ਜਲੰਧਰ: (ਮਨੀਸ਼ ਰਿਹਾਨ) ਪੰਜਾਬ ਵਿੱਚ ਅਣਐਲਾਨੇ ਅਤੇ ਲੰਮੇ ਬਿਜਲੀ ਕੱਟਾਂ ਨੇ ਆਮ ਲੋਕਾਂ, ਕਿਸਾਨਾਂ, ਵਪਾਰੀਆਂ ਅਤੇ ਉਦਯੋਗਪਤੀਆਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ, ਜਿਸ ਦੇ ਵਿਰੋਧ ਵਿੱਚ ਸ਼੍ਰੋਮਣੀਅਕਾਲੀ ਦਲ ਵੱਲੋਂ ਅੱਜ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਪਾਵਰਕੌਮ ਦੇ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਗਏ। ਇਸ ਦੌਰਾਨ ਹੁਸ਼ਿਆਰਪੁਰ, ਗੜ੍ਹਸ਼ੰਕਰ, ਜਲੰਧਰ, ਧਾਰੀਵਾਲ ਅਤੇ ਫਗਵਾੜਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਕਾਲੀ ਆਗੂਆਂ, ਵਰਕਰਾਂ, ਕਿਸਾਨਾਂ ਅਤੇ ਮਹਿਲਾਵਾਂ ਨੇ ਸ਼ਮੂਲੀਅਤ ਕਰ ਕੇ ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਦੀ ਫੂਕ ਕੱਢ ਦਿੱਤੀ।
ਹੁਸ਼ਿਆਰਪੁਰ ਵਿੱਚ ਸਰਕਲ ਦਫ਼ਤਰ ਟਾਂਡਾ ਰੋਡ ਵਿੱਚ ਲਾਏ ਵਿਸ਼ਾਲ ਧਰਨੇ ਦੀ ਅਗਵਾਈ ਕਰਦਿਆਂ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ ਕਿ ਲੰਮੇ ਕੱਟਾਂ ਕਾਰਨ ਘਰਾਂ ਦਾ ਰੋਜ਼ਾਨਾ ਜੀਵਨ, ਖੇਤੀਬਾੜੀ ਅਤੇ ਛੋਟੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਬਿਕਰਮਜੀਤ ਸਿੰਘ ਕਲਸੀ ਅਤੇ ਪ੍ਰੇਮ ਸਿੰਘ ਨੇ ਕਿਹਾ ਕਿ ਜਨਤਾ ਨੂੰ ਸਿਆਸੀ ਬਿਆਨਬਾਜ਼ੀ ਦੀ ਨਹੀਂ ਸਗੋਂ ਜ਼ਮੀਨੀ ਪੱਧਰ ’ਤੇ ਠੋਸ ਹੱਲਾਂ ਦੀ ਲੋੜ ਹੈ। ਨੀਤੀ ਤਲਵਾੜ ਨੇ ਵੀ ਬਿਜਲੀ ਕਾਰਨ ਬੱਚਿਆਂ ਦੀ ਪੜ੍ਹਾਈ ਵਿੱਚ ਆ ਰਹੀਆਂ ਦਿੱਕਤਾਂ ਦਾ ਮੁੱਦਾ ਜ਼ੋਰਦਾਰ ਤਰੀਕੇ ਨਾਲ ਚੁੱਕਿਆ।
ਬਿਜਲੀ ਦੀ ਸਪਲਾਈ ਵਿੱਚ ਕਟੌਤੀ ਹੋਣ ਦੇ ਵਿਰੁੱਧ ਸ਼੍ਰੋਮਣੀਅਕਾਲੀ ਦਲ ਜਲੰਧਰ ਸ਼ਹਿਰੀ ਦੇ ਆਗੂਆਂ ਨੇ ਸ਼ਕਤੀ ਸਦਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ। ਇਸ ਮੌਕੇ ਅਕਾਲੀ ਦਲ ਦੇ ਆਗੂਆਂ ਨੇ ਚੀਫ ਇੰਜਨੀਅਰ ਸਰਬਜੀਤ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ। ਜਲੰਧਰ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਵਿੱਚ ਖ਼ਰਾਬ ਬਿਜਲੀ ਦੇ ਪ੍ਰਬੰਧਾਂ ਕਾਰਨ ਬਿਜਲੀ ਸੰਕਟ ਵਧਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਬਿਜਲੀ ਦੇ ਲੱਗ ਰਹੇ ਲੰਬੇ ਘੱਟ ਕਾਰਨ ਵਪਾਰਿਕ ਅਦਾਰੇ ਅਤੇ ਜਨਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ 24 ਘੰਟੇ ਬਿਜਲੀ ਸਪਲਾਈ ਦੇ ਵਾਅਦੇ ਤੋਂ ਮੁਨਕਰ ਹੋ ਰਹੀ ਹੈ। ਇਸ ਮੌਕੇ ਮਨਿੰਦਰ ਪਾਲ ਸਿੰਘ ਗੁੰਬਰ, ਅੰਮ੍ਰਿਤਵੀਰ ਸਿੰਘ, ਐਡਵੋਕੇਟ ਵਿਨੋਦ ਕੌਲ, ਸੁਰਜੀਤ ਸਿੰਘ, ਸਾਹਿਬ ਸਿੰਘ ਢਿੱਲੋਂ, ਜਸਵਿੰਦਰ ਸਿੰਘ ਕੰਬੋਜ ਅਤੇ ਮਨੀਸ਼ ਗਿੱਲ ਮੌਜੂਦ ਸਨ।

