ਮਾਛੀਵਾੜਾ ਸਾਹਿਬ, ਸਮਰਾਲਾ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਜਾਂ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ ਰਹੇਗਾ, ਕਿਉਂਕਿ ਅੱਜ ਪੰਜਾਬ ਦੀ ਜਵਾਨੀ ਨੂੰ ਇਨ੍ਹਾਂ ਦੋਵਾਂ ਹੀ ਪ੍ਰਮੁੱਖ ਮੁੱਦਿਆਂ ਨੇ ਤਬਾਹ ਕਰਕੇ ਰੱਖ ਦਿੱਤਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਚਰਨਜੀਤ ਸਿੰਘ ਚੰਨੀ ਵੱਲੋਂ ‘ਜਵਾਨੀ ਸੰਭਾਲ ਯਾਤਰਾ’ ਦਾ ਰਾਤ ਨੂੰ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਰਿਹਾਇਸ਼ ’ਤੇ ਵਿਸ਼ਰਾਮ ਕਰਨ ਤੋਂ ਬਾਅਦ ਅਗਲੇ ਪੜਾਅ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨਸ਼ੇ, ਗੈਂਗਸਟਰਵਾਦ ਅਤੇ ਵਧਦੇ ਅਪਰਾਧ ਨੂੰ ਨੱਥ ਪਾਉਣ ਵਿੱਚ ਬਿਲਕੁਲ ਨਾਕਾਮ ਰਹੀ ਹੈ ਅਤੇ ਸਾਡੀ ਸਰਕਾਰ ਆਉਣ ’ਤੇ ਅਸੀਂ ਇੱਕ ਨੀਤੀ ਤਿਆਰ ਕੀਤੀ ਹੈ, ਜਿਸ ਤਹਿਤ ਨਸ਼ਿਆਂ ਤੇ ਗੈਂਗਸਟਰਵਾਦ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਟਰਾਂਸਪੋਰਟਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਸਾਡੇ ਤੋਂ ਸਰਕਾਰ ਨੇ 4 ਸਾਲ ਦਾ ਇਕੱਠਾ ਟੈਕਸ ਵਸੂਲਣ ਦਾ ਫ਼ਰਮਾਨ ਜਾਰੀ ਕੀਤਾ ਹੋਇਆ ਹੈ, ਜਿਸ ਤਹਿਤ ਟਰਾਂਸਪੋਰਟ ਦਾ ਕਿੱਤਾ ਫੇਲ੍ਹ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ’ਤੇ ਟਰਾਂਸਪੋਰਟਰਾਂ ਅਤੇ ਟਰੱਕ ਯੂਨੀਅਨਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਡੀ ‘ਜਵਾਨੀ ਸੰਭਾਲ ਯਾਤਰਾ’ ਕੱਢਣ ਦਾ ਮੁੱਖ ਉਦੇਸ਼ ਪਰਿਵਾਰਾਂ ਨੂੰ ਸੁਨੇਹਾ ਦੇਣਾ ਹੈ ਕਿ ਉਹ ਆਪਣੇ ਪੁੱਤਾਂ ਦਾ ਖ਼ਿਆਲ ਰੱਖਣ ਅਤੇ ਨਸ਼ਿਆਂ ਤੋਂ ਬਚਾਉਣ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਨੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਇਕੱਠਾ ਕਰਨ ਦਾ ਦਾਅਵਾ ਕੀਤਾ ਸੀ, ਪਰ ਅੱਜ 20 ਕਰੋੜ ਵੀ ਇਕੱਠੇ ਨਹੀਂ ਹੋਏ ਅਤੇ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ ਚੱਲ ਰਹੀ ਹੈ, ਪਰ ਸਾਡੀ ਸਰਕਾਰ ਮਾਈਨਿੰਗ ਤੋਂ 20 ਹਜ਼ਾਰ ਕਰੋੜ ਇਕੱਠਾ ਕਰਕੇ ਦਿਖਾਵੇਗੀ ਅਤੇ ਲੋਕਾਂ ਦੀ ਸਹੂਲਤ ’ਤੇ ਖ਼ਰਚੇਗੀ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀ ਅਰਥਵਿਵਸਥਾ ਦੇ ਸੁਧਾਰ ਲਈ ਇੱਕ ਰੋਡ ਮੈਪ ਵੀ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਜੋ ਸਨਮਾਨ ਰਾਸ਼ੀ ਮਿਲਦੀ ਹੈ, ਉਸ ਵਿੱਚ ਕੋਈ ਰਾਸ਼ੀ ਘਟਾਈ ਨਹੀਂ ਜਾਵੇਗੀ, ਬਲਕਿ ਵਾਧਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਜੋ ਸਖੀ ਯੋਜਨਾ ਤਹਿਤ ਔਰਤਾਂ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਵੀ ਪੱਕਾ ਕੀਤਾ ਜਾਵੇਗਾ। ਅਕਾਲੀ-ਭਾਜਪਾ ਗੱਠਜੋੜ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕ ਹੁਣ ਕਿਸਾਨਾਂ ਨੂੰ ਸ਼ਹੀਦ ਕਰਨ ਵਾਲੀ ਐੱਨ.ਡੀ.ਏ. ਦਾ ਬਿਲਕੁਲ ਵੀ ਸਾਥ ਨਹੀਂ ਦੇਣਗੇ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪਹਿਲੀ ਗੱਲ ਤਾਂ ਪੰਜਾਬ ਵਿੱਚ ਪੂਰਨ ਬਹੁਮਤ ਵਾਲੀ ਕਾਂਗਰਸ ਸਰਕਾਰ ਬਣੇਗੀ ਅਤੇ ਜੇਕਰ ਕਿਸੇ ਨੂੰ ਬਹੁਮਤ ਨਾ ਮਿਲਿਆ ਤਾਂ ਪਾਰਟੀ ‘ਆਪ’ ਤੋਂ ਨਾ ਤਾਂ ਸਮਰਥਨ ਲਵੇਗੀ ਅਤੇ ਨਾ ਹੀ ਉਸ ਨੂੰ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ‘ਆਪ’ ਤੋਂ ਪੰਜਾਬ ਦੀ ਲੁੱਟ ਦਾ ਹਿਸਾਬ ਲਿਆ ਜਾਵੇਗਾ, ਕਿਉਂਕਿ ਦਿੱਲੀ ਬੈਠੇ ਆਕਾਵਾਂ ਦੇ ਇਸ਼ਾਰਿਆਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਇਸ ਦੇ ਵਿਧਾਇਕਾਂ ਨੇ ਸੂਬੇ ਨੂੰ ਬਹੁਤ ਲੁੱਟਿਆ ਹੈ ਅਤੇ ਲੁੱਟ ਦਾ ਪੈਸਾ ਵਾਪਸ ਲੋਕਾਂ ਵਿੱਚ ਲਿਆਂਦਾ ਜਾਵੇਗਾ।

