ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਸਮਾਜ ’ਚ ਭੇਦਭਾਵ ਖਤਮ ਕਰਦਿਆਂ ਰੰਗਰੇਟਿਆਂ ਨੂੰ ‘ਗੁਰੂ ਕੇ ਬੇਟੇ’ ਦੀ ਉਪਮਾ ਦਿੱਤੀ। ਉਨ੍ਹਾਂ ਕਿਹਾ ਕਿ ਇਹੀ ਫਲਸਫਾ ਡਾ. ਅੰਬੇਡਕਰ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਮਾਜਿਕ ਤਾਣੇਬਾਣੇ ਵਿੱਚ ਲਾਗੂ ਕੀਤਾ। ਇੱਥੇ ਡਾ. ਅੰਬੇਡਕਰ ਜੈਅੰਤੀ ਮੌਕੇ ਖ਼ੂਨਦਾਨ ਕੈੈਂਪ ਦਾ ਉਦਘਾਟਨ ਕਰਨ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਡਾ. ਅੰਬੇਡਕਰ ਨੇ ਭਾਰਤ ਨੂੰ ਢਾਂਚਾਗਤ ਲੋਕਤੰਤਰ ਦਿੱਤਾ ਅਤੇ ਸਮਾਜਿਕ ਨਿਆਂ ਲਈ ਮਜ਼ਬੂਤ ਆਵਾਜ਼ ਬਣੇ। ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀਆਂ ਖ਼ਿਲਾਫ਼ ਕੇਸ ਦਰਜ ਕਰਵਾ ਕੇ ਉਹ ਆਪਣੇ ਆਪ ਨੂੰ ਰੱਬ ਸਮਝ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਕੀ ਕਰ ਰਹੀ ਹੈ ਅਤੇ ਕੀ ਨਹੀਂ, ਲੋਕਾਂ ਨੂੰ ਸਭ ਪਤਾ ਹੈ। ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਬਾਰੇ ਸਭ ਨੂੰ ਪਤਾ ਲੱਗ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਮੋਹਿਤ ਗੁਪਤਾ ਅਤੇ ਐਡਵੋਕੇਟ ਰਾਜਬਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।
Posted inNews
ਹਰਸਿਮਰਤ ਨੇ ਮੁੱਖ ਮੰਤਰੀ ’ਤੇ ਸੇਧੇ ਨਿਸ਼ਾਨੇ
