ਅੰਮ੍ਰਿਤਸਰ : ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਹਜੂਮ ਵੱਲੋਂ ਸਿੱਖ ਵਪਾਰੀ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਸ਼ੋਅਰੂਮ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉੱਤਰਾਖੰਡ ਪੁਲੀਸ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਈ-ਮੇਲ ਪੱਤਰ ਵੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵਾਪਰੀ ਇਸ ਘਟਨਾ ਦੀ ਵਾਇਰਲ ਵੀਡੀਓ ਤੋਂ ਸਪੱਸ਼ਟ ਹੈ ਕਿ ਹਜੂਮ ਵੱਲੋਂ ਸਿੱਖ ਵਪਾਰੀ ਨਾਲ ਕੁੱਟਮਾਰ ਕਰਨ ਦੇ ਨਾਲ-ਨਾਲ ਉਸ ਦੇ ਸ਼ੋਅਰੂਮ ਉੱਤੇ ਵੀ ਪੱਥਰਬਾਜ਼ੀ ਕਰਕੇ ਨੁਕਸਾਨ ਪਹੁੰਚਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਹਜੂਮ ਵੱਲੋਂ ਸਿੱਖ ਵਪਾਰੀ ਦੀ ਦਸਤਾਰ ਉਤਾਰੀ ਗਈ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ। ਇਸ ਲਈ ਪੁਲੀਸ ਦੋਸ਼ੀਆਂ ਖ਼ਿਲਾਫ਼ ਦਰਜ ਕੀਤੇ ਗਏ ਪਰਚੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਧਾਰਾਵਾਂ ਵੀ ਸ਼ਾਮਲ ਕਰੇ।
ਸ੍ਰੀ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਸਿੱਖ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਿੱਖ ਸੰਸਥਾ ਉਸ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਵਪਾਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਘਟਨਾ ਪਿੱਛੇ ਸਥਾਨਕ ਕਾਂਗਰਸੀ ਕੌਂਸਲਰ ਦਾ ਹੱਥ ਹੈ, ਜੋ ਪਿਛਲੇ ਸਮੇਂ ਤੋਂ ਇਨ੍ਹਾਂ ਸਿੱਖ ਵਪਾਰੀਆਂ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ।
ਆਪਣੇ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੀ ਪੁਲੀਸ ਨੂੰ ਇਸ ਘਟਨਾ ਦੀ ਨਿਰਪੱਖ ਜਾਂਚ ਦੇ ਹੁਕਮ ਦੇਣ ਅਤੇ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਸਰਕਾਰਾਂ ਨੂੰ ਸਮੁੱਚੇ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਆਖਿਆ।