ਈਡੀ ਦਫ਼ਤਰ ਦਾ ਘਿਰਾਓ ਕਰਨ ਜਾਂਦੇ ਕਾਂਗਰਸੀ ਆਗੂ ਹਿਰਾਸਤ ’ਚ ਲਏ

ਈਡੀ ਦਫ਼ਤਰ ਦਾ ਘਿਰਾਓ ਕਰਨ ਜਾਂਦੇ ਕਾਂਗਰਸੀ ਆਗੂ ਹਿਰਾਸਤ ’ਚ ਲਏ

ਚੰਡੀਗੜ੍ਹ : ਹਰਿਆਣਾ ਕਾਂਗਰਸ ਨੇ ਅੱਜ ਇੱਥੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ ਕਰਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸੂਬਾ ਪ੍ਰਧਾਨ ਚੌਧਰੀ ਉਦੈ ਭਾਨ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਸੈਕਟਰ-9 ਸਥਿਤ ਕਾਂਗਰਸ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹਰਿਆਣਾ ਕਾਂਗਰਸ ਦੇ ਆਗੂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸੈਕਟਰ-9 ਵਿਖੇ ਸਥਿਤ ਈਡੀ ਦਫ਼ਤਰ ਦਾ ਘਿਰਾਓ ਕਰਨ ਲਈ ਅੱਗੇ ਵਧਣ ਲੱਗੇ ਤਾਂ ਪੁਲੀਸ ਨੇ ਕੁਝ ਦੂਰੀ ’ਤੇ ਹੀ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿੱਚ ਖਿੱਚਧੂਹ ਹੋਈ। ਇਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਣੇ ਹੋਰਨਾਂ ਦਰਜਨਾਂ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਨੂੰ ਕਈ ਘੰਟੇ ਬਾਅਦ ਰਿਹਾਅ ਕਰ ਦਿੱਤਾ ਗਿਆ। ਇਸ ਦੌਰਾਨ ਸ੍ਰੀ ਹੁੱਡਾ ਨੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਆਪਣੀ ਰਾਜਸੀ ਕਿੜ ਕੱਢਣ ਲਈ ਵਿਰੋਧੀਆਂ ’ਤੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕੇਂਦਰ ਸਰਕਾਰ ਨੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵਿਰੁੱਧ ਕੇਸ ਦਰਜ ਕੀਤਾ ਹੈ। ਹਰਿਆਣਾ ਕਾਂਗਰਸ ਦੇ ਪ੍ਰਧਾਨ ਚੌਧਰੀ ਉਦੈ ਭਾਨ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਰਾਹੁਲ ਗਾਂਧੀ ਦੀ ਵੱਧ ਰਹੀ ਰਾਜਸੀ ਸਾਖ਼ ਤੋਂ ਘਬਰਾਈ ਹੋਈ ਹੈ, ਇਸੇ ਕਾਰਨ ਝੂਠੇ ਕੇਸ ਦਰਜ ਕਰਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਭਾਜਪਾ ਦੀਆਂ ਧੱਕੇਸ਼ਾਹੀਆਂ ਦਾ ਸੜਕ ਤੋਂ ਸੰਸਦ ਤੱਕ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਅਸ਼ੋਕ ਅਰੋੜਾ, ਰਘੁਬੀਰ ਕਾਦੀਆਨ, ਅਫ਼ਤਾਬ ਅਹਿਮਦ, ਗੀਤਾ ਭੁੱਕਲ, ਆਦਿੱਤਿਆ ਸੂਰਜੇਵਾਲਾ, ਸ਼ਕੁੰਤਲਾ ਖਟਕ, ਇੰਦੂਰਾਜ ਨਰਵਾਲ, ਸ਼ੀਸ਼ਪਾਲ ਕੇਹਰਵਾਲਾ, ਪੂਜਾ ਮੁਲਾਣਾ, ਬਲਰਾਮ ਦਾਂਗੀ, ਮੰਜੂ ਚੌਧਰੀ ਮੌਜੂਦ ਸਨ।

Share: