ਸਿੱਖ ਧਰਮ ਦਾ ਇਤਿਹਾਸ ਦੁਨੀਆ ਦੇ ਧਾਰਮਿਕ ਅਤੇ ਅਧਿਆਤਮਿਕ ਇਤਿਹਾਸ ਵਿੱਚ ਇੱਕ ਵਿਲੱਖਣ ਸਥਾਨ ਰੱਖਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਦਸ ਗੁਰੂ ਸਾਹਿਬਾਨਾਂ ਨੇ ਮਨੁੱਖਤਾ ਨੂੰ ਸੱਚ, ਸੇਵਾ, ਸਿਮਰਨ, ਤਿਆਗ, ਬਹਾਦਰੀ, ਬਰਾਬਰਤਾ ਅਤੇ ਸਰਬੱਤ ਦੇ ਭਲੇ ਦਾ ਅਜਿਹਾ ਸੰਦੇਸ਼ ਦਿੱਤਾ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਬਹੁਤ ਘੱਟ ਮਿਲਦੀ ਹੈ। ਦਸ ਗੁਰੂ ਸਾਹਿਬਾਨਾਂ ਦਾ ਜੀਵਨ ਕੇਵਲ ਧਾਰਮਿਕ ਰਹਿਨੁਮਾਈ ਤੱਕ ਸੀਮਤ ਨਹੀਂ, ਸਗੋਂ ਮਨੁੱਖੀ ਜੀਵਨ ਦੇ ਹਰ ਪੱਖ ਲਈ ਪ੍ਰੇਰਨਾ ਦਾ ਸਰੋਤ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨੀਆ ਨੂੰ ਸੱਚ ਦਾ ਮਾਰਗ ਦਿਖਾਇਆ। ਉਨ੍ਹਾਂ ਨੇ ਜਾਤ-ਪਾਤ, ਊਚ-ਨੀਚ, ਅੰਧਵਿਸ਼ਵਾਸ ਅਤੇ ਸਮਾਜਿਕ ਵਿਤਕਰਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸਿਧਾਂਤ ਦਿੱਤਾ। ਉਨ੍ਹਾਂ ਦਾ ਜੀਵਨ ਤਪੱਸਿਆ, ਸੱਚਾਈ ਅਤੇ ਮਨੁੱਖਤਾ ਦੀ ਸੇਵਾ ਦੀ ਅਦੁੱਤੀ ਮਿਸਾਲ ਹੈ।
ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਂਦਿਆਂ ਗੁਰਮੁਖੀ ਲਿਪੀ ਨੂੰ ਪ੍ਰਚਲਿਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਦਾ ਜੀਵਨ ਗੁਰੂ ਪ੍ਰਤੀ ਪੂਰਨ ਸਮਰਪਣ, ਆਗਿਆਕਾਰੀ ਅਤੇ ਨਿਮਰਤਾ ਦਾ ਪ੍ਰਤੀਕ ਹੈ।
ਸ੍ਰੀ ਗੁਰੂ ਅਮਰਦਾਸ ਜੀ ਨੇ ਸੇਵਾ ਅਤੇ ਸਮਾਨਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਲੰਗਰ ਦੀ ਪਰੰਪਰਾ ਨੂੰ ਵਿਸ਼ਾਲ ਰੂਪ ਦੇ ਕੇ ਉਨ੍ਹਾਂ ਨੇ ਇਹ ਸੰਦੇਸ਼ ਦਿੱਤਾ ਕਿ ਗੁਰੂ ਦੇ ਦਰਬਾਰ ਵਿੱਚ ਕੋਈ ਛੋਟਾ ਜਾਂ ਵੱਡਾ ਨਹੀਂ। ਉਨ੍ਹਾਂ ਦਾ ਜੀਵਨ ਨਿਸ਼ਕਾਮ ਸੇਵਾ ਦੀ ਮਹਾਨ ਮਿਸਾਲ ਹੈ।
ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਨੀਂਹ ਰੱਖ ਕੇ ਸਿੱਖ ਕੌਮ ਨੂੰ ਇੱਕ ਮਹਾਨ ਧਾਰਮਿਕ ਅਤੇ ਅਧਿਆਤਮਿਕ ਕੇਂਦਰ ਬਖ਼ਸ਼ਿਆ। ਉਨ੍ਹਾਂ ਦੀ ਨਿਮਰਤਾ, ਸਿਦਕ, ਪ੍ਰੇਮ ਅਤੇ ਸਮਰਪਣ ਦੀ ਭਾਵਨਾ ਹਰ ਮਨੁੱਖ ਲਈ ਪ੍ਰੇਰਨਾਦਾਇਕ ਹੈ।
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਕੇ ਦੁਨੀਆ ਨੂੰ ਅਧਿਆਤਮਿਕ ਗਿਆਨ ਦਾ ਅਨਮੋਲ ਖ਼ਜ਼ਾਨਾ ਦਿੱਤਾ। ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਸੱਚ, ਸ਼ਾਂਤੀ ਅਤੇ ਸਹਿਣਸ਼ੀਲਤਾ ਦਾ ਰਾਹ ਦਿਖਾਉਂਦੀ ਹੈ। ਉਨ੍ਹਾਂ ਦੀ ਸ਼ਹਾਦਤ ਸਬਰ, ਸੰਤੋਖ ਅਤੇ ਧਰਮ ਦੀ ਰੱਖਿਆ ਲਈ ਅਡੋਲ ਰਹਿਣ ਦੀ ਮਹਾਨ ਮਿਸਾਲ ਹੈ।
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦਾ ਸਿਧਾਂਤ ਦੇ ਕੇ ਸਿੱਖ ਕੌਮ ਨੂੰ ਅਧਿਆਤਮਿਕਤਾ ਦੇ ਨਾਲ-ਨਾਲ ਜ਼ੁਲਮ ਵਿਰੁੱਧ ਸੰਘਰਸ਼ ਕਰਨ ਦੀ ਸਿੱਖਿਆ ਦਿੱਤੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਧਰਮ ਦੀ ਰੱਖਿਆ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਬਹਾਦਰੀ ਵੀ ਓਨੀ ਹੀ ਜ਼ਰੂਰੀ ਹੈ, ਜਿੰਨੀ ਕਿ ਭਗਤੀ।
ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੀਵਨ ਦਇਆ, ਕੁਦਰਤ ਨਾਲ ਪਿਆਰ, ਜੀਵ-ਜੰਤੂਆਂ ਦੀ ਸੰਭਾਲ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਦੂਜਿਆਂ ਦੇ ਦੁੱਖ-ਦਰਦ ਨੂੰ ਸਮਝਣ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਪ੍ਰੇਰਨਾ ਦਿੱਤੀ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਬਹੁਤ ਛੋਟੀ ਉਮਰ ਵਿੱਚ ਹੀ ਸੇਵਾ, ਨਿਮਰਤਾ ਅਤੇ ਮਨੁੱਖਤਾ ਪ੍ਰਤੀ ਸਮਰਪਣ ਦੀ ਅਜਿਹੀ ਮਿਸਾਲ ਕਾਇਮ ਕੀਤੀ, ਜਿਸ ਨੂੰ ਰਹਿੰਦੀ ਦੁਨੀਆ ਤੱਕ ਯਾਦ ਕੀਤਾ ਜਾਂਦਾ ਰਹੇਗਾ। ਦਿੱਲੀ ਵਿੱਚ ਚੇਚਕ ਅਤੇ ਹੈਜ਼ੇ ਵਰਗੀਆਂ ਬਿਮਾਰੀਆਂ ਨਾਲ ਪੀੜਤ ਲੋਕਾਂ ਦੀ ਸੇਵਾ ਕਰਦਿਆਂ ਉਨ੍ਹਾਂ ਨੇ ਆਪਣਾ ਜੀਵਨ ਮਨੁੱਖਤਾ ਦੇ ਲੇਖੇ ਲਾ ਦਿੱਤਾ। ਇਸੇ ਕਰਕੇ ਉਨ੍ਹਾਂ ਨੂੰ ਬਾਲਾ ਪ੍ਰੀਤਮ ਦੇ ਨਾਮ ਨਾਲ ਵੀ ਯਾਦ ਕੀਤਾ ਜਾਂਦਾ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੇ ਇਤਿਹਾਸ ਵਿੱਚ ਲਾਸਾਨੀ ਹੈ। ਉਨ੍ਹਾਂ ਨੇ ਦੂਜਿਆਂ ਦੇ ਧਰਮ ਅਤੇ ਵਿਸ਼ਵਾਸ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ। ਉਨ੍ਹਾਂ ਦੀ ਸ਼ਹਾਦਤ ਇਹ ਸਿਖਾਉਂਦੀ ਹੈ ਕਿ ਆਪਣੇ ਧਰਮ ਨਾਲ ਪਿਆਰ ਕਰਨ ਦੇ ਨਾਲ-ਨਾਲ ਦੂਜਿਆਂ ਦੇ ਧਾਰਮਿਕ ਅਧਿਕਾਰਾਂ ਦਾ ਸਤਿਕਾਰ ਕਰਨਾ ਵੀ ਮਨੁੱਖ ਦਾ ਫ਼ਰਜ਼ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਸਿੱਖ ਇਤਿਹਾਸ ਵਿੱਚ ਨਵਾਂ ਅਧਿਆਇ ਜੋੜਿਆ। ਉਨ੍ਹਾਂ ਨੇ ਜ਼ੁਲਮ, ਬੇਇਨਸਾਫ਼ੀ ਅਤੇ ਅਨਿਆਂ ਵਿਰੁੱਧ ਡਟ ਕੇ ਖੜ੍ਹਨ ਦਾ ਸੰਦੇਸ਼ ਦਿੱਤਾ। ਆਪਣੇ ਚਾਰੇ ਸਾਹਿਬਜ਼ਾਦਿਆਂ ਅਤੇ ਪੂਰੇ ਪਰਿਵਾਰ ਦੀਆਂ ਮਹਾਨ ਕੁਰਬਾਨੀਆਂ ਦੇ ਬਾਵਜੂਦ ਉਨ੍ਹਾਂ ਨੇ ਮਨੁੱਖਤਾ ਅਤੇ ਧਰਮ ਦੀ ਰੱਖਿਆ ਦਾ ਮਾਰਗ ਨਹੀਂ ਛੱਡਿਆ। ਉਨ੍ਹਾਂ ਦਾ ਜੀਵਨ ਤਿਆਗ, ਦਲੇਰੀ, ਦਾਨ, ਵਿਦਵਤਾ ਅਤੇ ਚੜ੍ਹਦੀ ਕਲਾ ਦੀ ਅਦੁੱਤੀ ਮਿਸਾਲ ਹੈ।
ਦਸ ਗੁਰੂ ਸਾਹਿਬਾਨਾਂ ਦੇ ਜੀਵਨ ਦੀ ਮਹਾਨਤਾ ਨੂੰ ਕੁਝ ਸ਼ਬਦਾਂ ਵਿੱਚ ਬਿਆਨ ਕਰਨਾ ਸੰਭਵ ਨਹੀਂ। ਹਰ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਇੱਕ ਨਵੀਂ ਸਿੱਖਿਆ ਦਿੱਤੀ ਅਤੇ ਸਮਾਜ ਨੂੰ ਬਿਹਤਰ ਬਣਾਉਣ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ। ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਵਿੱਚ ਨਫ਼ਰਤ, ਲਾਲਚ, ਭੇਦਭਾਵ ਅਤੇ ਸਵਾਰਥ ਵਧ ਰਹੇ ਹਨ, ਉਸ ਸਮੇਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਹੋਰ ਵੀ ਵਧੇਰੇ ਲੋੜ ਹੈ।
ਸਾਨੂੰ ਗੁਰੂ ਸਾਹਿਬਾਨ ਨੂੰ ਕੇਵਲ ਗੁਰਪੁਰਬਾਂ ਅਤੇ ਧਾਰਮਿਕ ਸਮਾਗਮਾਂ ਤੱਕ ਹੀ ਯਾਦ ਨਹੀਂ ਕਰਨਾ ਚਾਹੀਦਾ, ਸਗੋਂ ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚੱਲ ਕੇ ਸੱਚ ਬੋਲਣਾ, ਕਿਰਤ ਕਰਨੀ, ਲੋੜਵੰਦਾਂ ਦੀ ਮਦਦ ਕਰਨੀ, ਹਰ ਧਰਮ ਦਾ ਸਤਿਕਾਰ ਕਰਨਾ ਅਤੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਹੀ ਦਸ ਗੁਰੂ ਸਾਹਿਬਾਨ ਨੂੰ ਸੱਚੀ ਸ਼ਰਧਾਂਜਲੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦਾ ਸਭ ਤੋਂ ਉੱਤਮ ਤਰੀਕਾ ਹੈ।
ਧੰਨ ਹਨ ਦਸ ਗੁਰੂ ਸਾਹਿਬਾਨ, ਜਿਨ੍ਹਾਂ ਨੇ ਸਮੁੱਚੀ ਮਨੁੱਖਤਾ ਨੂੰ ਸੱਚ, ਸੇਵਾ, ਤਿਆਗ ਅਤੇ ਸਰਬੱਤ ਦੇ ਭਲੇ ਦਾ ਰਾਹ ਦਿਖਾਇਆ।

