Jantar Mantar Protest: CJP ਆਗੂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

Jantar Mantar Protest: CJP ਆਗੂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ ’ਤੇ ਬਿਨਾਂ ਇਜਾਜ਼ਤ ਅਤੇ ਇੱਕ ਨਿੱਜੀ ਜਾਇਦਾਦ ਰਾਹੀਂ ਦਾਖ਼ਲ ਹੋ ਕੇ ਹੰਗਾਮਾ ਕਰਨ ਅਤੇ ਪੁਲੀਸ ਮੁਲਾਜ਼ਮਾਂ ਦੀ ਡਿਊਟੀ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ‘ਕੌਕਰੇਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ 14 ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਦਿੱਲੀ ਪੁਲੀਸ ਅਨੁਸਾਰ ਇਹ ਘਟਨਾ 13 ਅਕਤੂਬਰ ਦੀ ਸਵੇਰ ਨੂੰ ਵਾਪਰੀ, ਜਦੋਂ ਸੌਰਵ ਦਾਸ, ਆਸ਼ੂਤੋਸ਼ ਰਾਂਕਾ ਅਤੇ ਅਜਿੰਕਿਆ ਸ਼ਿੰਦੇ ਸਮੇਤ ਪ੍ਰਦਰਸ਼ਨਕਾਰੀਆਂ ਦਾ ਇੱਕ ਸਮੂਹ ਜੰਤਰ-ਮੰਤਰ ਪਹੁੰਚ ਗਿਆ, ਜਦੋਂਕਿ ਪ੍ਰਸ਼ਾਸਨ ਵੱਲੋਂ ਇਸ ਥਾਂ ਨੂੰ ਪ੍ਰਦਰਸ਼ਨਾਂ ਲਈ ਪਹਿਲਾਂ ਹੀ ਰੱਦ (Denotified) ਕੀਤਾ ਜਾ ਚੁੱਕਾ ਹੈ।

ਮੌਕੇ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਕੰਮ ’ਚ ਰੁਕਾਵਟ ਪਾਈ। ਇਸ ਸਬੰਧੀ ਕਨੌਟ ਪਲੇਸ ਅਤੇ ਪਾਰਲੀਮੈਂਟ ਸਟਰੀਟ ਥਾਣਿਆਂ ਵਿੱਚ ਦੋ ਅਲੱਗ-ਅਲੱਗ ਮਾਮਲੇ ਦਰਜ ਕੀਤੇ ਗਏ ਹਨ। ਪੁਲੀਸ ਨੇ ਲਗਾਤਾਰ ਕਾਨੂੰਨ ਦੀ ਉਲੰਘਣਾ ਕਰਨ ਅਤੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਭੜਕਾਉਣ ਦੇ ਖ਼ਦਸ਼ੇ ਨੂੰ ਵੇਖਦਿਆਂ ਸੌਰਵ ਦਾਸ, ਆਸ਼ੂਤੋਸ਼ ਰਾਂਕਾ ਅਤੇ ਅਜਿੰਕਿਆ ਸ਼ਿੰਦੇ ਨੂੰ ਨਿਯਮਾਂ ਤਹਿਤ ਗ੍ਰਿਫ਼ਤਾਰ ਕਰ ਲਿਆ। ਤਿੰਨਾਂ ਦੋਸ਼ੀਆਂ ਨੂੰ ਵਿਸ਼ੇਸ਼ ਕਾਰਜਕਾਰੀ ਮਜਿਸਟਰੇਟ (SEM) ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀਆਂ ਧਾਰਾਵਾਂ 126 ਅਤੇ 170 ਤਹਿਤ ਕਾਰਵਾਈ ਕੀਤੀ ਗਈ। ਅਦਾਲਤ ਨੇ ਦੋਬਾਰਾ ਮਾਹੌਲ ਖ਼ਰਾਬ ਕਰਨ ਦੇ ਖ਼ਦਸ਼ੇ ਨੂੰ ਵੇਖਦਿਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ 5 ਦਿਨਾਂ ਲਈ ਨਿਆਇਕ ਹਿਰਾਸਤ (ਜੇਲ੍ਹ) ਵਿੱਚ ਭੇਜ ਦਿੱਤਾ ਹੈ, ਜਦੋਂਕਿ ਅਜਿੰਕਿਆ ਸ਼ਿੰਦੇ ਨੂੰ 5,000 ਰੁਪਏ ਦੇ ਨਿੱਜੀ ਮੁਚਲਕੇ ’ਤੇ 6 ਮਹੀਨਿਆਂ ਤੱਕ ਸ਼ਾਂਤੀ ਬਣਾਈ ਰੱਖਣ ਦੀ ਸ਼ਰਤ ’ਤੇ ਰਿਹਾਅ ਕੀਤਾ ਗਿਆ ਹੈ।

Share: