Gurdwara Bangla Sahib Incident: ਕੇਜਰੀਵਾਲ ਤੇ ‘ਆਪ’ ਆਗੂਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ

Gurdwara Bangla Sahib Incident: ਕੇਜਰੀਵਾਲ ਤੇ ‘ਆਪ’ ਆਗੂਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ

ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਪੁਲੀਸ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪਾਰਟੀ ਵਿਧਾਇਕਾਂ ਅਤੇ ਹੋਰ ਆਗੂਆਂ ਖ਼ਿਲਾਫ਼ ਮਾਮਲਾ (ਐੱਫ.ਆਈ.ਆਰ.) ਦਰਜ ਕਰ ਲਿਆ ਹੈ। ‘ਆਪ’ ਆਗੂਆਂ ’ਤੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੀ ਮਰਿਆਦਾ ਭੰਗ ਕਰਨ, ਹੰਗਾਮਾ ਕਰਨ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਭਰਮਾਊ ਵੀਡੀਓ ਤੇ ਪੋਸਟਾਂ ਵਾਇਰਲ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਦਿੱਲੀ ਪੁਲੀਸ ਮੁਤਾਬਕ ਸ਼ਿਕਾਇਤ ਨਾਲ ਸੌਂਪੀ ਗਈ ਵੀਡੀਓ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਡੀ.ਐੱਸ.ਜੀ.ਐੱਮ.ਸੀ. ਨੇ ਪੁਲੀਸ ਕਮਿਸ਼ਨਰ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ‘ਆਪ’ ਦੇ ਵਰਕਰਾਂ ਅਤੇ ਸਮਰਥਕਾਂ ਨੇ ਇੱਕ ਯੋਜਨਾਬੱਧ ਤਰੀਕੇ ਨਾਲ ਗੁਰਦੁਆਰਾ ਬੰਗਲਾ ਸਾਹਿਬ ਦੀ ਪਰਿਕਰਮਾ ਤੇ ਕੰਪਲੈਕਸ ਵਿੱਚ ਦਾਖ਼ਲ ਹੋ ਕੇ ਸਿਆਸੀ ਪ੍ਰਦਰਸ਼ਨ ਕੀਤਾ, ਜਿਸ ਨਾਲ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਪ੍ਰਭਾਵਿਤ ਹੋਈ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਪ੍ਰਦਰਸ਼ਨਕਾਰੀਆਂ ਨੇ ਉੱਥੇ ਸਿਆਸੀ ਨਾਅਰੇਬਾਜ਼ੀ ਕੀਤੀ ਅਤੇ ਹੁੱਲੜਬਾਜ਼ੀ ਦਾ ਮਾਹੌਲ ਪੈਦਾ ਕੀਤਾ, ਜਿਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕਮੇਟੀ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਹੰਗਾਮੇ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ, ਸਬੰਧਤ ਸਬੂਤਾਂ ਅਤੇ ਸੀ.ਸੀ.ਟੀ.ਵੀ. ਫੁਟੇਜ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਕਿ ਇਸ ਪ੍ਰਦਰਸ਼ਨ ਦੀ ਯੋਜਨਾ ਕਿਸ ਨੇ ਬਣਾਈ ਅਤੇ ਕਿਸ ਦੇ ਨਿਰਦੇਸ਼ਾਂ ’ਤੇ ਇਹ ਸਭ ਕੀਤਾ ਗਿਆ। ਪੁਲੀਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਨਿਆਇਕ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share: