ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੋਰਚੇ ਨੇ ਹਰਿਆਣਾ ਵਿੱਚ ਹੋ ਰਹੀ ਦੇਰੀ ਤੋਂ ਦੁਖੀ ਹੋਏ ਕਿਸਾਨਾਂ ਉੱਪਰ ਭਾਜਪਾ ਸਰਕਾਰ ਵੱਲੋਂ ਲਾਠੀਚਾਰਜ ਕਰਨ, ਹੰਝੂ ਗੈਸ ਦੇ ਗੋਲੇ ਦਾਗ਼ਣ ਅਤੇ ਪਾਣੀ ਦੀਆਂ ਬੋਛਾੜਾਂ ਮਾਰਨ ਦੀ ਜ਼ੋਰਦਾਰ ਨਿੰਦਾ ਕੀਤੀ। ਐੱਸ.ਕੇ.ਐੱਮ. (SKM) ਪੰਜਾਬ ਨੇ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਵੱਲੋਂ ਝੋਨੇ ਦੀ ਖ਼ਰੀਦ ਫ਼ੌਰੀ ਸ਼ੁਰੂ ਕੀਤੀ ਜਾਵੇ। ਹਰਿਆਣਾ ਦੀ ਭਾਜਪਾ ਸਰਕਾਰ ਨੂੰ ਕਿਸਾਨਾਂ ਉੱਤੇ ਜਬਰ ਕਰਨ ਪ੍ਰਤੀ ਸਖ਼ਤ ਚਿਤਾਵਨੀ ਦਿੰਦਿਆਂ ਪੰਜਾਬ ਦੇ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਉਹ ਆਪਣੇ ਭਰਾਵਾਂ ’ਤੇ ਹੋ ਰਹੇ ਜਬਰ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਦੇਖਣਗੇ।

ਐੱਸ.ਕੇ.ਐੱਮ. ਪੰਜਾਬ ਨੇ ਭਗਵੰਤ ਸਿੰਘ ਮਾਨ ਸਰਕਾਰ ਨੂੰ ਕਿਹਾ ਕਿ ਪੰਜਾਬ ਦੇ ਕੁੱਝ ਖੇਤਰਾਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ, ਪ੍ਰੰਤੂ ਸਰਕਾਰ ਵੱਲੋਂ ਖ਼ਰੀਦ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ। ਇਸੇ ਤਰ੍ਹਾਂ ਬਿਜਾਈ ਲਈ ਡੀ.ਏ.ਪੀ. (DAP) ਦੀ ਘਾਟ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐੱਸ.ਕੇ.ਐੱਮ. ਪੰਜਾਬ ਨੇ ਮੰਗ ਕੀਤੀ ਹੈ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਡੀ.ਏ.ਪੀ. ਦੀ ਢੁੱਕਵੀਂ ਸਪਲਾਈ ਯਕੀਨੀ ਬਣਾਈ ਜਾਵੇ।

Share: