Canada Nagar Kirtan: ਵਿਨੀਪੈਗ ’ਚ 23ਵਾਂ ਮਹਾਨ ਨਗਰ ਕੀਰਤਨ; ‘ਧਮਕੀਆਂ’ ਦੇ ਬਾਵਜੂਦ ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ

Canada Nagar Kirtan: ਵਿਨੀਪੈਗ ’ਚ 23ਵਾਂ ਮਹਾਨ ਨਗਰ ਕੀਰਤਨ; ‘ਧਮਕੀਆਂ’ ਦੇ ਬਾਵਜੂਦ ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ

ਵਿਨੀਪੈਗ : ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 23ਵਾਂ ਮਹਾਨ ਸਾਲਾਨਾ ਨਗਰ ਕੀਰਤਨ ਅੱਜ ਵਿਨੀਪੈਗ ਵਿੱਚ ਪੂਰੀ ਸ਼ਰਧਾ, ਉਤਸ਼ਾਹ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੰਨ ਹੋਇਆ। ਗੁਰਦੁਆਰਾ ਸਿੱਖ ਸੁਸਾਇਟੀ ਆਫ਼ ਮੈਨੀਟੋਬਾ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਮੈਨੀਟੋਬਾ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਵਾਰ ਦਾ ਨਗਰ ਕੀਰਤਨ ਭੰਨਤੋੜ ਅਤੇ ਧਮਕੀਆਂ ਦੇ ਮਾਹੌਲ ਦਰਮਿਆਨ ਹੋਇਆ। ਵਿਨੀਪੈਗ ਪੁਲੀਸ ਮੁਤਾਬਕ 4 ਸਤੰਬਰ ਨੂੰ ਸ਼ਹਿਰ ਦੇ ਕਈ ਟਰਾਂਜ਼ਿਟ ਬੋਰਡਾਂ ’ਤੇ ਸਵਾਸਤਿਕਾ ਸਮੇਤ ਨਫ਼ਰਤੀ ਚਿੰਨ੍ਹਾਂ ਵਾਲੀ ਗ੍ਰਾਫ਼ਿਟੀ ਕੀਤੇ ਜਾਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਤੋਂ ਇਲਾਵਾ ਐਤਵਾਰ ਦੇ ਸਮਾਗਮ ਨੂੰ ਲੈ ਕੇ ਧਮਕੀਆਂ ਵੀ ਸਾਹਮਣੇ ਆਈਆਂ। ਪੁਲੀਸ ਨੇ ਮਾਮਲੇ ਨੂੰ ਸੰਭਾਵਿਤ ਨਫ਼ਰਤੀ ਅਪਰਾਧ ਮੰਨਦਿਆਂ ਜਾਂਚ ਮੇਜਰ ਕ੍ਰਾਈਮ ਯੂਨਿਟ ਦੇ ਹੇਟ ਕਰਾਈਮ ਕੋਆਰਡੀਨੇਟਰਾਂ ਨੂੰ ਸੌਂਪੀ ਹੈ।

ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ

ਇਨ੍ਹਾਂ ਘਟਨਾਵਾਂ ਦੇ ਬਾਵਜੂਦ ਹਜ਼ਾਰਾਂ ਸਿੱਖਾਂ ਦਾ ਨਗਰ ਕੀਰਤਨ ਵਿੱਚ ਇਕੱਠੇ ਹੋਣਾ ਭਾਈਚਾਰੇ ਦੇ ਹੌਸਲੇ ਅਤੇ ਏਕਤਾ ਦਾ ਪ੍ਰਗਟਾਵਾ ਬਣਿਆ। ਲੈਜਿਸਲੇਟਿਵ ਬਿਲਡਿੰਗ ਦੇ ਪਾਰਕ ਵਿੱਚ ਸੰਗਤਾਂ ਦੀ ਵੱਡੀ ਭੀੜ ਇਕੱਠੀ ਹੋਈ, ਜੋ ਪ੍ਰਬੰਧਕਾਂ ਦੀਆਂ ਉਮੀਦਾਂ ਤੋਂ ਕਿਤੇ ਵੱਧ ਦੱਸੀ ਗਈ। ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਸ਼ੁਰੂਆਤ ਹੋਈ। ਸੁੰਦਰ ਢੰਗ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਅਤੇ ਪਿੱਛੇ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਅੱਗੇ ਵਧ ਰਹੀਆਂ ਸਨ।

ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰੂ ਜੱਸ ਕੀਤਾ ਗਿਆ। ਢਾਡੀ ਜਥਿਆਂ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਵਾਰਾਂ ਪੇਸ਼ ਕੀਤੀਆਂ ਗਈਆਂ। ਮੈਨੀਟੋਬਾ ਦੇ ਵੱਖ-ਵੱਖ ਗਤਕਾ ਅਖਾੜਿਆਂ ਦੇ ਸਿੰਘਾਂ ਅਤੇ ਸਿੰਘਣੀਆਂ ਨੇ ਗਤਕੇ ਦੇ ਜੌਹਰ ਦਿਖਾਏ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਉਮਰ ਵਰਗ ਦੇ ਲੋਕਾਂ ਨੇ ਸੇਵਾ ਵਿੱਚ ਹਿੱਸਾ ਲਿਆ।

ਨਗਰ ਕੀਰਤਨ ਵਿੱਚ ਨੀਲੀਆਂ ਅਤੇ ਪੀਲੀਆਂ ਦਸਤਾਰਾਂ ਤੇ ਦੁਪੱਟਿਆਂ ਨਾਲ ਸਜੀ ਸੰਗਤ ਦੀਆਂ ਕਤਾਰਾਂ ਨੇ ਵਿਨੀਪੈਗ ਦੀਆਂ ਸੜਕਾਂ ਨੂੰ ਖ਼ਾਲਸਾਈ ਰੰਗ ਵਿੱਚ ਰੰਗ ਦਿੱਤਾ। ਧਾਰਮਿਕ ਅਤੇ ਸਮਾਜ-ਸੇਵੀ ਸੰਸਥਾਵਾਂ ਤੋਂ ਇਲਾਵਾ ਗੈਰ-ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਸਹਿਯੋਗ ਦਿੱਤਾ। ਚੋਣਾਂ ਦੇ ਮਾਹੌਲ ਦਰਮਿਆਨ ਵੱਖ-ਵੱਖ ਸਿਆਸੀ ਆਗੂਆਂ ਨੇ ਵੀ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ਅਤੇ ਇਸ ਨੂੰ ਵਿਭਿੰਨਤਾ, ਸਾਂਝ ਅਤੇ ਭਾਈਚਾਰਕ ਏਕਤਾ ਦੀ ਮਿਸਾਲ ਦੱਸਿਆ। ਸਿੱਖ ਸੁਸਾਇਟੀ ਆਫ਼ ਮੈਨੀਟੋਬਾ ਦੇ ਪ੍ਰਧਾਨ ਨੇ ਕਿਹਾ ਕਿ ਨਗਰ ਕੀਰਤਨ ਵਿੱਚ ਭਰਵੀਂ ਹਾਜ਼ਰੀ ਸਿੱਖ ਧਰਮ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਸੰਗਤ ਦੀ ਡੂੰਘੀ ਆਸਥਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਧਰਤੀ ’ਤੇ ਵੱਸਦਾ ਸਿੱਖ ਭਾਈਚਾਰਾ ਆਪਣੀ ਧਾਰਮਿਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸੇਵਾ, ਸਾਂਝੀਵਾਲਤਾ ਅਤੇ ਮਨੁੱਖਤਾ ਦਾ ਸੰਦੇਸ਼ ਵੀ ਦੇ ਰਿਹਾ ਹੈ।

23ਵਾਂ ਮਹਾਨ ਨਗਰ ਕੀਰਤਨ ਨਵੀਂ ਪੀੜ੍ਹੀ ਨੂੰ ਸਿੱਖ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਦੇ ਨਾਲ ਵਿਨੀਪੈਗ ਵਿੱਚ ਸਿੱਖ ਭਾਈਚਾਰੇ ਦੀ ਏਕਤਾ, ਆਸਥਾ ਅਤੇ ਸੇਵਾ-ਭਾਵਨਾ ਦਾ ਪ੍ਰਭਾਵਸ਼ਾਲੀ ਪ੍ਰਗਟਾਵਾ ਬਣ ਕੇ ਨਿੱਬੜਿਆ।

Share: