ਜਲੰਧਰ: (ਮਨੀਸ਼ ਰਿਹਾਨ) ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵੱਲੋਂ ਅੱਜ ਸ਼ਾਮ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਮਦਨ ਫਲੋਰ ਮਿਲ ਚੌਂਕ ਵਿਖੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਗਿਆ। ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ ਅਤੇ ਨਸ਼ਾ ਤਸਕਰੀ ’ਤੇ ਕਾਬੂ ਪਾਉਣ ਵਿੱਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਸਰਕਾਰ ’ਤੇ ਨਸ਼ਾ ਤਸਕਰਾਂ ਨੂੰ ਕਥਿਤ ਤੌਰ ’ਤੇ ਹੱਲਾਸ਼ੇਰੀ ਦੇਣ ਦੇ ਦੋਸ਼ ਵੀ ਲਗਾਏ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਕਰਾਰ ਦਿੱਤਾ।
ਇਸ ਮੌਕੇ ਮੈਡਮ ਸ਼ਾਲੂ ਅਤੇ ਜਸਬੀਰ ਸਿੰਘ ਤੋਂ ਇਲਾਵਾ ਭਾਜਪਾ ਜਲੰਧਰ ਸ਼ਹਿਰੀ ਦੇ ਕਈ ਆਗੂ ਅਤੇ ਵਰਕਰ ਧਰਨੇ ਵਿੱਚ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਤੋਂ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਕੀਤੀ।
ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਸੂਬੇ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ ਅਤੇ ਇਸ ’ਤੇ ਸਿਆਸਤ ਤੋਂ ਉੱਪਰ ਉੱਠ ਕੇ ਠੋਸ ਕਾਰਵਾਈ ਦੀ ਲੋੜ ਹੈ।
ਇਸ ਰੋਸ ਪ੍ਰਦਰਸ਼ਨ ਰਾਹੀਂ ਭਾਜਪਾ ਜਲੰਧਰ ਸ਼ਹਿਰੀ ਵੱਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਆਪਣਾ ਰੋਸ ਦਰਜ ਕਰਵਾਇਆ ਗਿਆ।
