ਤਲਵੰਡੀ ਸਾਬੋ : ਸਿੱਖ ਕੌਮ ਦੇ ਚੌਥੇ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦਾ ਵਿਸਾਖੀ ਮੇਲਾ ਅੱਜ ਤਖ਼ਤ ਸਾਹਿਬ ਸਣੇ ਇੱਥੋਂ ਦੇ ਹੋਰ ਇਤਿਹਾਸਕ ਗੁਰਦੁਆਰਿਆਂ ਵਿੱਚ ਅਖੰਡ ਪਾਠ ਪ੍ਰਕਾਸ਼ ਹੋਣ ਨਾਲ ਰਸਮੀ ਤੌਰ ’ਤੇ ਸ਼ੁਰੂ ਹੋ ਗਿਆ। ਮੇਲੇ ਦੇ ਪਹਿਲੇ ਦਿਨ ਅੱਜ ਸ਼ਰਧਾਲੂਆਂ ਦੀ ਆਮਦ ਵੀ ਸ਼ੁਰੂ ਹੋ ਗਈ ਹੈ।
ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੇਲੇ ਦੇ ਸਬੰਧ ’ਚ ਅੱਜ ਸਵੇਰੇ ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅਖੰਡ ਪਾਠ ਆਰੰਭ ਕੀਤੇ ਗਏ ਅਤੇ ਅਰਦਾਸ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਕੀਤੀ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਸੰਗਤ ਨੂੰ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਜੋੜ ਮੇਲੇ ’ਤੇ ਪੁੱਜਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਗੁਰਦੁਆਰਾ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ, ਗੁਰਦੁਆਰਾ ਦੇਗਸਰ ਬੇਰ ਸਾਹਿਬ ਛਾਉਣੀ ਨਿਹੰਗ ਸਿੰਘ ਬੁੱਢਾ ਦਲ, ਗੁਰਦੁਆਰਾ ਮਹੱਲਸਰ ਸਾਹਿਬ, ਬੁੰਗਾ ਨਾਨਕਸਰ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ, ਜਿਨ੍ਹਾਂ ਦੇ 13 ਅਪਰੈਲ ਨੂੰ ਵਿਸਾਖ ਮਹੀਨੇ ਦੀ ਸੰਗਰਾਂਦ ਵਾਲੇ ਦਿਨ ਭੋਗ ਪਾਏ ਜਾਣਗੇ।
ਮੇਲੇ ਦੇ ਅੱਜ ਪਹਿਲੇ ਦਿਨ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਹੈ, ਜੋ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰਕੇ ਧਾਰਮਿਕ ਅਸਥਾਨਾਂ ਵਿੱਚ ਨਤਮਸਤਕ ਹੋ ਰਹੇ ਹਨ। ਸ਼੍ਰੋਮਣੀ ਕਮੇਟੀ, ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ, ਨਗਰ ਵਾਸੀਆਂ, ਕਲੱਬਾਂ ਤੇ ਸਥਾਨਕ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਰਧਾਲੂਆਂ ਦੇ ਠਹਿਰਨ ਲਈ ਵੱਖ-ਵੱਖ ਥਾਵਾਂ ’ਤੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੇ ਲੋੜੀਂਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।