Punjab Assembly Elections: ਲਾਲਜੀਤ ਸਿੰਘ ਭੁੱਲਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ

Punjab Assembly Elections: ਲਾਲਜੀਤ ਸਿੰਘ ਭੁੱਲਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਪੱਟੀ ਤੋਂ ਆਪ (AAP) ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਹੈ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਭੁੱਲਰ ਨੇ ਦੱਸਿਆ ਕਿ ਪੱਟੀ ਹਲਕੇ ਦੇ ਲੋਕ ਆਪ (AAP) ਲੀਡਰਸ਼ਿਪ ਨੂੰ ਉਨ੍ਹਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਨ ਦੀ ਅਪੀਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਵੱਲੋਂ ਮਿਲੇ ਇਸ ਸਮਰਥਨ ਤੋਂ ਗਦਗਦ ਹਨ। ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖੜ੍ਹਨ ਲਈ ਪੱਟੀ ਦੇ ਲੋਕਾਂ ਦੇ ਦੇਣਦਾਰ ਹਨ। ਆਪ ਵੱਲੋਂ ਹਾਲ ਹੀ ਵਿੱਚ ਜਸਕੰਵਰ ਸਿੰਘ, ਜਿਨ੍ਹਾਂ ਨੂੰ ਜੱਸਾ ਪੱਟੀ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਪੱਟੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਸਾਬਕਾ ਪਹਿਲਵਾਨ ਜੱਸਾ ਪੱਟੀ ਲਈ ਸਿਆਸੀ ਰਾਹ ਆਸਾਨ ਨਹੀਂ ਰਿਹਾ ਹੈ।

ਪੱਟੀ ਵਿੱਚ ਇਹ ਨਿਯੁਕਤੀ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਗਈ ਸੀ, ਜੋ ਫਿਲਹਾਲ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ।

ਰੰਧਾਵਾ ਦੀ ਮੌਤ 21 ਮਾਰਚ 2026 ਨੂੰ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਹੋਈ ਸੀ। ਆਪਣੀ ਮੌਤ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਵੀਡੀਓ ਸੰਦੇਸ਼ ਰਿਕਾਰਡ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਭੁੱਲਰ ’ਤੇ ਵੇਅਰਹਾਊਸ ਉਸਾਰੀ ਟੈਂਡਰਾਂ ਦੀ ਅਲਾਟਮੈਂਟ ਨੂੰ ਲੈ ਕੇ ਖੱਜਲ-ਖ਼ੁਆਰੀ ਅਤੇ ਦਬਾਅ ਪਾਉਣ ਦੇ ਦੋਸ਼ ਲਾਏ ਸਨ। ਇਸ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਪੱਖ ਜਾਂਚ ਦੀ ਸਹੂਲਤ ਲਈ ਭੁੱਲਰ, ਜਿਨ੍ਹਾਂ ਕੋਲ ਉਸ ਸਮੇਂ ਟਰਾਂਸਪੋਰਟ ਅਤੇ ਜੇਲ੍ਹ ਵਿਭਾਗ ਸਨ, ਨੂੰ ਅਸਤੀਫ਼ਾ ਦੇਣ ਲਈ ਕਿਹਾ ਸੀ। ਭੁੱਲਰ ਨੇ ਉਸੇ ਦਿਨ ਅਸਤੀਫ਼ਾ ਦੇ ਦਿੱਤਾ ਸੀ। ਅੰਮ੍ਰਿਤਸਰ ਪੁਲੀਸ ਨੇ ਬਾਅਦ ਵਿੱਚ ਰੰਧਾਵਾ ਦੀ ਪਤਨੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਅਤੇ ਅਪਰਾਧਿਕ ਧਮਕੀਆਂ ਦੇਣ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੇ ਸਬੰਧ ਵਿੱਚ ਭੁੱਲਰ ਨੂੰ 23 ਮਾਰਚ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

Share: