ਚੰਡੀਗੜ੍ਹ : ਵੋਟ ਚੋਰੀ ਦੇ ਮਾਮਲੇ ’ਤੇ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਕਈ ਆਗੂਆਂ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ 14 ਖਾਮੀਆਂ ਸਾਹਮਣੇ ਆਈਆਂ ਹਨ। ਇਨ੍ਹਾਂ ਵਿੱਚ ਅਦਾਲਤੀ ਫੀਸ 220 ਰੁਪਏ ਘੱਟ ਜਮ੍ਹਾਂ ਕਰਵਾਉਣਾ, ਕੁਝ ਪਟੀਸ਼ਨਕਰਤਾਵਾਂ ਦੇ ਵਕਾਲਤਨਾਮੇ ਨਾ ਹੋਣਾ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਘਾਟ ਸ਼ਾਮਲ ਹੈ। ਇਨ੍ਹਾਂ ਖਾਮੀਆਂ ਕਾਰਨ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰਨ ਦੀ ਪ੍ਰਕਿਰਿਆ ਪ੍ਰਭਾਵਿਤ ਹੋਈ ਹੈ ਅਤੇ ਅੱਜ 13 ਅਕਤੂਬਰ ਨੂੰ ਇਸ ਮਾਮਲੇ ਦੀ ਸੁਣਵਾਈ ਨਹੀਂ ਹੋਵੇਗੀ। ਜਾਣਕਾਰੀ ਅਨੁਸਾਰ ਅਦਾਲਤ ਨੇ ਪਟੀਸ਼ਨ ਵਿੱਚ 14 ਦੇ ਕਰੀਬ ਇਤਰਾਜ਼ ਦਰਜ ਕੀਤੇ ਹਨ। ਇਨ੍ਹਾਂ ਵਿੱਚ ਕੁਝ ਪਟੀਸ਼ਨਕਰਤਾਵਾਂ ਦੇ ਵਕੀਲਾਂ ਦੇ ਦਸਤਖ਼ਤ ਨਾ ਹੋਣ ਜਾਂ ਵਕਾਲਤਨਾਮੇ ਜਮ੍ਹਾਂ ਨਾ ਕਰਵਾਉਣ ਅਤੇ ਸਹਾਇਕ ਦਸਤਾਵੇਜ਼ਾਂ ਨਾਲ ਜੁੜੀਆਂ ਖਾਮੀਆਂ ਸ਼ਾਮਲ ਹਨ। ਪਟੀਸ਼ਨ ਨਾਲ ਪੁਰਾਣੇ ਫ਼ੈਸਲੇ ਦੀ ਕਾਪੀ ਨੱਥੀ ਨਾ ਹੋਣ ਦਾ ਮੁੱਦਾ ਵੀ ਸਾਹਮਣੇ ਆਇਆ ਹੈ।
ਵੋਟਰ ਸੂਚੀਆਂ ਦੀ ਸੋਧ ਨੂੰ ਚੁਣੌਤੀ
ਰਾਹੁਲ ਗਾਂਧੀ ਅਤੇ ਹੋਰ ਵਿਰੋਧੀ ਆਗੂਆਂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਅਤੇ ਕਥਿਤ ਬੇਨੇਮੀਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਪਟੀਸ਼ਨ ਵਿੱਚ ਚੋਣ ਕਮਿਸ਼ਨ ਦੇ ਫ਼ੈਸਲਿਆਂ ਅਤੇ ਵੋਟਰ ਸੂਚੀਆਂ ਵਿੱਚੋਂ ਨਾਂ ਹਟਾਉਣ ਦੀ ਪ੍ਰਕਿਰਿਆ ਬਾਰੇ ਜਾਂਚ ਕਰਵਾਉਣ ਸਮੇਤ ਕਈ ਮੰਗਾਂ ਰੱਖੀਆਂ ਗਈਆਂ ਹਨ।
ਇਸ ਪਟੀਸ਼ਨ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਆਗੂ ਵੀ ਪਟੀਸ਼ਨਕਰਤਾ ਹਨ। ਪਟੀਸ਼ਨ ਵਿੱਚ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਸਮੇਤ ਹੋਰ ਚੋਣ ਕਮਿਸ਼ਨਰਾਂ ਨੂੰ ਧਿਰ ਬਣਾਇਆ ਗਿਆ ਹੈ।
ਰਜਿਸਟਰੀ ਵੱਲੋਂ ਦਰਸਾਈਆਂ ਖਾਮੀਆਂ ਦੂਰ ਹੋਣ ਅਤੇ ਲੋੜੀਂਦੇ ਦਸਤਾਵੇਜ਼ ਪੂਰੇ ਹੋਣ ਤੋਂ ਬਾਅਦ ਹੀ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰਨ ਦੀ ਪ੍ਰਕਿਰਿਆ ਅੱਗੇ ਵਧ ਸਕੇਗੀ।
ਇਸ ਤੋਂ ਪਹਿਲਾਂ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਵਿਰੋਧੀ ਧਿਰ ਦੇ ਹੋਰ ਆਗੂਆਂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐੱਸ ਆਈ ਆਰ) ਦੀ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦਾ ਦੋਸ਼ ਲਾਉਂਦਿਆਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਵਿਰੋਧੀ ਧਿਰ ਨੇ ਇਸ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ ਇਸ ਨੂੰ ਰੋਕਣ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ‘ਇੰਡੀਆ’ ਗੱਠਜੋੜ ਦੇ ਆਗੂ ਸੋਮਵਾਰ ਨੂੰ ਸੁਪਰੀਮ ਕੋਰਟ ਵੱਲ ਮਾਰਚ ਕਰਦੇ ਹੋਏ ਪਹੁੰਚੇ। ਵਿਰੋਧੀ ਧਿਰ ਦੇ ਆਗੂਆਂ ਨੇ ਪਹਿਲਾਂ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਬਾਰੇ ਮੰਗ ਪੱਤਰ ਦੇਣ ਦੀ ਕੋਸ਼ਿਸ਼ ਕੀਤੀ ਸੀ ਪਰ ਚੀਫ਼ ਜਸਟਿਸ ਨੇ ਮੁਲਾਕਾਤ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਮੁੱਦੇ ਪਹਿਲਾਂ ਹੀ ਅਦਾਲਤ ਵਿੱਚ ਵਿਚਾਰ ਅਧੀਨ ਹਨ। ਇਸ ਲਈ ਆਗੂਆਂ ਨੂੰ ਪ੍ਰਸ਼ਾਸਕੀ ਪੱਧਰ ’ਤੇ ਮੁਲਾਕਾਤ ਕਰਨ ਦੀ ਥਾਂ ਨਿਆਂਇਕ ਪ੍ਰਕਿਰਿਆ ਰਾਹੀਂ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ।
ਰਾਹੁਲ ਗਾਂਧੀ ਨੇ ‘ਇੰਡੀਆ’ ਗੱਠਜੋੜ ਦੇ ਆਗੂਆਂ ਨੂੰ ਚਾਹ ’ਤੇ ਸੱਦਿਆ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ‘ਇੰਡੀਆ’ ਗੱਠਜੋੜ ਦੇ ਆਗੂਆਂ ਨੂੰ ਚਾਹ ’ਤੇ ਸੱਦਾ ਦਿੱਤਾ ਹੈ। ਇਹ ਸੱਦਾ ਵਿਰੋਧੀ ਧਿਰ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਅਤੇ ਚੋਣ ਕਮਿਸ਼ਨ ਦੇ ਕੰਮਕਾਜ ਵਿੱਚ ਕਥਿਤ ਬੇਨੇਮੀਆਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਇੱਕ ਦਿਨ ਬਾਅਦ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਰੋਧੀ ਧਿਰ ਦੇ ਆਗੂਆਂ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵੱਲ ਰੋਸ ਮਾਰਚ ਕੀਤਾ ਸੀ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਹੋਰ ਪਾਰਟੀਆਂ ਦੇ ਆਗੂ ਵੀ ਸ਼ਾਮਲ ਹੋਏ ਸਨ। ਵਿਰੋਧੀ ਧਿਰ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਅਤੇ ਵੋਟਰ ਸੂਚੀਆਂ ਦੀ ਸੋਧ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਮੰਗ ਕੀਤੀ ਹੈ।
ਇਸ ਮਾਮਲੇ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੇ ਸੁਪਰੀਮ ਕੋਰਟ ਵਿੱਚ ਸਾਂਝੀ ਪਟੀਸ਼ਨ ਵੀ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਵੋਟਰ ਸੂਚੀਆਂ ਵਿੱਚੋਂ ਨਾਂ ਹਟਾਉਣ ਦੇ ਮਾਮਲਿਆਂ ਦੀ ਜਾਂਚ ਅਤੇ ਚੋਣ ਕਮਿਸ਼ਨ ਦੇ ਰਿਕਾਰਡ ਦੀ ਪੜਤਾਲ ਦੀ ਮੰਗ ਕੀਤੀ ਗਈ ਹੈ।
ਚਾਹ ’ਤੇ ਹੋਣ ਵਾਲੀ ਇਸ ਮੁਲਾਕਾਤ ਦੌਰਾਨ ਗੱਠਜੋੜ ਦੇ ਆਗੂਆਂ ਵੱਲੋਂ ਅਗਲੇ ਕਦਮਾਂ ਬਾਰੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਟਿੰਗ ਦੇ ਏਜੰਡੇ ਬਾਰੇ ਅਧਿਕਾਰਤ ਵੇਰਵੇ ਸਾਹਮਣੇ ਨਹੀਂ ਆਏ ਹਨ।

