Parvinder Jhota Murder: ਮਾਨਸਾ ਦੇ ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟਾ’ ਦੀ ਗੋਲੀਆਂ ਮਾਰ ਕੇ ਹੱਤਿਆ; ਫੇਸਬੁੱਕ ’ਤੇ ਸੀ ਲਾਈਵ

Parvinder Jhota Murder: ਮਾਨਸਾ ਦੇ ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟਾ’ ਦੀ ਗੋਲੀਆਂ ਮਾਰ ਕੇ ਹੱਤਿਆ; ਫੇਸਬੁੱਕ ’ਤੇ ਸੀ ਲਾਈਵ

ਚੰਡੀਗੜ੍ਹ : ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਕਾਂਡ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ। ਮੈਡੀਕਲ ਸਟੋਰ ਮਾਲਕ ਨੇ ਮੰਗਲਵਾਰ ਸਵੇਰੇ ਤਾਬੜਤੋੜ ਗੋਲੀਆਂ ਮਾਰੀਆ ਅਤੇ ਇਹ ਗੋਲੀਆਂ ਇੰਨੇ ਕਰੀਬੋਂ ਮਾਰੀਆਂ ਗਈਆਂ ਕਿ ਉਹ ਝੋਟਾ ਦੇ ਸਰੀਰ ਦੇ ਆਰ-ਪਾਰ ਹੋ ਗਈਆਂ। ਜਾਣਕਾਰੀ ਅਨੁਸਾਰ, ਘਟਨਾ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਫੇਸਬੁੱਕ ਪੇਜ ’ਤੇ 5 ਮਿੰਟ 48 ਸਕਿੰਟ ਦੀ ਲਾਈਵ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਵਿੱਚ ਝੋਟਾ ਅਤੇ ਉਨ੍ਹਾਂ ਦੇ ਸਾਥੀ ਨਸ਼ਿਆਂ ਨਾਲ ਜੁੜੇ ਮੁੱਦੇ ’ਤੇ ਦਵਾਈਆਂ ਦੀ ਦੁਕਾਨ ਦੇ ਮਾਲਕ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਗੋਲੀਬਾਰੀ ਹੋ ਗਈ। ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦੇ ਸਨ ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦੇ ਸਨ। ਇਸ ਨੂੰ ਲੈ ਕੇ ਕਈ ਵਾਰ ਉਨ੍ਹਾਂ ਦਾ ਝਗੜਾ ਵੀ ਹੋ ਚੁੱਕਾ ਸੀ ਅਤੇ ਉਨ੍ਹਾਂ ਦੇ ਕਹਿਣ ’ਤੇ ਕਈ ਪੰਚਾਇਤਾਂ ਨੇ ਨਸ਼ੇ ਦੇ ਖ਼ਿਲਾਫ਼ ਮਤੇ ਤੱਕ ਪਾਸ ਕੀਤੇ ਸਨ। ਪਰਵਿੰਦਰ ਸਿੰਘ ਝੋਟਾ ਨੂੰ ਸੋਸ਼ਲ ਮੀਡੀਆ ’ਤੇ ‘ਝੋਟਾ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਮਾਨਸਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕੁਝ ਮੈਡੀਕਲ ਸਟੋਰਾਂ ’ਤੇ ਪਾਬੰਦੀਸ਼ੁਦਾ ਕੈਪਸੂਲ ਵੇਚਣ ਦੇ ਦੋਸ਼ ਲਗਾਉਂਦਿਆਂ ਮੁਹਿੰਮ ਚਲਾਈ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਦਵਾਈਆਂ ਦੀ ਵਿਕਰੀ ਕਾਰਨ ਨੌਜਵਾਨਾਂ ਦਾ ਨੁਕਸਾਨ ਹੋ ਰਿਹਾ ਹੈ। ਮਾਨਸਾ ਦੇ ਇੱਕ ਦਵਾਈਆਂ ਵੇਚਣ ਵਾਲੇ ਦੁਕਾਨਦਾਰ ਨੂੰ ਜੁੱਤੀਆਂ ਦੀ ਮਾਲਾ ਪਾ ਕੇ ਸ਼ਹਿਰ ਵਿੱਚ ਘੁਮਾਉਂਦੇ ਹੋਏ ਥਾਣੇ ਬੰਦ ਕਰਵਾਇਆ ਸੀ ਅਤੇ ਇਹ ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਆਂ ਉਸੇ ਦੁਕਾਨਦਾਰ ਵੱਲੋਂ ਚਲਾਈਆਂ ਗਈਆਂ ਹਨ। ਇਸ ਪੂਰੀ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ।

Share: