ਸਿੱਖ ਨੌਜਵਾਨ ’ਤੇ ਤਸ਼ੱਦਦ ਦਾ ਚੁਫੇਰਿਓਂ ਵਿਰੋਧ

ਸਿੱਖ ਨੌਜਵਾਨ ’ਤੇ ਤਸ਼ੱਦਦ ਦਾ ਚੁਫੇਰਿਓਂ ਵਿਰੋਧ

ਅੰਮ੍ਰਿਤਸਰ : ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਦੇ ਸਿੱਖ ਨੌਜਵਾਨ ਮੋਹਣਜੀਤ ਸਿੰਘ ਦੀ ਪੰਜਾਬ ਪੁਲੀਸ ਵੱਲੋਂ ਕਥਿਤ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਹ ਘਟਨਾ ਮੁੱਖ ਮੰਤਰੀ ਦੇ ਦੌਰੇ ਮੌਕੇ ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕੀਤੇ ਜਾਣ ਮਗਰੋਂ ਵਾਪਰੀ ਸੀ।

ਇਸ ਦਾ ਸਖ਼ਤ ਨੋਟਿਸ ਲੈਂਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੋਸ਼ੀ ਪੁਲੀਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਆਖਿਆ ਹੈ। ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਮੋਹਣਜੀਤ ਸਿੰਘ ਨੇ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਮੁੱਖ ਮੰਤਰੀ ਨੂੰ ਆਪਣੇ ਗੁਆਂਢੀ ਦੀ ਛੱਤ ਤੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਇਆ, ਜੋ ਉਸ ਦਾ ਜਮਹੂਰੀ ਹੱਕ ਹੈ। ਕਾਲਾ ਝੰਡਾ ਦਿਖਾਉਣਾ ਕੋਈ ਅਪਰਾਧ ਨਹੀਂ, ਪ੍ਰੰਤੂ ਸਥਾਨਕ ਡੀ ਐੱਸ ਪੀ ਨੇ ਨੌਜਵਾਨ ਦੇ ਗਲ ਵਿੱਚ ਝੰਡਾ ਪਾ ਕੇ ਧੂਹਿਆ ਅਤੇ ਬਾਅਦ ਵਿੱਚ ਉਸ ਉੱਤੇ ਤਸ਼ੱਦਦ ਕੀਤਾ। ਉਨ੍ਹਾਂ ਨੇ ਇਸ ਮਾਮਲੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਪੁਲੀਸ ਕਪਤਾਨ ਨਾਲ ਵੀ ਗੱਲ ਕੀਤੀ ਹੈ ਕਿ ਨੌਜਵਾਨ ਉੱਤੇ ਤਸ਼ੱਦਦ ਕਰਨ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਡੀ ਐੱਸ ਪੀ ਅਤੇ ਥਾਣਾ ਮੁਖੀ ਨੂੰ ਤੁਰੰਤ ਬਰਖਾਸਤ ਕਰਕੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਪੁਲੀਸ ਨੇ ਅਧਿਕਾਰੀਆਂ ਨੂੰ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਜਬਰ ਜ਼ੁਲਮ ਦਾ ਪਰਚਾ ਦਰਜ ਨਾ ਕੀਤਾ ਤਾਂ ਅਕਾਲ ਤਖ਼ਤ ਪੀੜਤ ਸਿੱਖ ਨੌਜਵਾਨ ਦੇ ਨਾਲ ਖੜ੍ਹਾ ਹੈ ਅਤੇ ਇਸ ਮਾਮਲੇ ਵਿੱਚ ਅਗਾਂਹ ਕਾਰਵਾਈ ਕੀਤੀ ਜਾਵੇਗੀ।

ਸਰਕਾਰ ਨੇ ਵਿਰੋਧ ਕਰਨ ਵਾਲੇ ਪ੍ਰਤੀ ਨਾਦਰਸ਼ਾਹੀ ਪਹੁੰਚ ਅਪਣਾਈ: ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨੂੰ ਸਵਾਲ ਪੁੱਛਣ ਦੀ ਸਜ਼ਾ ਦੇਣ ਦੀ ਬਜਾਏ ਸਰਕਾਰ ਨੂੰ ਉਸ ਦਾ ਜਵਾਬ ਦੇਣਾ ਚਾਹੀਦਾ ਹੈ। ਵਿਰੋਧ ਕਰਨ ਵਾਲੇ ਪ੍ਰਤੀ ਸਰਕਾਰ ਨੇ ਤਾਨਾਸ਼ਾਹੀ ਤੇ ਨਾਦਰਸ਼ਾਹੀ ਪਹੁੰਚ ਦਾ ਪ੍ਰਗਟਾਵਾ ਕੀਤਾ ਹੈ। ਕਕਾਰਾਂ ਦੀ ਜਾਣਬੁਝ ਕੇ ਬੇਅਦਬੀ ਜਾਂ ਅਪਮਾਨਜਨਕ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪੀੜਤ ਨਾਲ ਖੜ੍ਹੀ ਹੈ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਲੋੜੀਂਦਾ ਸਹਿਯੋਗ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਪੀੜਤ ਨਾਲ ਮੁਲਾਕਾਤ

ਪੁਲੀਸ ਤਸ਼ੱਦਦ ਦਾ ਸ਼ਿਕਾਰ ਨੌਜਵਾਨ ਮੋਹਣਜੀਤ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕਰ ਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਵਫ਼ਦ ’ਚ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਸਨ। ਮੁੱਖ ਸਕੱਤਰ ਨੇ ਦੱਸਿਆ ਕਿ ਪੀੜਤ ਨੌਜਵਾਨ ਨਾਲ ਮੁਲਾਕਾਤ ਕਰ ਕੇ ਸ਼੍ਰੋਮਣੀ ਵੱਲੋਂ ਹਰ ਤਰ੍ਹਾਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਇਲਾਜ ਵੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ ਅਤੇ ਲੋੜ ਅਨੁਸਾਰ ਮਾਲੀ ਮਦਦ ਵੀ ਕੀਤੀ ਜਾਵੇਗੀ। ਵਫ਼ਦ ਨੂੰ ਮਿਲਣ ਮੌਕੇ ਮੋਹਣਜੀਤ ਸਿੰਘ ਨੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਵੀ ਕੀਤੀ ਹੈ।

Share: