ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਸੀਨੀਅਰ ਪਾਰਟੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਅੱਜ ਐਕਸ ਅਕਾਊਂਟ ‘ਤੇ ਪਾਰਟੀ ਦੇ ਇੱਕ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ।
ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਭੂੰਦੜ ਪਹਿਲਾਂ ਸਾਬਕਾ ਮੁੱਖ ਮੰਤਰੀ ਮਰਹੂਮ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਤੇ ਹੁਣ ਸੁਖ਼ਬੀਰ ਸਿੰਘ ਬਾਦਲ ਦੇ ਨਜ਼ਦੀਕੀ ਸਾਥੀਆਂ ਵਿੱਚ ਸ਼ਾਮਲ ਹਨ।
ਇਹ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਕਿਸੇ ਆਗੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਵਿੱਚ ਕਦੇ ਕਿਸੇ ਨੂੰ ਕਾਰਜਕਾਰੀ ਪ੍ਰਧਾਨ ਨਹੀਂ ਥਾਪਿਆ ਗਿਆ ਹਾਲਾਂਕਿ ਕਈ ਆਗੂਆਂ ਨੂੰ ਸਮੇਂ-ਸਮੇਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਅਜੇ ਇਹ ਸਪਸ਼ਟ ਨਹੀਂ ਹੈ ਕਿ ਕੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਅਤੇ ਬਲਵਿੰਦਰ ਸਿੰਘ ਭੂੰਦੜ ਦੀ ਕਾਰਜਕਾਰੀ ਪ੍ਰਧਾਨਗੀ ਸਮਾਂਅੰਤਰ ਰੂਪ ਵਿੱਚ ਚੱਲਣਗੇ ਜਾਂ ਫ਼ਿਰ ਸੁਖ਼ਬੀਰ ਸਿੰਘ ਬਾਦਲ ਪ੍ਰਧਾਨਗੀ ਤੋਂ ਲਾਂਭੇ ਹੋਣਗੇ ਅਤੇ ਪਾਰਟੀ ਦਾ ਕੰਮ ਕਾਰਜਕਾਰੀ ਪ੍ਰਧਾਨ ਰਾਹੀਂ ਚਲਾਇਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਇਸ ਵਕਤ ਜੇਕਰ ਇੱਕ ਰਾਜਨੀਤਿਕ ਪਾਰਟੀ ਦੇ ਤੌਰ ‘ਤੇ ਦੇਖਿਆ ਜਾਵੇ ਤਾਂ ਸਥਿਤੀ ਕੋਈ ਬਹੁਤੀ ਸੁਹਾਵਣੀ ਨਹੀਂ ਦਿਖਾਈ ਦੇ ਰਹੀ। ਆਏ ਦਿਨਾਂ ਕੋਈ ਨਾ ਕੋਈ ਵੱਡਾ ਲੀਡਰ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀਆਂ ਵਿੱਚ ਜਾ ਰਿਹਾ ਹੈ। ਖਾਸ ਤੌਰ ‘ਤੇ ਸੱਤਾਧਾਰੀ ਪਾਰਟੀ ਜੋ ਇਸ ਵਕਤ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਹੈ, ਉਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਈ ਲੀਡਰਾਂ ਵੱਲੋਂ ਦਿਲਚਸਪੀ ਦਿਖਾਈ ਜਾ ਰਹੀ ਹੈ।
ਉਦਾਹਰਣ ਦੇ ਤੌਰ ਤੇ ਜੇਕਰ ਗੱਲ ਕੀਤੀ ਜਾਵੇ ਤਾਂ ਬੀਤੇ ਦਿਨਾਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਡਿੰਪੀ ਢਿੱਲੋਂ ਵੱਲੋਂ ਆਮ ਆਦਮੀ ਪਾਰਟੀ ਨੇ ਜੁਆਇਨ ਕਰ ਲਿਆ ਗਿਆ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਖਾਸ ਤੌਰ ਤੇ ਗਿਦੜਵੇ ਪਹੁੰਚੇ ਹੋਏ ਸਨ ਜਿੱਥੇ ਡਿੰਪੀ ਢਿੱਲੋ ਨੂੰ ਪਾਰਟੀ ਦੇ ਵਿੱਚ ਆਪਣੇ ਸਮਰਥਕਾਂ ਦੇ ਨਾਲ ਜੁਆਇਨ ਕਰਵਾਇਆ ਗਿਆ।