ਫਿਲੌਰ : ਪਿੰਡ ਨੰਗਲ ’ਚ ਬਹੁਜਨ ਸਮਾਜ ਪਾਰਟੀ ਵੱਲੋਂ ਕੀਤੀ ਜ਼ਿਲ੍ਹਾ ਪੱਧਰੀ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਕਿ ਸਮਾਜ ਵਿਰੋਧੀ ਤਾਕਤਾਂ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ ਕਰ ਰਹੀਆਂ ਹਨ, ਜਿਨ੍ਹਾਂ ਦੇ ਮਨਸੂਬਿਆਂ ਨੂੰ ਬਸਪਾ ਕਦੇ ਵੀ ਪੂਰਾ ਨਹੀਂ ਹੋਣ ਦੇਵੇਗੀ। ਦੇਸ਼ ਅੰਦਰ ਕਾਂਗਰਸ, ਭਾਜਪਾ ਅਤੇ ਸੂਬੇ ’ਚ ਆਮ ਆਦਮੀ ਪਾਰਟੀ ਬਾਬਾ ਸਾਹਿਬ ਦੇ ਪੈਰੋਕਾਰਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਾਂਗਰਸ ਮੁੱਢ ਤੋਂ ਹੀ ਡਾ. ਅੰਬੇਡਕਰ ਦੇ ਵਿਰੋਧ ਵਿੱਚ ਰਹੀ ਹੈ। ਉਨ੍ਹਾਂ ਭਾਜਪਾ ’ਤੇ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਡਾ. ਅੰਬੇਡਕਰ ਦਾ ਅਪਮਾਨ ਕੀਤਾ ਗਿਆ ਸੀ, ਜਿਸ ’ਤੇ ਅੱਜ ਤੱਕ ਮੁਆਫ਼ੀ ਨਹੀਂ ਮੰਗੀ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਸਮੁੱਚੀ ਭਾਜਪਾ ਲੀਡਰਸ਼ਿਪ ਖਾਮੋਸ਼ ਰਹੀ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਨਫ਼ਰਤ ਦੀ ਰਾਜਨੀਤੀ ਕਰਨ ਵਾਲੀ ਭਾਜਪਾ ਸੰਵਿਧਾਨ ਵਿੱਚ ਛੇੜਛਾੜ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਦੂਜੇ ਪਾਸੇ ਭਾਜਪਾ ਪੰਜਾਬ ਦੇ ਆਗੂ ਬੁੱਤਾਂ ਦੀ ਰਾਖੀ ਕਰਨ ਦੀ ਗੱਲ ਆਖ ਰਹੇ ਹਨ। ਡਾ. ਕਰੀਮਪੁਰੀ ਨੇ ਕਿਹਾ ਕਿ ਸੂਬੇ ਵਿੱਚ ਲਗਾਤਾਰ ਡਾ. ਅੰਬੇਡਕਰ ਦੀਆਂ ਮੂਰਤੀਆਂ ਦਾ ਅਪਮਾਨ ਹੋ ਰਿਹਾ ਹੈ। ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੇ ਨਵ ਨਿਰਮਾਣ ਲਈ ਇਕ ਮੌਕਾ ਬਹੁਜਨ ਸਮਾਜ ਪਾਰਟੀ ਨੂੰ ਦੇਣ। ਇਸ ਮੌਕੇ ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਇੰਜ. ਜਸਵੰਤ, ਹਰਜਿੰਦਰ ਕਰੀਮਪੁਰੀ, ਤੀਰਥ ਰਾਜਪੁਰਾ, ਲਾਲ ਚੰਦ ਔਜਲਾ, ਖੁਸ਼ੀ ਰਾਮ, ਭਗਵਾਨ ਸਿੰਧੂ, ਹਰਭਜਨ ਬਲਾਲੋ, ਸੁਖਵਿੰਦਰ ਬਿੱਟੂ, ਜਗਦੀਸ਼ ਸ਼ੇਰਪੁਰੀ, ਸੁਸ਼ੀਲ ਬਿਰਦੀ, ਜਸਵਿੰਦਰ ਝੱਲੀ ਹਾਜ਼ਰ ਸਨ।
ਬਸਪਾ ਦੀ ਸਰਕਾਰ ਬਣਾਉਣੀ ਸਮੇਂ ਦੀ ਲੋੜ: ਕਰੀਮਪੁਰੀ
ਡਾ. ਅੰਬੇਡਕਰ ਦੇ 134ਵੇਂ ਜਨਮ ਦਿਨ ਮੌਕੇ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਾਬਾ ਸਾਹਿਬ ਦੇ ਸੁਫਨਿਆਂ ਦਾ ਭਾਰਤ ਬਣਾਉਣ ਲਈ ਦੇਸ਼ ਅੰਦਰ ਬਸਪਾ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਸਪਾ ਬਾਨੀ ਕਾਂਸ਼ੀ ਰਾਮ ਨੇ ਡਾ. ਅੰਬੇਡਕਰ ਦੇ ਅੰਦੋਲਨ ਨੂੰ ਅੱਗੇ ਤੋਰਨ ਲਈ ਬਹੁਜਨ ਸਮਾਜ ਪਾਰਟੀ ਦਾ ਸਿਆਸੀ ਮੰਚ ਤਿਆਰ ਕਰਕੇ ਦਿੱਤਾ। ਉਨ੍ਹਾਂ ਕਿਹਾ ਕਿ ਸਮੂਹ ਜਥੇਬੰਦੀਆਂ ਨੂੰ ਪਾਰਟੀ ਦੀ ‘ਪੰਜਾਬ ਸੰਭਾਲੋ’ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ 2027 ਵਿਚ ਦਿੱਲੀ ਵਾਂਗ ਪੰਜਾਬ ’ਚ ਵੀ ‘ਆਪ’ ਦਾ ਸਫ਼ਾਇਆ ਹੋ ਜਾਵੇਗਾ ਕਿਉਂਕਿ ਪੰਜਾਬ ਦੀ ਜਨਤਾ ਦਾ ‘ਆਪ’ ਦੇ ਬਦਲਾਅ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਬਸਪਾ ਨੂੰ ਮੌਕਾ ਜ਼ਰੂਰ ਦੇਣਗੇ।