ਸ੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਪਾਰਟੀ ਵਰਕਰਾਂ ਨਾਲ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਅਖ਼ੀਰੀ ਪੜਾਅ ਦੀ ਸ਼ੁਰੂਆਤ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਨ ਲਈ ਪੁੱਜੇ ਸਨ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ 17 ਸਤੰਬਰ ਤੋਂ ਮੀਰੀ-ਪੀਰੀ ਖ਼ਾਲਸਾ ਯਾਤਰਾ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਕਲ ਪ੍ਰਧਾਨਾਂ, ਬਲਾਕ ਆਗੂਆਂ ਅਤੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਮਾਰਚ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਇਸ ਮਾਰਚ ਨੂੰ ਸ਼ੁਰੂ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਾਰਚ ਰਾਹੀਂ ਜਥੇਦਾਰ ਸਾਹਿਬ ਵੱਲੋਂ ਜਾਤ-ਪਾਤ ਤੋਂ ਉੱਪਰ ਉੱਠਣ, ਭਾਈਚਾਰਕ ਸਾਂਝ ਮਜ਼ਬੂਤ ਕਰਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਵੱਲੋਂ ਇਸ ਯਾਤਰਾ ਨੂੰ ਭਰਪੂਰ ਹੁੰਗਾਰਾ ਦਿੱਤਾ ਗਿਆ। ਅੱਜ ਇਸ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਜਥੇਦਾਰ ਮੋਹਨ ਸਿੰਘ ਢਾਹੇ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਗੁਰਦੀਪ ਸਿੰਘ ਬਾਵਾ, ਠੇਕੇਦਾਰ ਗੁਰਵਿੰਦਰ ਸਿੰਘ, ਜਰਨੈਲ ਸਿੰਘ ਗੁੰਬਰ, ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਜਸਵੀਰ ਸਿੰਘ ਢੇਰ ਅਤੇ ਸਤਨਾਮ ਸਿੰਘ ਝੱਜ ਸਮੇਤ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਵਰਕਰ ਮੌਜੂਦ ਸਨ।
Posted inRupnagar
Miri Piri Khalsa March: ਮੀਰੀ-ਪੀਰੀ ਖ਼ਾਲਸਾ ਯਾਤਰਾ ਦਾ ਤੀਜਾ ਪੜਾਅ ਤਖ਼ਤ ‘ਸ੍ਰੀ ਕੇਸਗੜ੍ਹ ਸਾਹਿਬ’ ਤੋਂ ਹੋਵੇਗਾ ਸ਼ੁਰੂ

