜਤਾਲ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਢੇ ਸੱਤ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਇਹ ਰੋਸ ਸਰਕਾਰ ਲਈ ਵੱਡੀ ਚੁਣੌਤੀ ਬਣ ਗਿਆ ਹੈ, ਕਿਉਂਕਿ ਪਰਿਵਾਰਾਂ ਸਮੇਤ ਇਹ ਤਕਰੀਬਨ 38 ਲੱਖ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦੇ ਹਨ।

ਚੀਮਾ ਨੇ ਸਥਿਤੀ ਸੰਭਾਲਣ ਲਈ ਰਣਨੀਤੀ ਘੜੀ

ਸਰਕਾਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰਣਨੀਤੀ ਘੜਨ ਵਿੱਚ ਲੱਗੀ ਹੋਈ ਹੈ। ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਅਧਿਕਾਰੀ ਇਸ ਮੀਟਿੰਗ ਲਈ ਪ੍ਰਸਤਾਵ ਤਿਆਰ ਕਰਨ ਵਿੱਚ ਲੱਗੇ ਹੋਏ ਹਨ। ਸੂਤਰਾਂ ਅਨੁਸਾਰ ਆਰਥਿਕ ਤੰਗੀ ਨਾਲ ਜੂਝ ਰਹੀ ਸਰਕਾਰ ਕਰੀਬ 15 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਡੀ ਏ ਉੱਤੇ ਛੇ ਫ਼ੀਸਦੀ ਵਿਆਜ ਦੇਣ ਦੀ ਪੇਸ਼ਕਸ਼ ਕਰ ਸਕਦੀ ਹੈ ਅਤੇ ਮੂਲ ਰਕਮ ਜਾਰੀ ਕਰਨ ਲਈ ਹੋਰ ਸਮਾਂ ਮੰਗ ਸਕਦੀ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ ਇਸ ਤਜਵੀਜ਼ ਨੂੰ ਮੰਨਣ ਦੀ ਸੰਭਾਵਨਾ ਘੱਟ ਹੈ ਕਿਉਂਕਿ ਉਨ੍ਹਾਂ ਦੀ ਦਲੀਲ ਹੈ ਕਿ ਸਰਕਾਰ ਸਬਸਿਡੀਆਂ ’ਤੇ ਪੈਸਾ ਵਹਾ ਰਹੀ ਹੈ ਪਰ ਮੁਲਾਜ਼ਮਾਂ ਦੇ ਹੱਕ ਦੇਣ ਵੇਲੇ ਵਿੱਤੀ ਸੰਕਟ ਦਾ ਦਾਅਵਾ ਕਰਦੀ ਹੈ।

ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ

ਪੀ ਐੱਸ ਐੱਮ ਐੱਸ ਯੂ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਜੇ ਮੁੱਖ ਮੰਤਰੀ ਨਾਲ ਤੈਅ ਮੀਟਿੰਗ ਵਿੱਚ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸਤਰੀ ਅਕਾਲੀ ਦਲ ਦੀ ਆਗੂ ਬੀਬੀ ਸਤਵੰਤ ਕੌਰ ਜੌਹਲ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਦਾ ਪੂਰਨ ਸਮਰਥਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ ਹੈ। ਪੀ ਐੱਸ ਆਈ ਈ ਸੀ ਸਟਾਫ ਐਸੋਸੀਏਸ਼ਨ ਦੇ ਜਨਰਲ ਸਕੱਤਰ ਤਾਰਾ ਸਿੰਘ ਨੇ ਮੁਲਾਜ਼ਮਾਂ ਨੂੰ ਹੜਤਾਲ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਐਂਪਲਾਈਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ ਦੀ ਸਾਂਝੀ ਤਾਲਮੇਲ ਕਮੇਟੀ ਨੇ ਵੀ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਫਰੰਟ ਦੇ ਸੱਦੇ ਮੁਤਾਬਕ 27 ਅਗਸਤ ਨੂੰ ਹੜਤਾਲ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ।

Share: