ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੁੰਦਿਆਂ ਹੀ ਵਿਛੜੀਆਂ ਰੂਹਾਂ ਨੂੰ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਉੱਘੇ ਡਾਕਟਰ ਰਤਨ ਲਾਲ ਮਿੱਤਲ ਅਤੇ ਨਸ਼ਾ ਵਿਰੋਧੀ ਕਾਰਕੂਨ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸੰਗਰੂਰ ਵਿਖੇ ਸੜਕ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ 8 ਮਗਨਰੇਗਾ ਕਾਮਿਆਂ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਵਿਦਿਆ ਦੇਵੀ ਨੂੰ ਵੀ ਸਰਧਾਂਜਲੀ ਭੇਟ ਕੀਤੀ ਗਈ।
ਇਸ ਉਪਰੰਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਵਿਧਾਨ ਸਭਾ ਦੀ ਕਾਰਵਾਈ ਨੂੰ 23 ਅਕਤੂਬਰ ਸਵੇਰੇ 10 ਵਜੇ ਤੱਕ ਮੁਲਤਵੀ ਕੀਤਾ।ਪੰਜਾਬ ਵਿਧਾਨ ਸਭਾ ਦਾ ਇਜਲਾਸ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਸਮੁੱਚੇ ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਰੌਲਾ ਪਿਆ ਹੋਇਆ ਹੈ। ਇਨ੍ਹਾਂ ਮੁੱਦਿਆਂ ’ਤੇ ਕੇਂਦਰ ਅਤੇ ਸੂਬਾ ਸਰਕਾਰ ਦਰਮਿਆਨ ਟਕਰਾਅ ਵੀ ਸਿਖਰ ’ਤੇ ਹੈ। ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲ ਕੇਸ ’ਚ ਇਨਸਾਫ਼ ਦੀ ਮੰਗ ਲਈ ਮਾਨਸਾ ਵਿੱਚ ਲੋਕ ਸੜਕਾਂ ’ਤੇ ਹਨ।ਇਸ ਦੌਰਾਨ ਅਬੋਹਰ ਵਿੱਚ ਪਿਛਲੇ ਦਿਨੀਂ ਅਜੈ ਨਾਮ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਪੀੜਿਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਅੱਜ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਮ੍ਰਿਤਕ ਦੀ ਮਾਤਾ ਮੰਜੂ ਅਤੇ ਭੈਣ ਸਿਮਰਨਜੋਤ ਨੂੰ ਨਾਲ ਲੈ ਕੇ ਵਿਧਾਨ ਸਭਾ ਪਹੁੰਚੇ ਹਨ।
ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ
ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਤੇ ਆਪ (AAP) ਸਰਕਾਰ ‘ਤੇ ਗੈਂਗਸਟਰਵਾਦ ਅਤੇ ਨਜਾਇਜ਼ ਨਸ਼ਾ ਤਸਕਰੀ ਨੂੰ ਰੋਕਣ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਏ। ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।

