Parwinder Jhota Murder: ਕਿਸਾਨ ਆਗੂ ਰਾਕੇਸ਼ ਟਿਕੈਤ ਮਾਨਸਾ ਦੇ ਮੋਰਚੇ ’ਚ 24 ਅਕਤੂਬਰ ਨੂੰ ਪੁੱਜਣਗੇ

Parwinder Jhota Murder: ਕਿਸਾਨ ਆਗੂ ਰਾਕੇਸ਼ ਟਿਕੈਤ ਮਾਨਸਾ ਦੇ ਮੋਰਚੇ ’ਚ 24 ਅਕਤੂਬਰ ਨੂੰ ਪੁੱਜਣਗੇ

ਬਠਿੰਡਾ : ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਤੋਂ ਬਾਅਦ ਮਾਨਸਾ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵਿੱਢਿਆ ਗਿਆ ਮੋਰਚਾ ਦਿਨ-ਬ-ਦਿਨ ਹੋਰ ਭਖਦਾ ਜਾ ਰਿਹਾ ਹੈ। ਹੁਣ ਇਸ ਸੰਘਰਸ਼ ਨੂੰ ਰਾਸ਼ਟਰੀ ਪੱਧਰ ‘ਤੇ ਵੱਡਾ ਸਮਰਥਨ ਮਿਲਣ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ. ਟਿਕੈਤ) ਦੇ ਕੌਮੀ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਮਾਨਸਾ ਵਿਖੇ ਚੱਲ ਰਹੇ ਧਰਨੇ ਵਿੱਚ ਸ਼ਿਰਕਤ ਕਰਨਗੇ। ਇਸ ਸਬੰਧੀ ਰਸਮੀ ਪੁਸ਼ਟੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ – ਟਿਕੈਤ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕਿ ਰਾਕੇਸ਼ ਟਿਕੈਤ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਅਤੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਖ਼ਾਸ ਤੌਰ ‘ਤੇ ਮਾਨਸਾ ਪਹੁੰਚ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਸੀ, ਜਿਸ ਵਿੱਚ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਬੇਹੱਦ ਭਾਵੁਕ ਹੁੰਦਿਆਂ ਕਿਹਾ ਸੀ ਕਿ ਉਹ ਇਨਸਾਫ਼ ਦੀ ਇਸ ਲੜਾਈ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਉਡੀਕ ਕਰ ਰਹੇ ਹਨ। ਪਰਿਵਾਰ ਵੱਲੋਂ ਕੀਤੀ ਗਈ ਇਸ ਖ਼ਾਸ ਅਪੀਲ ਤੋਂ ਬਾਅਦ ਰਾਕੇਸ਼ ਟਿਕੈਤ ਦਾ ਧਰਨੇ ‘ਚ ਸ਼ਾਮਲ ਹੋਣ ਦਾ ਐਲਾਨ ਸਾਹਮਣੇ ਆਇਆ ਹੈ।

ਕੀ ਹੈ ਪੂਰਾ ਮਾਮਲਾ?

ਮਾਨਸਾ ਦੇ ਚਰਚਿਤ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਜੋ ਇਲਾਕੇ ਵਿੱਚ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਸਨ, ਦਾ ਪਿਛਲੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿੱਚ ਰੋਸ ਦੀ ਲਹਿਰ ਦੌੜ ਗਈ। ਸਥਾਨਕ ਲੋਕ, ਨਸ਼ਾ ਵਿਰੋਧੀ ਫਰੰਟ ਅਤੇ ਕਿਸਾਨ ਜਥੇਬੰਦੀਆਂ ਕਾਤਲਾਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਲਗਾਤਾਰ ਧਰਨਾ ਦੇ ਰਹੇ ਹਨ।
Share: