ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਪੁਲੀਸ ਨੇ ਗੋਲੀਬਾਰੀ ਦੀਆਂ 3 ਘਟਨਾਵਾਂ ਨੂੰ ਸੁਲਝਾਉਂਦਿਆਂ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਵਿੱਚੋਂ 5 ਗੈਰ-ਕਾਨੂੰਨੀ ਪਿਸਤੌਲ, 2 ਆਧੁਨਿਕ ਉਜ਼ੀ ਗੰਨਾਂ (Uzi guns), 2 ਹੱਥਗੋਲੇ, 34 ਕਿਲੋਗ੍ਰਾਮ ਹੈਰੋਇਨ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਉਹ ਅਪਰਾਧਿਕ ਤੱਤਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ। ਇਸ ਸਬੰਧੀ ਥਾਣਾ ਘਰਿੰਡਾ, ਥਾਣਾ ਬਿਆਸ, ਥਾਣਾ ਮਹਿਤਾ, ਥਾਣਾ ਲੋਪੋਕੇ ਅਤੇ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਵੱਖ-ਵੱਖ ਐੱਫਆਈਆਰ (FIR) ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅੱਗੇ ਜਾਂਚ ਜਾਰੀ ਹੈ।
Posted inAmritsar
ਪੁਲੀਸ ਵੱਲੋਂ ਹਥਿਆਰਾਂ, ਵਿਸਫੋਟਕਾਂ ਤੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼; 16 ਗ੍ਰਿਫ਼ਤਾਰ

