ਸੰਗਰੂਰ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ 6635 ਈਟੀਟੀ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਅੱਜ ਧੱਕਾ-ਮੁੱਕੀ ਹੋਈ। ਪ੍ਰਦਰਸ਼ਨਕਾਰੀ ਅਧਿਆਪਕ ਜਬਰੀ ਅੱਗੇ ਵਧਣਾ ਚਾਹੁੰਦੇ ਸਨ ਪਰ ਪੁਲੀਸ ਵੱਲੋਂ ਅੱਗੇ ਨਹੀਂ ਵਧਣ ਦਿੱਤਾ ਗਿਆ, ਜਿਸ ਕਾਰਨ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅੱਜ 6635 ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਅਧਿਆਪਕ ਇਥੇ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ, ਜਿਥੋਂ ਬਾਅਦ ਦੁਪਹਿਰ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ ਤਾਂ ਪੁਲੀਸ ਵੱਲੋਂ ਸਖਤ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਦੌਰਾਨ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਧੱਕਾ-ਮੁੱਕੀ ਹੋਈ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਨਿਰਮਲ ਜੀਰਾ, ਸਲਿੰਦਰ ਕੰਬੋਜ ਤੇ ਦੀਪ ਬਨਾਰਸੀ ਨੇ ਕਿਹਾ ਕਿ 5994 ਅਧਿਆਪਕਾਂ ਦੀ ਭਰਤੀ ਤੋਂ ਪਹਿਲਾਂ 6635 ਅਧਿਆਪਕਾਂ ਨੂੰ ਬਦਲੀਆਂ ਦਾ ਵਿਸ਼ੇਸ ਮੌਕਾ ਦਿੱਤਾ ਜਾਵੇ ਕਿਉਂਕਿ ਲਗਾਤਰ ਦੋ ਸਾਲਾਂ ਵੱਧ ਸਮੇਂ ਤੋਂ ਅਧਿਆਪਕ ਆਪਣੇ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਰਿਕਾਸਟ ਲਿਸਟ ਜਾਰੀ ਕੀਤੀ ਗਈ ਹੈ, ਜਿਸ ਕਰਕੇ ਅਧਿਆਪਕਾਂ ਦੀ ਨੌਕਰੀ ’ਤੇ ਤਲਵਾਰ ਲਟਕ ਗਈ ਹੈ। ਅਜਿਹਾ ਹੋਣ ’ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਨਾਲ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਸਵੇਰੇ 11 ਵਜੇ ਪੈਨਲ ਮੀਟਿੰਗ ਨਿਸ਼ਚਿਤ ਕਰਵਾਈ ਗਈ ਅਤੇ ਮੀਟਿੰਗ ਦਾ ਬਾਕਾਇਦਾ ਲਿਖਤੀ ਪੱਤਰ ਦਿੱਤਾ ਗਿਆ। ਇਸ ਮਗਰੋਂ ਧਰਨਾ ਸਮਾਪਤ ਹੋਇਆ।
Posted inSangrur
ਮਾਨ ਦੀ ਕੋਠੀ ਨੇੜੇ ਅਧਿਆਪਕਾਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ
