ਮਾਨਸਾ ਖੇਤਰ ‘ਚ ਪਏ ਭਾਰੀ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਫ਼ਸਲ ਪ੍ਰਭਾਵਿਤ, ਸ਼ਹਿਰ ਦੇ ਨੀਵੇਂ ਇਲਾਕੇ ਜਲਥਲ

ਮਾਨਸਾ ਖੇਤਰ ‘ਚ ਪਏ ਭਾਰੀ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਫ਼ਸਲ ਪ੍ਰਭਾਵਿਤ, ਸ਼ਹਿਰ ਦੇ ਨੀਵੇਂ ਇਲਾਕੇ ਜਲਥਲ

ਮਾਨਸਾ : ਅੱਜ ਮਾਨਸਾ ਇਲਾਕੇ ਵਿਚ ਤੜਕਸਾਰ ਭਾਰੀ ਮੀਂਹ ਪੈਣ ਕਾਰਨ ਸ਼ਹਿਰ ਦੇ ਸਾਰੇ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਇਸ ਮੀਂਹ ਨੇ ਖੇਤਾਂ ਵਿਚ ਕੰਮ ਖ਼ਿਲਾਰ ਦੇਣਾ ਹੈ, ਜਦੋਂ ਕਿ ਕੁਝ ਦਿਨ ਪਹਿਲਾਂ ਆਏ ਮੀਂਹ ਨੇ ਪਹਿਲਾਂ ਤੋਂ ਹੀ ਖੇਤਾਂ ਵਿਚ ਝੋਨੇ ਦੀ ਵਾਢੀ ਦਾ ਕਾਰਜ ਰੋਕਿਆ ਹੋਇਆ ਹੈ। ਦੂਜੇ ਪਾਸੇ ਮੰਡੀਆਂ ਵਿੱਚ ਪਿਆ ਝੋਨਾ ਭਿੱਜ ਗਿਆ ਹੈ ਅਤੇ ਖੇਤਾਂ ਵਿਚ ਨਰਮੇ ਦੀ ਚੁਗਾਈ ਦਾ ਕੰਮ ਵੀ ਰੁਕ ਜਾਵੇਗਾ।

ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖ਼ੋਜ ਕੇਂਦਰਾਂ ਦੇ ਮਾਹਿਰ ਡਾ ਜਤਿੰਦਰ ਕੌਰ ਨੇ
15 ਅਕਤੂਬਰ ਨੂੰ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਸਬੰਧੀ ਭਵਿੱਖਬਾਣੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੁਝ ਖੇਤਰਾਂ ਵਿੱਚ ਗਰਜ਼-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕੁਝ ਥਾਵਾਂ ’ਤੇ ਗੜੇਮਾਰੀ ਵੀ ਹੋ ਸਕਦੀ ਹੈ।
 ਉਨ੍ਹਾਂ ਇਸ ਬਦਲਦੇ ਮੌਸਮ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਖੇਤੀਬਾੜੀ ਦੇ ਕੰਮ ਮੌਸਮ ਦੀ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਕਰਨ ਅਤੇ ਫ਼ਸਲਾਂ ਦੇ ਨੁਕਸਾਨ ਤੋਂ ਬਚਾਅ ਲਈ ਲੋੜੀਂਦੇ ਅਗਾਊਂ ਪ੍ਰਬੰਧ ਕਰਨ। ਵੱਢਣ ਲਈ ਤਿਆਰ ਝੋਨੇ ਦੀ ਫ਼ਸਲ ਦੀ ਵਾਢੀ ਮੌਸਮ ਸਾਫ਼ ਹੋਣ ’ਤੇ ਜਲਦੀ ਮੁਕੰਮਲ ਕਰਨ ਦੀ ਕੋਸ਼ਿਸ਼ ਕਰੋ। ਵੱਢੀ ਹੋਈ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਸੁਰੱਖਿਅਤ ਥਾਂ ’ਤੇ ਰੱਖੋ।
ਉਨ੍ਹਾਂ ਦੱਸਿਆ ਸੀ ਕਿ ਮੰਡੀ ਵਿੱਚ ਪਏ ਝੋਨੇ ਅਤੇ ਹੋਰ ਫ਼ਸਲਾਂ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਨਾਲ ਚੰਗੀ ਤਰ੍ਹਾਂ ਢੱਕੋ ਅਤੇ ਪਾਣੀ ਦੀ  ਨਿਕਾਸੀ ਦਾ ਪ੍ਰਬੰਧ ਕਰੋ। ਉਨ੍ਹਾਂ ਨਰਮੇ ਦੀ ਚੁਗਾਈ ਮੌਸਮ ਸਾਫ਼ ਹੋਣ ’ਤੇ ਕਰਨ ਦੀ ਸਲਾਹ ਦਿੱਤੀ।
ਇਸੇ ਦੌਰਾਨ ਹੀ ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ ਹਰਜਿੰਦਰ ਸਿੰਘ ਸਿੱਧੂ ਨੇ ਮੀਂਹ  ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤਾਂ ਵਿੱਚ ਸਿੰਚਾਈ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਸਬਜ਼ੀਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਨਿਕਾਸੀ ਦੇ ਢੁਕਵੇਂ ਪ੍ਰਬੰਧ ਕਰਨ। ਤੇਜ਼ ਹਵਾਵਾਂ ਕਾਰਨ ਫ਼ਸਲਾਂ ਦੇ ਡਿੱਗਣ ਜਾਂ ਹੋਰ ਨੁਕਸਾਨ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਿਆ ਜਾਵੇ।

ਉਧਰ ਇਸ ਮੀਂਹ ਨੇ ਸ਼ਹਿਰਾਂ ਵਿੱਚ ਪਾਣੀ ਭਰ ਦਿੱਤਾ ਗਿਆ ਹੈ। ਨੀਵੇਂ ਇਲਾਕਿਆਂ ਵਿਚ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਐਨਾ ਹੀ ਨਹੀਂ ਬਲਕਿ ਪਾਣੀ ਰੋਕਣ ਲਈ ਡਿਪਟੀ ਕਮਿਸ਼ਨਰ ਮਾਨਸਾ ਦੇ ਘਰ ਅੱਗ ਵੀ ਬੋਰੀਆਂ ਲਾਈਆਂ ਗਈਆਂ ਹਨ।

Share: