ਚੰਡੀਗੜ੍ਹ : ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਸੁਖਦੀਪ ਸਿੰਘ ਛੀਨਾ ਨੇ ਆਪਣਾ ਅਸਤੀਫ਼ਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ।
ਆਪਣੇ ਅਸਤੀਫ਼ਾ ਪੱਤਰ ਵਿੱਚ ਉਨ੍ਹਾਂ ਲਿਖਿਆ, “ ਮੈਂ, ਸੁਖਦੀਪ ਸਿੰਘ ਛੀਨਾ, ਆਮ ਆਦਮੀ ਪਾਰਟੀ ਵਿਚਲੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦਾ ਹਾਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵੀ ਤਿਆਗਦਾ ਹਾਂ।”ਹਾਲਾਂਕਿ, ਛੀਨਾ ਵੱਲੋਂ ਭੇਜੇ ਗਏ ਅਸਤੀਫ਼ੇ ਵਿੱਚ ਪਾਰਟੀ ਨੂੰ ਅਲਵਿਦਾ ਕਹਿਣ ਦੇ ਪਿੱਛੇ ਕਿਸੇ ਖ਼ਾਸ ਕਾਰਨ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸਾਹਮਣੇ ਆਏ ਅਸਤੀਫ਼ੇ ਦੇ ਪੱਤਰ ਵਿੱਚ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਵਜੋਂ ਸਰਕਾਰੀ ਅਹੁਦਾ ਛੱਡਣ ਬਾਰੇ ਵੀ ਕੋਈ ਸਪੱਸ਼ਟ ਜ਼ਿਕਰ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਬੀਤੇ ਵੀਰਵਾਰ ਨੂੰ ਹੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 31 ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕੀਤੀ ਗਈ ਸੀ। ਪਾਰਟੀ ਵੱਲੋਂ ਟਿਕਟਾਂ ਦੇ ਐਲਾਨ ਤੋਂ ਤੁਰੰਤ ਬਾਅਦ ਸੁਖਦੀਪ ਸਿੰਘ ਛੀਨਾ ਵੱਲੋਂ ਪਾਰਟੀ ਛੱਡਣ ਦੇ ਫ਼ੈਸਲੇ ਨੂੰ ਕਈ ਸਿਆਸੀ ਮਾਅਨਿਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
