ਨਵੀਂ ਦਿੱਲੀ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਰਮਿਆਨ ਮੁੜ ਗੱਠਜੋੜ ਨੂੰ ਅੰਤਿਮ ਰੂਪ ਦਿੱਤੇ ਜਾਣ ਦੀਆਂ ਚਰਚਾਵਾਂ ਦਰਮਿਆਨ ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਵੱਲੋਂ ਅੱਜ ਚੰਡੀਗੜ੍ਹ ਵਿੱਚ ਇੱਕ ਉੱਚ ਪੱਧਰੀ ਰਣਨੀਤਕ ਮੀਟਿੰਗ ਸੱਦੀ ਗਈ ਹੈ। ਸੰਘ ਵਿੱਚ ਤੀਜੇ ਸਭ ਤੋਂ ਵੱਡੇ ਅਹੁਦੇਦਾਰ ਵਜੋਂ ਜਾਣੇ ਜਾਂਦੇ ਜੁਆਇੰਟ ਜਨਰਲ ਸਕੱਤਰ ਅਰੁਣ ਕੁਮਾਰ ਦੀ ਅਗਵਾਈ ਹੇਠ ਹੋਣ ਵਾਲੀ ਇਸ ਬੈਠਕ ਵਿੱਚ ਸੰਗਠਨਾਤਮਕ ਢਾਂਚੇ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਡੂੰਘਾਈ ਨਾਲ ਮੰਥਨ ਕੀਤਾ ਜਾਵੇਗਾ। ਅੱਜ ਰਾਤ ਚੰਡੀਗੜ੍ਹ ਵਿਖੇ ਹੋਣ ਵਾਲੀ ਇਹ ਮੀਟਿੰਗ ਕਰੀਬ ਚਾਰ ਘੰਟੇ ਚੱਲਣ ਦੀ ਸੰਭਾਵਨਾ ਹੈ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਰਐੱਸਐੱਸ ਵੱਲੋਂ ਸੂਬੇ ਵਿੱਚ ਭਾਜਪਾ ਦੇ ਜਥੇਬੰਦਕ ਆਧਾਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਪਾਰਟੀ ਸੂਬੇ ਭਰ ਵਿੱਚ 24,000 ਤੋਂ ਵੱਧ ਬੂਥ ਕਮੇਟੀਆਂ ਸਥਾਪਤ ਕਰਨ ਵਿੱਚ ਕਾਮਯਾਬ ਰਹੀ ਹੈ। ਸੰਘ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਭਾਜਪਾ ਦੇ ਜਨ-ਆਧਾਰ ਨੂੰ ਹੋਰ ਵਿਸ਼ਾਲ ਕਰਨ ਦੀ ਯੋਜਨਾ ਬਣਾਈ ਗਈ ਹੈ। ਪਾਰਟੀ ਦੀ ਰਣਨੀਤੀ ਤਹਿਤ ਬਹੁਗਿਣਤੀ ਸਿੱਖ ਭਾਈਚਾਰੇ ਸਮੇਤ ਹਿੰਦੂਆਂ ਅਤੇ ਹੋਰ ਸਾਰੀਆਂ ਜਾਤਾਂ ਤੇ ਵਰਗਾਂ ਦੀਆਂ ਵੋਟਾਂ ਹਾਸਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਖ਼ਾਸ ਤੌਰ ’ਤੇ ਸੂਬੇ ਦੇ ਪੱਛੜੀਆਂ ਸ਼੍ਰੇਣੀਆਂ (OBC) ਅਤੇ ਅਨੁਸੂਚਿਤ ਜਾਤੀ (SC) ਵਰਗਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੀ ਸਿਆਸਤ ਵਿੱਚ ਡੂੰਘਾ ਪ੍ਰਭਾਵ ਰੱਖਣ ਵਾਲੇ ਵੱਖ-ਵੱਖ ਡੇਰਿਆਂ ਨਾਲ ਤਾਲਮੇਲ ਦੀ ਕਮਾਨ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਭਾਲੀ ਜਾ ਰਹੀ ਹੈ। ਅਰੁਣ ਕੁਮਾਰ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਅਹਿਮ ਬੈਠਕ ਵਿੱਚ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਜਥੇਬੰਦਕ ਸਕੱਤਰ ਮੰਤਰੀ ਸ੍ਰੀਨਿਵਾਸੁਲੂ, ਭਾਜਪਾ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਸਮੇਤ ਸੰਘ ਅਤੇ ਪਾਰਟੀ ਦੇ ਸਮੂਹ ਸਿਖ਼ਰਲੇ ਸੂਬਾਈ ਆਗੂਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਹੈ।
Posted inNew Delhi
RSS Punjab Poll Strategy: ਪੰਜਾਬ ਚੋਣਾਂ ਦੀ ਰਣਨੀਤੀ ਲਈ ਆਰਐੱਸਐੱਸ ਦੀ ਚੰਡੀਗੜ੍ਹ ’ਚ ਅੱਜ ਵੱਡੀ ਬੈਠਕ

