ਨਵੀਂ ਦਿੱਲੀ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਨਕਸਲੀ ਹਿੰਸਾ ਦੀ ਸਭ ਤੋਂ ਵੱਧ ਮਾਰ ਕਬਾਇਲੀ ਭਾਈਚਾਰਿਆਂ ਨੂੰ ਝੱਲਣੀ ਪਈ। ਮਾਓਵਾਦੀ ਪ੍ਰਭਾਵਿਤ ਇਲਾਕਿਆਂ ਵਿੱਚ ਤਾਂ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਤੋਂ ਵੀ ਵਾਂਝੇ ਰੱਖਿਆ ਗਿਆ ਤੇ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਨੂੰ ਆਪਣੇ ਹਾਲ ’ਤੇ ਛੱਡ ਦਿੱਤਾ। ਉਨ੍ਹਾਂ ਆਲਮੀ ਬੈਂਕ ਦੀ ਰਿਪੋਰਟ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਪਿਛਲੇ 12-13 ਸਾਲਾਂ ਦੌਰਾਨ ਕਰੀਬ 50 ਕਰੋੜ ਲੋਕ ਸਿਰੇ ਦੀ ਗਰੀਬੀ ’ਚੋਂ ਬਾਹਰ ਨਿਕਲੇ ਹਨ; ਜੋ ਦੇਸ਼ ਆਜ਼ਾਦੀ ਮਗਰੋਂ ਭਾਰਤ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ਵਿੱਚੋਂ ਇੱਕ ਹੈ। ਪ੍ਰਧਾਨ ਮੰਤਰੀ ਇਥੇ ਮਹਾਨ ਕਬਾਇਲੀ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਦੀ 151ਵੀਂ ਜਨਮ ਵਰ੍ਹੇਗੰਢ ਮੌਕੇ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਨੂੰ ਵਰਚੁਅਲੀ ਸੰਬੋਧਨ ਕਰ ਰਹੇ ਸਨ। ਉਨ੍ਹਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਵੀ ਜ਼ਿਕਰ ਕੀਤਾ, ਜੋ ਕਬਾਇਲੀ ਭਾਈਚਾਰੇ ਨਾਲ ਸਬੰਧਤ ਹਨ। ਮੋਦੀ ਨੇ ਕਿਹਾ ਕਿ ਮਾਓਵਾਦੀਆਂ ਦੇ ਮਾਮਲੇ ਵਿੱਚ ਪਿਛਲੀਆਂ ਸਰਕਾਰਾਂ ਮੂਕ ਦਰਸ਼ਕ ਬਣੀਆਂ ਰਹੀਆਂ। ਮਾਓਵਾਦੀ ਹਿੰਸਾ ਦੇ ਖ਼ਾਤਮੇ ਨਾਲ ਹੁਣ ਹਾਲਾਤ ਬਦਲੇ ਹਨ; ਕਬਾਇਲੀ ਮਾਵਾਂ-ਭੈਣਾਂ ਸਰਕਾਰ ਨੂੰ ਅਸੀਸਾਂ ਦੇ ਰਹੀਆਂ ਹਨ ਕਿਉਂਕਿ ਉਹ ਸੁਰੱਖਿਅਤ ਮਹਿਸੂਸ ਕਰਦੀਆਂ ਹਨ। ਆਦਿਵਾਸੀ ਬੱਚਿਆਂ ਨੂੰ ਹੁਣ ਸਿੱਖਿਆ ਤੇ ਰੁਜ਼ਗਾਰ ਦੇ ਮੌਕੇ ਮਿਲ ਰਹੇ ਹਨ। ਕੇਂਦਰ ਸਰਕਾਰ ਨੇ ਪੀ ਐੱਮ-ਜਨਮਨ ਸਕੀਮ ਅਤੇ ‘ਧਰਤੀ ਆਬਾ ਜਨਜਾਤੀ ਗ੍ਰਾਮ ਉਤਕਰਸ਼ ਅਭਿਯਾਨ’ ਲਈ 1 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਅਲਾਟ ਕੀਤੀ ਹੈ, ਤਾਂ ਕਿ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਕਬਾਇਲੀ ਇਲਾਕਿਆਂ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਕੀਤੀ ਜਾ ਸਕੇ।
ਰਾਸ਼ਟਰਪਤੀ ਮੁਰਮੂ ਤੇ ਮੋਦੀ ਵੱਲੋਂ ਸ਼ਰਧਾਂਜਲੀਆਂ

