ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦੇ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਵੈਭਵ ਚੌਧਰੀ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ ਉਠਾਉਣ ਲਈ ਸੰਸਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲੋਕ ਸਭਾ ਦੀ ਕਾਰਜਪ੍ਰਣਾਲੀ ਅਤੇ ਕੰਮਕਾਜ ਦੇ ਨਿਯਮਾਂ ਦੇ ਨਿਯਮ 222 ਅਤੇ 223 ਦਾ ਹਵਾਲਾ ਦਿੰਦਿਆਂ ਪੁਲੀਸ ਅਧਿਕਾਰੀ ਦੇ ਵਿਹਾਰ ’ਤੇ ਸਵਾਲ ਚੁੱਕੇ ਹਨ।
ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਲਿਖੇ ਪੱਤਰ ਵਿੱਚ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਐੱਸਐੱਸਪੀ ਨੇ ਲੋਕਾਂ ਦੀ ਸਮੱਸਿਆ ਚੁੱਕਣ ਦੇ ਉਨ੍ਹਾਂ ਦੇ ਯਤਨਾਂ ਵਿੱਚ ਰੁਕਾਵਟ ਪਾਈ। ਉਹ 29 ਅਕਤੂਬਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਦਲਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਗਏ ਸਨ। ਦਲਜੀਤ ਸਿੰਘ ਇੱਕ ਛੋਟਾ ਕਿਸਾਨ ਸੀ ਅਤੇ ਪਰਿਵਾਰ ਅਨੁਸਾਰ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ ਪੁਲੀਸ ਦੀ ਕਾਰਵਾਈ ਬਾਰੇ ਜਾਣਕਾਰੀ ਲੈਣ ਲਈ ਐੱਸਐੱਸਪੀ ਵੈਭਵ ਚੌਧਰੀ ਨੂੰ ਫ਼ੋਨ ਕੀਤਾ ਸੀ। ਇਹ ਮਾਮਲਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਕਤਲ ਤੋਂ ਬਾਅਦ ਚੱਲ ਰਹੇ ਰੋਸ ਮੁਜ਼ਾਹਰਿਆਂ ਦਰਮਿਆਨ ਸਾਹਮਣੇ ਆਇਆ ਹੈ। ਝੋਟਾ ਦੀ 13 ਅਕਤੂਬਰ ਨੂੰ ਕਥਿਤ ਤੌਰ ’ਤੇ ਨਾਜਾਇਜ਼ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੇ ਮਾਮਲੇ ਵਿੱਚ ਇੱਕ ਮੈਡੀਕਲ ਸਟੋਰ ਮਾਲਕ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਮ੍ਰਿਤਕ ਦੇਹ ਲਿਜਾਣ ਦੇ ਦੋਸ਼
ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਪੁਲੀਸ ਨੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਦਲਜੀਤ ਸਿੰਘ ਦੀ ਲਾਸ਼ ਜ਼ਬਰਦਸਤੀ ਉਨ੍ਹਾਂ ਤੋਂ ਲੈ ਲਈ। ਪਰਿਵਾਰ ਇਸ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਿਹਾ ਸੀ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਪੁਲੀਸ ਨੇ ਇਸ ਦੌਰਾਨ ਤਾਕਤ ਦੀ ਵਰਤੋਂ ਕੀਤੀ ਅਤੇ ਪਰਿਵਾਰ ਨੂੰ ਡਰਾਇਆ-ਧਮਕਾਇਆ। ਲਾਸ਼ ਲਿਜਾਣ ਅਤੇ ਉਸ ਨੂੰ ਪਰਿਵਾਰ ਦੇ ਹਵਾਲੇ ਕਰਨ ਸਬੰਧੀ ਵੀ ਕੋਈ ਤਸੱਲੀਬਖ਼ਸ਼ ਜਾਣਕਾਰੀ ਨਹੀਂ ਦਿੱਤੀ ਗਈ।
ਉਨ੍ਹਾਂ ਨੇ ਦਲਜੀਤ ਸਿੰਘ ਦੇ ਸ਼ੂਗਰ ਤੋਂ ਪੀੜਤ ਪਿਤਾ ਜਰਨੈਲ ਸਿੰਘ ਨੂੰ ਵੀ ਵਰਦੀਧਾਰੀ ਪੁਲੀਸ ਮੁਲਾਜ਼ਮਾਂ ਵੱਲੋਂ ਉੱਥੋਂ ਲਿਜਾਣ ਦਾ ਮੁੱਦਾ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਪਰਿਵਾਰ ਨੂੰ ਇਹ ਨਹੀਂ ਦੱਸਿਆ ਗਿਆ ਕਿ ਜਰਨੈਲ ਸਿੰਘ ਕਿੱਥੇ ਹਨ।
ਹਰਸਿਮਰਤ ਬਾਦਲ ਨੇ ਕਿਹਾ ਕਿ ਐੱਸਐੱਸਪੀ ਨਾਲ ਹੋਈ ਗੱਲਬਾਤ ਰਿਕਾਰਡ ਕੀਤੀ ਗਈ ਸੀ। ਇਸ ਦੌਰਾਨ ਐੱਸਐੱਸਪੀ ਨੇ ਵਾਰ-ਵਾਰ ਉਨ੍ਹਾਂ ਦੀ ਗੱਲਬਾਤ ਵਿੱਚ ਦਖ਼ਲ ਦਿੱਤਾ, ਉਨ੍ਹਾਂ ਦੇ ਬਿਆਨ ਨੂੰ ਗ਼ਲਤ ਬਿਰਤਾਂਤ ਦੱਸਿਆ ਅਤੇ ਉਨ੍ਹਾਂ ਦੇ ਸਵਾਲਾਂ ਨੂੰ ਗੁਮਰਾਹਕੁਨ ਕਰਾਰ ਦੇ ਕੇ ਖਾਰਜ ਕੀਤਾ।
ਉਨ੍ਹਾਂ ਅਨੁਸਾਰ ਐੱਸਐੱਸਪੀ ਨੇ ਮੰਨਿਆ ਕਿ ਪੁਲੀਸ ਨੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਲਾਸ਼ ਆਪਣੇ ਕਬਜ਼ੇ ਵਿੱਚ ਲਈ ਸੀ ਪਰ ਨਾਲ ਹੀ ਕਿਹਾ ਕਿ ਪਰਿਵਾਰ ਨੂੰ ਖ਼ੁਦ ਆ ਕੇ ਲਾਸ਼ ਲੈਣੀ ਚਾਹੀਦੀ ਹੈ। ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਐੱਸਐੱਸਪੀ ਨੇ ਜਰਨੈਲ ਸਿੰਘ ਨੂੰ ਲਿਜਾਣ ਵਿੱਚ ਪੁਲੀਸ ਦੀ ਕਿਸੇ ਵੀ ਭੂਮਿਕਾ ਤੋਂ ਇਨਕਾਰ ਕੀਤਾ ਅਤੇ ਪਰਿਵਾਰ ਨੂੰ ਉਨ੍ਹਾਂ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਉਣ ਦੀ ਸਲਾਹ ਦਿੱਤੀ।
ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਮਾਮਲਾ ਭੇਜਣ ਦੀ ਮੰਗ
ਹਰਸਿਮਰਤ ਬਾਦਲ ਨੇ ਲੋਕ ਸਭਾ ਸਪੀਕਰ ਤੋਂ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕਰਦਿਆਂ ਅਪੀਲ ਕੀਤੀ ਹੈ ਕਿ ਇਸ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜਿਆ ਜਾਵੇ ਅਤੇ ਪੰਜਾਬ ਸਰਕਾਰ ਤੋਂ ਤੱਥਾਂ ’ਤੇ ਆਧਾਰਿਤ ਰਿਪੋਰਟ ਮੰਗੀ ਜਾਵੇ।
ਉਨ੍ਹਾਂ ਨੇ ਸਬੰਧਤ ਐੱਫਆਈਆਰ, ਮੌਤ ਦੀ ਜਾਂਚ ਅਤੇ ਪੋਸਟਮਾਰਟਮ ਦੀਆਂ ਰਿਪੋਰਟਾਂ ਵੀ ਮੰਗੀਆਂ ਹਨ। ਇਸ ਤੋਂ ਇਲਾਵਾ ਲਾਸ਼ ਨੂੰ ਕਥਿਤ ਤੌਰ ’ਤੇ ਜ਼ਬਰਦਸਤੀ ਲਿਜਾਣ, ਉਸ ਨੂੰ ਪਰਿਵਾਰ ਦੇ ਹਵਾਲੇ ਕਰਨ ਦੇ ਪ੍ਰਬੰਧਾਂ ਅਤੇ ਜਰਨੈਲ ਸਿੰਘ ਦੇ ਲਾਪਤਾ ਹੋਣ ਜਾਂ ਪੁਲੀਸ ਹਿਰਾਸਤ ਵਿੱਚ ਹੋਣ ਸਬੰਧੀ ਰਿਕਾਰਡ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਹੈ।

