ਚੰਡੀਗਡ਼੍ਹ : ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦੇ ਵਿਧਾਨ ਸਭਾ ਹਲਕਾ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤੀਵੀਧੀਆਂ ਦੇ ਚੱਲਦਿਆਂ ਪਾਰਟੀ ’ਚੋਂ ਮੁਅੱਤਲ ਕਰਨ ਤੋਂ ਬਾਅਦ ਸੱਤਾਧਾਰੀ ਧਿਰ ਦੇ ਵਿਧਾਇਕਾਂ ਵਿੱਚ ਆਪਣੀ ਹੀ ਪਾਰਟੀ ਪ੍ਰਤੀ ਬੇਭਰੋਸਗੀ ਨੇ ਮੁੜ ਤੋਂ ਚਰਚਾ ਛੇੜ ਦਿੱਤੀ ਹੈ। ਅਜਿਹੇ ਵਿੱਚ ‘ਆਪ’ ਨੂੰ ਵੱਡੀ ਗਿਣਤੀ ਵਿਧਾਇਕਾਂ ਨੂੰ ਸਾਂਭਣ ਲਈ ਔਕੜਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਤੋਂ ਪਹਿਲਾਂ ‘ਆਪ’ ਨੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਸੀ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਸੋਸ਼ਲ ਮੀਡੀਆ ’ਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ’ਤੇ ਸਵਾਲ ਚੁੱਕਦਿਆਂ ਅਧਿਆਪਕਾਂ ਦੀ ਘਾਟ ਤੇ ਸਕੂਲਾਂ ਦਾ ਨਵੀਨੀਕਰਨ ਨਾ ਹੋਣ ਦੀ ਗੱਲ ਕੀਤੀ ਸੀ। ਇਸੇ ਕਰ ਕੇ ‘ਆਪ’ ਨੇ ਮਾਈਸਰਖਾਨਾ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ। ਇਸ ਤੋਂ ਪਹਿਲਾਂ ਜੂਨ 2025 ਵਿੱਚ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸਾਲ 2015 ਦੇ ਬੇਅਦਬੀ ਕਾਂਡ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਨਾ ਕਰਨ ਅਤੇ ਅਕਾਲੀ ਦਲ ਦੇ ਇੱਕ ਸੀਨੀਅਰ ਆਗੂ ਖ਼ਿਲਾਫ਼ ਕਾਰਵਾਈ ਦੀ ਘਾਟ ’ਤੇ ਵਾਰ-ਵਾਰ ਸਰਕਾਰ ਦੀ ਘੇਰਾਬੰਦੀ ਕਰਨ ਕਾਰਨ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਸੀ। ਹਾਲਾਂਕਿ ਆਮ ਆਦਮੀ ਪਾਰਟੀ ਨੇ ਕਈ ਹੋਰਨਾਂ ਵਿਧਾਇਕਾਂ ਨੂੰ ਪਹਿਲਾਂ ਹੀ ਨਜ਼ਰਅੰਦਾਜ਼ ਕਰਦਿਆਂ ਸਾਲ 2027 ਦੀਆਂ ਵਿਧਾਨ ਸਭਾ ਵਿੱਚ ਟਿਕਟ ਨਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸੇ ਕਰ ਕੇ ਉਨ੍ਹਾਂ ਦੀ ਥਾਂ ਨਵੇਂ ਚਿਹਰਿਆਂ ਨੂੰ ਹਲਕਾ ਇੰਚਾਰਜ ਲਾ ਦਿੱਤਾ ਗਿਆ। ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਹੜ੍ਹ ਰੋਕਥਾਮ ਅਤੇ ਰਾਹਤ ਕਾਰਜਾਂ ਦੇ ਪ੍ਰਬੰਧਨ ਨੂੰ ਲੈ ਕੇ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ ਸਨ। ਇਸੇ ਕਰ ਕੇ ਪਠਾਣਮਾਜਰਾ ਨੂੰ ਆਪਣੇ ਹਾਲ ’ਤੇ ਹੀ ਛੱਡ ਦਿੱਤਾ ਹੈ। ਉੱਧਰ ਪਛਾਣਮਾਜਰਾ ਨੂੰ ਵੱਖਰੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਤੋਂ ਪਹਿਲਾਂ ਮਾਰਚ 2024 ਵਿੱਚ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਅੰਗੁਰਾਲ ਨੇ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਵੀਕਾਰ ਕਰ ਲਿਆ ਸੀ। ਇਸੇ ਕਾਰਨ ਜਲੰਧਰ ਪੱਛਮੀ ਵਿੱਚ ਜ਼ਿਮਨੀ ਚੋਣ ਕਰਵਾਉਣੀ ਪਈ ਸੀ। ਰਿੰਕੂ 2023 ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ ਅਤੇ ‘ਆਪ’ ਦੀ ਟਿਕਟ ’ਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤੇ ਸਨ। ਇਸ ਮਗਰੋਂ ‘ਆਪ’ ਨੇ ਉਨ੍ਹਾਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਸੀ, ਪਰ ਉਹ ਅੰਗੁਰਾਲ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਇਸੇ ਤਰ੍ਹਾਂ ਜਲੰਧਰ ਦੇ ਇਕ ਹੋਰ ਵਿਧਾਇਕ ਰਮਨ ਅਰੋੜਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਮਈ 2025 ਵਿੱਚ ਇੱਕ ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਿੱਥੇ ਪਾਰਟੀ ਨੇ ਨਿਤਿਨ ਕੋਹਲੀ ਨੂੰ ਜਲੰਧਰ ਕੇਂਦਰੀ ਹਲਕੇ ਦਾ ਨਵਾਂ ਇੰਚਾਰਜ ਨਿਯੁਕਤ ਕਰ ਦਿੱਤਾ ਸੀ। ਉੱਧਰ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਟਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਫ਼ਰਵਰੀ 2023 ਵਿੱਚ ਇੱਕ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਦੇ ਹਲਕੇ ਵਿੱਚ ਨਵਾਂ ਹਲਕਾ ਇੰਚਾਰਜ ਲਗਾ ਦਿੱਤਾ ਸੀ। ਅਜਿਹੇ ਵਿੱਚ ਪਾਰਟੀ ਦੇ ਵੱਡੀ ਗਿਣਤੀ ਵਿਧਾਇਕਾਂ ਨੂੰ ਇਕੱਠੇ ਰੱਖਣ ਲਈ ਆਮ ਆਦਮੀ ਪਾਰਟੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ: ‘ਆਪ’
‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗੱਲ ਹੈ ਤਾਂ ਆਗੂਆਂ ਨੂੰ ਪਹਿਲਾਂ ਪਾਰਟੀ ਵਿੱਚ ਰੱਖਣੀ ਚਾਹੀਦੀ ਹੈ। ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪਾਰਟੀ ਵਿਰੁੱਧ ਝੂਠ ਬੋਲਿਆ ਗਿਆ ਸੀ। ਜਿਹੜੇ ਸਕੂਲ ਦੀ ਉਹ ਗੱਲ ਕਰ ਰਹੇ ਹਨ, ਉੱਥੇ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਹੈ।

